ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਪਿੰਡ ਪੰਡਰਾਲੀ ਵਿਖੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
ਦੀਦਾਰ ਗੁਰਨਾ
ਫ਼ਤਿਹਗੜ੍ਹ ਸਾਹਿਬ 25 ਜਨਵਰੀ 2025 : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮਨਰੇਗਾ ਕਾਨੂੰਨ ਵਿੱਚ ਤਬਦੀਲੀਆਂ ਕਰਕੇ ਗਰੀਬਾਂ ਅਤੇ ਮਜ਼ਦੂਰ ਵਰਗ ਦੇ ਹੱਕ ਖੋਹਣ ਦੀ ਸਾਜ਼ਿਸ਼ ਦੇ ਵਿਰੋਧ ਵਿੱਚ ਅੱਜ ਪਿੰਡ ਪੰਡਰਾਲੀ ਵਿਖੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਮਨਰੇਗਾ ਵਰਕਰਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕਰਦੇ ਹੋਏ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ , ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਮਨਰੇਗਾ ਗਰੀਬਾਂ ਲਈ ਰੋਜ਼ਗਾਰ ਦੀ ਗਾਰੰਟੀ ਹੈ, ਪਰ ਮੋਦੀ ਸਰਕਾਰ ਇਸ ਕਾਨੂੰਨ ਨੂੰ ਕਮਜ਼ੋਰ ਕਰਕੇ ਮਜ਼ਦੂਰਾਂ ਦੇ ਹੱਕ ਖਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਨਰੇਗਾ ਦੇ ਫੰਡ ਘਟਾਉਣ ਅਤੇ ਨਿਯਮਾਂ ਵਿੱਚ ਬਦਲਾਅ ਕਰਨਾ ਸਿੱਧਾ ਗਰੀਬ ਵਿਰੋਧੀ ਸੋਚ ਨੂੰ ਦਰਸਾਉਂਦਾ ਹੈ
ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਮਨਰੇਗਾ ਦੇ ਬਜਟ ‘ਚ ਲਗਾਤਾਰ ਕਟੌਤੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਪਿੰਡਾਂ ਵਿੱਚ ਰੋਜ਼ਗਾਰ ਦੇ ਮੌਕੇ ਘਟ ਰਹੇ ਹਨ ਅਤੇ ਮਜ਼ਦੂਰਾਂ ਨੂੰ ਸਮੇਂ ਸਿਰ ਮਜ਼ਦੂਰੀ ਵੀ ਨਹੀਂ ਮਿਲ ਰਹੀ। ਇਹ ਸਰਕਾਰ ਸਿਰਫ਼ ਆਪਣੇ ਚੁਣਿੰਦੇ ਅਮੀਰ ਦੋਸਤਾਂ ਨੂੰ ਫ਼ਾਇਦਾ ਪਹੁੰਚਾਉਣ ਲਈ ਗਰੀਬਾਂ ਦੇ ਹੱਕ ਮਾਰ ਰਹੀ ਹੈ ,ਸਾਬਕਾ ਵਿਧਾਇਕ ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਮਨਰੇਗਾ ਮਜ਼ਦੂਰਾਂ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ ਅਤੇ ਜੇ ਲੋੜ ਪਈ ਤਾਂ ਇਹ ਸੰਘਰਸ਼ ਪਿੰਡਾਂ ਤੋਂ ਲੈ ਕੇ ਦਿੱਲੀ ਤੱਕ ਲੈ ਜਾਇਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਮਜ਼ਦੂਰਾਂ ਦੇ ਹੱਕਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ
ਸ:ਨਾਗਰਾ ਨੇ ਕਿਹਾ ਕਿ ਜੇਕਰ ਮੋਦੀ ਸਰਕਾਰ ਨੇ ਮਨਰੇਗਾ ਕਾਨੂੰਨ ਨਾਲ ਛੇੜਛਾੜ ਕਰਨੀ ਬੰਦ ਨਾ ਕੀਤੀ ਤਾਂ ਕਾਂਗਰਸ ਪਾਰਟੀ ਅਤੇ ਮਜ਼ਦੂਰ ਵਰਗ ਸੜਕਾਂ ‘ਤੇ ਉਤਰ ਕੇ ਸੰਘਰਸ਼ ਨੂੰ ਹੋਰ ਤੇਜ਼ ਕਰੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਗਰੀਬਾਂ, ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਲੜਦੀ ਰਹੀ ਹੈ ਅਤੇ ਅੱਗੇ ਵੀ ਲੜਦੀ ਰਹੇਗੀ , ਇਸ ਪ੍ਰਦਰਸ਼ਨ ਦੌਰਾਨ ਮੋਦੀ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਕੇਂਦਰ ਸਰਕਾਰ ਤੋਂ ਮਨਰੇਗਾ ਕਾਨੂੰਨ ਨੂੰ ਜਿਵੇਂ ਦਾ ਤਿਵੇਂ ਬਰਕਰਾਰ ਰੱਖਣ ਦੀ ਮੰਗ ਕੀਤੀ ਗਈ।ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਸਾਬਕਾ ਚੇਅਰਮੈਨ ਬਲਜਿੰਦਰ ਸਿੰਘ ਅਤਾਪੁਰ, ਮਾਰਕਫੈਂਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲਾ, ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਬਧੌਛੀ,ਸਾਬਕਾ ਸਰਪੰਚ ਧਰਮਿੰਦਰ ਸਿੰਘ ਨਬੀਪੁਰ, ਹਰਵਿੰਦਰ ਸਿੰਘ ਲਟੋਰ ਤੇ ਪਿੰਡ ਵਾਸੀ ਤੇ ਮਨਰੇਗਾ ਵਰਕਰ ਹਾਜ਼ਰ ਸਨ