ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਨਗਰ ਨਿਗਮ ਦੀ ਮੁਹਿੰਮ ਤਹਿਤ ਲਾਰਵੀਸਾਈਡ ਸਪਰੇਅ
ਮੁਲਤਾਨੀਆਂ ਰੋਡ 'ਤੇ ਕੂੜੇ ਨੂੰ ਅੱਗ ਲਗਾਉਣ ਵਾਲਿਆਂ ਦੇ ਕੱਟੇ ਚਲਾਨ
ਅਸ਼ੋਕ ਵਰਮਾ
ਬਠਿੰਡਾ, 18 ਜੂਨ 2026 : ਪੰਜਾਬ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਕੈਬਿਨੇਟ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਦੀ ਰੋਕਥਾਮ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।ਨਗਰ ਨਿਗਮ ਕਮਿਸ਼ਨਰ ਲਵਜੀਤ ਕਲਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟੀਮਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ, ਰਿਹਾਇਸ਼ੀ ਇਲਾਕਿਆਂ, ਬਾਜ਼ਾਰਾਂ ਅਤੇ ਜਨਤਕ ਥਾਵਾਂ 'ਤੇ ਲਾਰਵੀਸਾਈਡ ਸਪਰੇਅ ਕੀਤੀ ਜਾ ਰਹੀ ਹੈ। ਇਸ ਕਾਰਵਾਈ ਦਾ ਮੁੱਖ ਮੰਤਵ ਮੱਛਰਾਂ ਦੇ ਲਾਰਵੇ ਨੂੰ ਨਸ਼ਟ ਕਰਕੇ ਉਨ੍ਹਾਂ ਦੇ ਪੈਦਾ ਹੋਣ ਦੀ ਪ੍ਰਕਿਰਿਆ ਨੂੰ ਰੋਕਣਾ ਹੈ, ਤਾਂ ਜੋ ਬਿਮਾਰੀਆਂ ਦੇ ਫੈਲਾਅ ਨੂੰ ਸ਼ੁਰੂਆਤੀ ਪੱਧਰ 'ਤੇ ਹੀ ਕਾਬੂ ਕੀਤਾ ਜਾ ਸਕੇ।
ਕਮਿਸ਼ਨਰ ਨੇ ਕਿਹਾ ਕਿ ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਦੀ ਰੋਕਥਾਮ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ, ਕੂਲਰਾਂ ਅਤੇ ਪਾਣੀ ਵਾਲੇ ਭਾਂਡਿਆਂ ਦੀ ਨਿਯਮਤ ਸਫ਼ਾਈ ਕਰਨ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ।
ਨਗਰ ਨਿਗਮ ਦੀ ਟੀਮ ਵੱਲੋਂ ਮੁਲਤਾਨੀਆਂ ਰੋਡ ਖੇਤਰ ਵਿੱਚ ਕੂੜੇ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਚਲਾਨ ਕੱਟੇ ਗਏ। ਨਗਰ ਨਿਗਮ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੂੜੇ ਨੂੰ ਸਾੜਨ ਦੀ ਬਜਾਏ ਸਫ਼ਾਈ ਕਰਮਚਾਰੀਆਂ ਨੂੰ ਹੀ ਸੌਂਪਣ ਤਾਂ ਜੋ ਉਸ ਦਾ ਸਹੀ ਢੰਗ ਨਾਲ ਨਿਪਟਾਰਾ ਕੀਤਾ ਜਾ ਸਕੇ। ਭਵਿੱਖ ਵਿੱਚ ਵੀ ਕੂੜਾ ਸਾੜਦੇ ਪਾਏ ਜਾਣ ਵਾਲਿਆਂ ਖ਼ਿਲਾਫ਼ ਚਲਾਨ ਅਤੇ ਹੋਰ ਬਣਦੀ ਕਾਨੂੰਨੀ ਕਾਰਵਾਈ ਜਾਰੀ ਰਹੇਗੀ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਸ਼ਹਿਰ ਵਾਸੀਆਂ ਦੀ ਸਿਹਤ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਹੋਰ ਤੇਜ਼ ਕੀਤੀ ਜਾਵੇਗੀ। ਸਾਂਝੇ ਯਤਨਾਂ ਅਤੇ ਜਾਗਰੂਕਤਾ ਰਾਹੀਂ ਹੀ ਸ਼ਹਿਰ ਨੂੰ ਡੇਂਗੂ, ਮਲੇਰੀਆ ਅਤੇ ਹੋਰ ਭਿਆਨਕ ਬਿਮਾਰੀਆਂ ਤੋਂ ਸੁਰੱਖਿਅਤ ਰੱਖਿਆ ਜਾ ਸਕਦਾ ਹੈ।