ਸਿਹਤ ਵਿਭਾਗ ਫਾਜਿਲਕਾ ਵੱਲੋਂ ਡੇਂਗੂ ਸਬੰਧੀ ਸਿਵਲ ਹਸਪਤਾਲ ਅਬੋਹਰ ਵਿਖੇ ਕੀਤਾ ਗਿਆ ਜਾਗਰੂਕਤਾ ਸਮਾਗਮ
- ਡੇਂਗੂ ਤੋਂ ਡਰਨ ਦੀ ਲੋੜ ਨਹੀਂ, ਕੁਝ ਸਾਵਧਾਨੀਆਂ ਵਰਤ ਕੇ ਡੇਂਗੂ ਤੋਂ ਬਚਿਆ ਜਾ ਸਕਦਾ ਹੈ: ਡਾ ਚੰਦਰ ਸ਼ੇਖਰ ਕੱਕੜ
- ਸਿਵਲ ਸਰਜਨ ਫਾਜਿਲਕਾ ਵੱਲੋਂ ਡੇਂਗੂ ਤੇ ਕੰਟਰੋਲ ਕਰਨ ਲਈ ਆਮ ਲੋਕਾਂ ਨੂੰ ਸਹਿਯੋਗ ਦੀ ਅਪੀਲ
ਫਾਜਿਲਕਾ 29 ਅਕਤੂਬਰ 2024 - ਸਿਹਤ ਮੰਤਰੀ ਪੰਜਾਬ ਡਾ ਬਲਵੀਰ ਸਿੰਘ ਵਲੋਂ ਪੰਜਾਬ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਅਧੀਨ ਸਿਹਤ ਵਿਭਾਗ ਵੱਲੋਂ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਵੱਖ ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਤਹਿਤ ਅੱਜ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਪ੍ਰਧਾਨਗੀ ਵਿੱਚ ਡੇਂਗੂ ਸਬੰਧੀ ਸਿਵਲ ਹਸਪਤਾਲ ਅਬੋਹਰ ਵਿਖੇ ਇੱਕ ਜਾਗਰੂਕਤਾ ਸਮਾਗਮ ਕੀਤਾ ਗਿਆ ਅਤੇ ਸਮੂਹ ਸਬੰਧਿਤ ਸਟਾਫ਼ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਸਮੇਂ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਨੀਰਜ਼ਾ ਗੁਪਤਾ ਸੀਨੀਅਰ ਮੈਡੀਕਲ ਅਫ਼ਸਰ, ਡਾ ਐਰਿਕ, ਵਿਨੋਦ ਖੁਰਾਣਾ, ਦਿਵੇਸ਼ ਕੁਮਾਰ, ਹਰਮੀਤ ਸਿੰਘ, ਟਹਿਲ ਸਿੰਘ, ਮਲੇਰੀਆਂ ਵਿੰਗ ਦਾ ਸਟਾਫ਼ ਨੇ ਭਾਗ ਲਿਆ।
ਡਾ ਕੱਕੜ ਨੇ ਸਮੂਹ ਸਟਾਫ਼ ਨੂੰ ਡੇਂਗੂ ਵਿਰੋਧੀ ਅਤੇ ਜਾਗਰੂਕਤਾ ਗਤੀਵਿੱਧੀਆਂ ਹੋਰ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਉਹਨਾਂ ਦੱਸਿਆ ਕਿ ਅੱਜ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਤਹਿਤ ਜਿਲ੍ਹਾ ਫਾਜਿਲਕਾ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਜਿਸ ਵਿਚ ਸਿਹਤ ਵਿਭਾਗ ਦੇ ਸਟਾਫ ਤੋਂ ਇਲਾਵਾ ਨਰਸਿੰਗ ਵਿਦਿਆਰਥੀ ਅਤੇ ਬਰੀਡਿੰਗ ਚੈਕਰ ਨੂੰ ਸ਼ਾਮਿਲ ਕੀਤਾ ਗਿਆ, ਵੱਖ ਵੱਖ ਗਤੀਵਿਧੀਆਂ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਬਹੁਤ ਜਰੂਰੀ ਹਨ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਸ਼ੁੱਕਰਵਾਰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਦੇ ਤੌਰ ਤੇ ਮਨਾਇਆ ਜਾਵੇ ਅਤੇ ਇਸ ਦਿਨ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿਚ ਲਿਆਂਦਾ ਜਾਵੇ ਤਾਂ ਜੋ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਰੋਜ਼ਾਨਾ ਘਰ ਘਰ ਅਤੇ ਜਨਤਕ ਥਾਵਾਂ ਤੇ ਜਾ ਕੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਾਣੀ ਖੜਨ ਵਾਲੇ ਸਰੋਤਾਂ ਵਿਚ ਐਂਟੀਲਾਰਵੀਅਲ ਸਪਰੇ ਦਾ ਛਿੜਕਾਅ ਕਰਕੇ ਲਾਰਵੇ ਨੂੰ ਨਸ਼ਟ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਆਪਣੇ ਘਰਾਂ ਅਤੇ ਘਰਾਂ ਦੇ ਆਲੇ ਦੁਆਲੇ ਪਾਣੀ ਜਮ੍ਹਾਂ ਨਾ ਹੋਣ ਦਿੱਤਾ ਜਾਵੇ।
ਉਹਨਾਂ ਕਿਹਾ ਕਿ ਜੇਕਰ ਕੋਈ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਇਲਾਜ ਕਰਵਾਇਆ ਜਾਵੇ।ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।
ਉਹਨਾ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਤੇ ਕੰਟਰੋਲ ਕਰਨ ਲਈ ਸਿਹਤ ਵਿਭਾਗ ਦਾ ਸਹਿਯੋਗ ਦਿੱਤਾ ਜਾਵੇ ਅਤੇ ਘਰ ਘਰ ਆਉਣ ਵਾਲੀਆਂ ਟੀਮਾਂ ਨੂੰ ਸਹਿਯੋਗ ਦਿੱਤਾ ਜਾਵੇ।