ਮੀਟਿੰਗ ਦਾ ਦ੍ਰਿਸ਼
ਦੀਦਾਰ ਗੁਰਨਾ
ਰੂਪਨਗਰ, 19 ਸਤੰਬਰ 2025 : ਖਰੀਦ ਸੀਜ਼ਨ 2025-26 ਪੰਜਾਬ ਰਾਜ ਵਿੱਚ 16 ਸਤੰਬਰ ਤੋਂ ਸ਼ੁਰੂ ਹੋ ਚੁੱਕਾ ਹੈ , ਸੀਜ਼ਨ ਦੌਰਾਨ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਈ ਜਾਣ ਵਾਲੀ ਝੋਨੇ ਦੀ ਫਸਲ ਨੂੰ ਖਰੀਦਣ ਅਤੇ ਸਾਂਭ-ਸੰਭਾਲ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਮਿੰਨੀ ਸਕੱਤਰੇਤ, ਰੂਪਨਗਰ ਵਿਖੇ ਡਿਪਟੀ ਕਮਿਸ਼ਨਰ, ਰੂਪਨਗਰ, ਸ੍ਰੀ ਵਰਜੀਤ ਵਾਲੀਆ ਵੱਲੋਂ ਮੁੱਖ ਮੰਤਰੀ ਦਫ਼ਤਰ ਦੇ ਖੇਤਰੀ ਅਫ਼ਸਰ, ਜ਼ਿਲ੍ਹੇ ਦੇ ਸਮੂਹ ਉਪ-ਮੰਡਲ ਮੈਜਿਸਟ੍ਰੇਟਸ, ਜ਼ਿਲ੍ਹਾ ਕੰਟਰੋਲਰ, ਖੁਰਾਕ ਸਪਲਾਈਜ਼, ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਜ਼, ਮੁੱਖ ਖੇਤੀਬਾੜੀ ਅਫ਼ਸਰ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਨਾਲ ਮੀਟਿੰਗ ਕੀਤੀ ਗਈ
ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਕਿਸੇ ਵੀ ਮੰਡੀ ਵਿੱਚ ਅਜੇ ਤੱਕ ਝੋਨੇ ਦੀ ਆਮਦ ਨਹੀਂ ਹੋਈ ਹੈ , ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾ ਦੀ ਸੁਵੀਧਾ ਨੂੰ ਮੁੱਖ ਰੱਖਦੇ ਹੋਏ ਇਸ ਸਾਲ ਖਰੀਫ਼ ਸੀਜ਼ਨ 2025-26 ਪੰਜਾਬ ਰਾਜ ਵਿੱਚ 16 ਸਤੰਬਰ 2025 ਤੋਂ ਸੁ਼ਰੂ ਹੋ ਚੁੱਕਾ ਹੈ, ਜੋ ਕਿ 30.11.2025 ਤੱਕ ਮੁਕੰਮਲ ਕੀਤਾ ਜਾਵੇਗਾ, ਜਿਸ ਨਾਲ ਮੰਡੀਆਂ ਵਿੱਚ ਝੋਨੇ ਦੀ ਫਸਲ ਸਰਕਾਰੀ ਰੇਟ ਤੇ ਵੇਚਣ ਲਈ ਕਿਸਾਨਾ ਨੂੰ ਹੋਰ ਵਧੇਰੇ ਸਮਾਂ ਮਿਲ ਜਾਵੇਗਾ
ਉਨ੍ਹਾਂ ਦੱਸਿਆ ਕਿ ਖਰੀਫ਼ ਸੀਜ਼ਨ ਵਿੱਚ ਕਿਸਾਨਾ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਮੰਡੀਆਂ ਵਿੱਚ ਲਿਆਈ ਜਾਣ ਵਾਲੀ ਝੋਨੇ ਦੀ ਫਸਲ ਨੂੰ ਖਰੀਦਣ ਅਤੇ ਸਾਂਭ-ਸੰਭਾਲ ਲਈ ਪੰਜਾਬ ਸਰਕਾਰ ਵੱਲੋਂ ਪੁੱਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾ ਦੀ ਫਸਲ ਸਮੇਂ ਸਿਰ ਖਰੀਦ ਕਰਨ ਤੋਂ ਬਾਅਦ ਕਿਸਾਨਾ ਨੂੰ ਅਦਾਇਗੀ 48 ਘੰਟਿਆਂ ਦੇ ਅੰਤਰਾਲ ਵਿੱਚ ਹੀ ਕੀਤੀ ਜਾਵੇਗੀ , ਉਨ੍ਹਾਂ ਇਹ ਵੀ ਦੱਸਿਆ ਕਿ ਸੀਜ਼ਨ ਦੌਰਾਨ ਬਾਹਰਲੇ ਰਾਜਾਂ ਤੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਐਮ.ਐਸ.ਪੀ. ਤੇ ਝੋਨਾ ਵੇਚਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਠ ਇੰਟਰ-ਸਟੇਟ ਨਾਕੇ ਲਗਾਏ ਗਏ ਹਨ
ਉਨ੍ਹਾਂ ਦੱਸਿਆ ਕਿ ਇਸ ਸਾਲ ਸਰਕਾਰ ਵੱਲੋਂ ਝੋਨੇ ਦੀ ਖਰੀਦ ਦਾ ਕੰਮ ਅਨਾਜ ਖਰੀਦ ਪੋਰਟਲ ਰਾਹੀਂ ਚਿਹਰੇ ਦੀ ਪਛਾਣ ਕਰਨ ਭਾਵ ਫੇਸ ਅਥੈਂਟੀਕੇਸ਼ਨ ਰਾਹੀਂ ਕੀਤਾ ਜਾਵੇਗਾ , ਇਸ ਲਈ ਉਨ੍ਹਾਂ ਨੇ ਕਿਸਾਨਾ ਨੂੰ ਅਪੀਲ ਕੀਤੀ ਕਿ ਅਨਾਜ ਖਰੀਦ ਪੋਰਟਲ ਉੱਤੇ ਰਜਿਸਟਰੇਸ਼ਨ ਕਰਵਾ ਲਈ ਜਾਵੇ ਜਾਂ ਕਿਸਾਨ ਵੱਲੋਂ ਅਧਿਕਾਕਿਰਤ ਦੋ ਨੁਮਾਇੰਦਿਆਂ ਨੂੰ ਅਨਾਜ ਖਰੀਦ ਪੋਰਟਲ ਉੱਤੇ ਰਜਿਸਟਰੇਸ਼ਨ ਕਰਵਾ ਲਈ ਜਾਵੇ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਕਿਸਾਨਾ ਦੀ ਫਸਲ ਦਾ ਇਕੱਲਾ-ਇਕੱਲਾ ਦਾਣਾ ਖਰੀਦਣ ਲਈ ਵਚਨਬੱਧ ਹੈ , ਉਨ੍ਹਾ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਸਪੈਸੀਫਿਕੇਸ਼ਨਾਂ ਅਨੁਸਾਰ 17 ਪ੍ਰਤੀਸ਼ਤ ਨਮੀ ਤੱਕ ਵਾਲਾ ਝੋਨਾ ਹੀ ਮੰਡੀ ਵਿੱਚ ਫਸਲ ਸੁਕਾ ਕੇ ਲਿਆਂਦਾ ਜਾਵੇ ਤਾਂ ਜੋ ਫਸਲ ਦੀ ਬੋਲੀ ਸਮੇਂ ਸਿਰ ਲੱਗ ਸਕੇ ਅਤੇ ਕਿਸਾਨ ਬਿਨਾਂ ਕਿਸੇ ਦੇਰੀ ਤੋਂ ਆਪਣੀ ਫਸਲ ਦੀ ਕੀਮਤ ਵਸੂਲ ਸਕਣ
ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਜਿਨਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਪ੍ਰਬੰਧਨ ਕਰਨ ਨੂੰ ਤਰਜੀਹ ਦੇਣ, ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਬਿਮਾਰੀਆਂ ਲੱਗਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ ਅਤੇ ਜਿੱਥੇ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ , ਉਨ੍ਹਾਂ ਕਿਹਾ ਕਿ ਫ਼ਸਲੀ ਰਹਿੰਦ-ਖੂਹੰਦ ਦੇ ਯੋਗ ਪ੍ਰਬੰਧਨ ਨਾਲ ਫ਼ਸਲ ਦਾ ਝਾੜ ਵੀ ਵੱਧਦਾ ਹੈ ਅਤੇ ਕਿਸਾਨਾਂ ਨੂੰ ਬੇਲੋੜੀਆਂ ਖਾਦਾਂ ਦੀ ਵਰਤੋਂ ਨਹੀਂ ਕਰਨੀ ਪੈਂਦੀ