ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਦਾ ਡਿਪਟੀ ਕਮਿਸ਼ਨਰ ਨੇ ਖੇਤਾਂ ਵਿੱਚ ਜਾ ਕੇ ਵਧਾਇਆ ਹੌਸਲਾ
- ਕਿਸਾਨਾਂ ਨੂੰ ਵਾਤਾਵਰਣ ਸੰਭਾਲ ਵਿੱਚ ਵੀ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ , 4 ਨਵੰਬਰ 2024 - ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਅੱਜ ਸੁਲਤਾਨਪੁਰ ਲੋਧੀ ਹਲਕੇ ਦੇ ਪਿੰਡਾਂ ਦੇ ਖੇਤਾਂ ਵਿੱਚ ਜਾ ਕੇ ਪਰਾਲੀ ਦਾ ਖੇਤਾਂ ਵਿਚ ਹੀ ਨਿਪਟਾਰਾ ਕਰਨ ਵਾਲੇ ਕਿਸਾਨਾਂ ਦੀ ਹੌਸਲਾ ਅਫਜਾਈ ਕੀਤੀ ਗਈ । ਇਸ ਮੌਕੇ ਐਸ ਡੀ ਐਮ ਸੁਲਤਾਨਪੁਰ ਲੋਧੀ ਅਪਰਨਾ ਅਤੇ ਖੇਤੀਬਾੜੀ ਅਧਿਕਾਰੀ ਡਾ ਜਸਪਾਲ ਸਿੰਘ ਤੇ ਪਰਮਿੰਦਰ ਕੁਮਾਰ ਵੀ ਉਨਾਂ ਦੇ ਨਾਲ ਸਨ ।
ਉਹਨਾਂ ਵੱਲੋਂ ਸੁਲਤਾਨਪੁਰ ਲੋਧੀ ਦੇ ਪਿੰਡ ਸ਼ਾਲਾਪੁਰ ਬੇਟ ਵਿਖੇ ਕਿਸਾਨ ਸੁਰਜੀਤ ਸਿੰਘ ਨਾਲ ਮੁਲਾਕਾਤ ਕੀਤੀ ਜਿਸਨੇ 16 ਏਕੜ ਦੀ ਫਸਲ ਬਿਨਾਂ ਅੱਗ ਲਗਾਏ ਹੀ ਬੀਜੀ ਹੈ।
ਸੁਰਜੀਤ ਸਿੰਘ ਨੇ ਦੱਸਿਆ ਕਿ ਉਹ ਪਿਛਲੇ 7 ਸਾਲਾਂ ਤੋਂ ਪਰਾਲੀ ਨੂੰ ਅੱਗ ਲਾਉਣ ਤੋਂ ਬਿਨਾਂ ਹੀ ਆਲੂ ਅਤੇ ਕਣਕ ਦੀ ਫਸਲ ਬੀਜਦਾ ਹੈ। ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨਾਲ ਉਸਦਾ ਆਲੂ ਝੋਨਾ ਅਤੇ ਮੱਕੀ ਦਾ ਝਾੜ ਵਧਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ਤੇ ਮਸ਼ੀਨਰੀ ਸਬਸਿਡੀ ਉੱਪਰ ਦਿੱਤੀ ਗਈ ਹੈ ਤਾਂ ਜੋ ਕਿਸਾਨ ਵੀਰ ਪਰਾਲੀ ਦਾ ਖੇਤਾਂ ਵਿਚ ਹੀ ਨਿਪਟਾਰਾ ਕਰ ਸਕਣ । ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਅਨਾਜ ਵਿੱਚ ਦੇਸ਼ ਨੂੰ ਆਤਮ ਨਿਰਭਰ ਬਣਾਉਣ ਪਿੱਛੋਂ ਵਾਤਾਵਰਣ ਸੰਭਾਲ ਵਿੱਚ ਹੀ ਮੋਹਰੀ ਭੂਮਿਕਾ ਨਿਭਾਉਣ ।