Lok sabha Elecations: ਗੁਰਦਾਸਪੁਰ 'ਚ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਹੋਈ
ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਰਹੇ ਹਾਜ਼ਰ
ਰੋਹਿਤ ਗੁਪਤਾ
ਗੁਰਦਾਸਪੁਰ, 2 ਮਈ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2024 ਵਿਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜ਼ੇਸਨ ਅੱਜ ਇੱਥੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਦੀ ਨਿਗਰਾਨੀ ਹੇਠ ਚੋਣ ਕਮਿਸ਼ਨ ਦੇ ਸਾਫ਼ਟਵੇਅਰ ਰਾਹੀਂ ਕੀਤੀ ਗਈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੁਭਾਸ਼ ਚੰਦਰ, ਐੱਸ.ਡੀ.ਐੱਮ. ਗੁਰਦਾਸਪੁਰ ਡਾ. ਕਰਮਜੀਤ ਸਿੰਘ, ਐੱਸ.ਡੀ.ਐੱਮ. ਕਲਾਨੌਰ ਸ੍ਰੀਮਤੀ ਜਯੋਤਸਨਾ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀ ਅਸ਼ਵਨੀ ਅਰੋੜਾ, ਚੋਣ ਤਹਿਸੀਲਦਾਰ ਸ. ਮਨਜਿੰਦਰ ਸਿੰਘ ਬਾਜਵਾ, ਜ਼ਿਲ੍ਹਾ ਸੂਚਨਾ ਅਫ਼ਸਰ ਸ੍ਰੀ ਸੋਨੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਹ ਸਾਰੀ ਪ੍ਰਕ੍ਰਿਆ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿਚ ਕੀਤੀ ਗਈ।
ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਵਿਚ ਕੁੱਲ 1553 ਪੋਲਿੰਗ ਬੂਥ ਹਨ ਅਤੇ ਇਸ ਲਈ ਅੱਜ ਸਾਰੇ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਰਾਹੀਂ ਅਲਾਟਮੈਂਟ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹਰੇਕ ਹਲਕੇ ਨੂੰ ਪੋਲਿੰਗ ਬੂਥਾਂ ਦੀ ਗਿਣਤੀ ਤੋਂ 120 ਫ਼ੀਸਦੀ ਬੈਲਟ ਯੂਨਿਟ (ਬੀਯੂ) ਅਤੇ ਕੰਟਰੋਲ ਯੂਨਿਟ (ਸੀਯੂ) ਅਤੇ 130 ਫ਼ੀਸਦੀ ਵੀਵੀਪੈਟ ਮਸ਼ੀਨਾਂ ਦਿੱਤੀਆਂ ਗਈਆਂ ਹਨ ਤਾਂ ਜੋ ਉਨ੍ਹਾਂ ਕੋਲ ਕਿਸੇ ਮਸ਼ੀਨ ਦੇ ਖ਼ਰਾਬ ਹੋਣ 'ਤੇ ਰਾਖਵਾਂ ਕੋਟਾ ਹੋਵੇ।
ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਅੱਜ ਰਾਜਨੀਤਿਕ ਪਾਰਟੀਆਂ ਦੀ ਹਾਜ਼ਰੀ ਵਿੱਚ ਈ.ਵੀ.ਐੱਮ. ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਕੀਤੀ ਗਈ ਹੈ ਅਤੇ ਅਗਲੀ ਰੈਂਡੇਮਾਇਜੇਸ਼ਨ ਚੋਣ ਅਬਜ਼ਰਵਰ ਸਾਹਿਬਾਨ ਦੇ ਆਉਣ 'ਤੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਲੋਕ ਸਭਾ ਪੂਰੇ ਆਜ਼ਾਦਾਨਾ ਅਤੇ ਸ਼ਾਂਤਮਈ ਮਾਹੌਲ ਵਿੱਚ ਨੇਪਰੇ ਚਾੜ੍ਹੀਆਂ ਜਾਣਗੀਆਂ।