ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 118 ਕਿਸਾਨਾਂ ਨੂੰ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕੀਤਾ ਸਨਮਾਨਤ
- ਵਾਤਾਵਰਣ ਨੂੰ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਗਾਂਹਵਧੂ ਕਿਸਾਨ ਜ਼ਿਲ੍ਹੇ ਦਾ ਮਾਣ-ਡਾ: ਸੋਨਾ ਥਿੰਦ
- ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਵਿੱਚ ਪਿਛਲੇ ਸਾਲ ਨਾਲੋਂ 75 ਫੀਸਦੀ ਦੀ ਆਈ ਕਮੀ
- ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਬੱਚਤ ਭਵਨ ਵਿਖੇ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਸਮਾਗਮ
ਫ਼ਤਹਿਗੜ੍ਹ ਸਾਹਿਬ, 12 ਨਵੰਬਰ 2024 - ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਅੱਜ ਬੱਚਤ ਭਵਨ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਜ਼ਿਲ੍ਹੇ ਦੇ 118 ਕਿਸਾਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਗਿਆ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕਰਵਾਏ ਇਸ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਤੇ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਖਾਤਮਾ ਕਰਨ ਸਬੰਧੀ ਗੱਲਬਾਤ ਵੀ ਕੀਤੀ।
ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਣ ਪ੍ਰਦੂਸ਼ਣ ਦਾ ਖਾਤਮਾ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਇਹ ਅਗਾਂਹਵਧੂ ਕਿਸਾਨ ਜ਼ਿਲ੍ਹੇ ਦਾ ਮਾਣ ਹਨ ਅਤੇ ਹੋਰਨਾਂ ਕਿਸਾਨਾਂ ਨੂੰ ਇਨ੍ਹਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਵਿੱਚ ਜੀਰੋ ਬਰਨਿੰਗ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਚਲਾਈ ਗਈ ਜਾਗਰੂਕਤਾ ਮੁਹਿੰਮ ਦਾ ਬਹੁਤ ਹੀ ਸਾਰਥਕ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲਾਂ ਨਾਲੋਂ ਇਸ ਸਾਲ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਲਗਭਗ 75 ਫੀਸਦੀ ਤੱਕ ਦੀ ਕਮੀ ਆਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਅੰਦਰ ਪਰਾਲੀ ਨੂੰ ਅੱਗ ਲਗਾਉਣ ਦੇ 800 ਮਾਮਲੇ ਸਾਹਮਣੇ ਆਏ ਸਨ ਜਦੋਂ ਕਿ ਇਸ ਸਾਲ ਅੱਜ ਤੱਕ 195 ਮਾਮਲੇ ਹੀ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਪ੍ਰਦੂਸ਼ਣ ਦਾ ਖਾਤਮਾ ਕਰਨ ਲਈ ਚਲਾਈ ਗਈ ਇਹ ਮੁਹਿੰਮ ਨਿਰੰਤਰ ਜਾਰੀ ਰਹੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਾਲਾਂ ਅੰਦਰ ਜ਼ਿਲ੍ਹੇ ਵਿੱਚੋਂ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਖਾਤਮਾ ਹੋ ਜਾਵੇਗਾ।
ਡਾ. ਸੋਨਾ ਥਿੰਦ ਨੇ ਕਿਹਾ ਕਿ ਵੱਧ ਰਿਹਾ ਵਾਤਾਵਰਣ ਪ੍ਰਦੂਸ਼ਣ ਸਾਡੇ ਸਾਰਿਆਂ ਲਈ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਜੇਕਰ ਅਸੀਂ ਆਪਣੀਆਂ ਨਸਲਾਂ ਤੇ ਫਸਲਾਂ ਬਚਾਉਣ ਲਈ ਹੁਣ ਤੋਂ ਹੀ ਸੁਚੇਤ ਨਾ ਹੋਏ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਸਾਡੇ ਲਈ ਇਹ ਇੱਕ ਅਤਿ ਸੰਵੇਦਨਸ਼ੀਲ ਮੁੱਦਾ ਹੈ ਕਿ ਜ਼ਿਲ੍ਹੇ ਦੇ ਪੰਜ ਬਲਾਕਾਂ ਅੰਦਰ ਧਰਤੀ ਹੇਠਲੇ ਪਾਣੀ ਦਾ ਪੱਧਰ ਬਹੁਤ ਹੀ ਨੀਚੇ ਚਲਾ ਗਿਆ ਹੈ। ਇਸ ਲਈ ਸਾਨੂੰ ਹੁਣ ਤੋਂ ਹੀ ਇਸ ਵੱਲ ਗੰਭੀਰਤਾ ਨਾਲ ਸੋਚਣਾ ਪਵੇਗਾ ਕਿਉਂਕਿ ਕੁਦਰਤ ਦੀ ਅਨਮੋਲ ਦਾਤ ਪਾਣੀ ਤੋਂ ਬਿਨਾਂ ਰਹਿਣਾ ਅਸੰਭਵ ਹੈ।
ਇਸ ਮੌਕੇ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਕਿਸਾਨਾਂ ਤੋਂ ਹੋਰਨਾ ਕਿਸਾਨਾਂ ਨੂੰ ਵੀ ਪ੍ਰੇਰਨਾ ਲੈਣੀ ਚਾਹੀਦੀ ਹੈ ਤਾਂ ਜੋ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਖਾਤਮਾ ਕੀਤਾ ਜਾ ਸਕੇ।
ਇਸ ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵਾਤਾਵਰਣ ਇੰਜਨੀਅਰ ਕਮਲ ਸਿੰਗਲਾ, ਮੁੱਖ ਖੇਤੀਬਾੜੀ ਅਫਸਰ ਡਾ: ਧਰਮਿੰਦਰਜੀਤ ਸਿੰਘ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਸ.ਡੀ.ਓ. ਪ੍ਰਿਤਪਾਲ ਕੌਰ, ਮਲਕੀਤ ਸਿੰਘ, ਸਨਤਪ੍ਰੀਤ ਸਿੰਘ, ਜੇ.ਈ. ਗੁਰਪਿੰਦਰ ਸਿੰਘ, ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਜਤਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜਰ ਸਨ।