ਏਡੀਸੀ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਰਕਾਰੀ ਦਫਤਰਾਂ ਵਿੱਚ ਮਾਣ-ਸਨਮਾਨ ਦੇਣ ਦੀ ਹਦਾਇਤ
ਅਸ਼ੋਕ ਵਰਮਾ
ਬਠਿੰਡਾ, 11 ਜੁਲਾਈ 2025 : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਰਿੰਦਰ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹੇ ਭਰ ਦੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਦਰਾਂ ਕੀਤਾ। ਇਸ ਮੌਕੇ ਉਨ੍ਹਾਂ ਪਰਿਵਾਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਤਰ੍ਹਾਂ ਦੀ ਸੰਭਵ ਮਦਦ ਕਰਨ ਦਾ ਭਰੋਸਾ ਵੀ ਦਿਵਾਇਆ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸਾਸਨ ਵੱਲੋਂ ਅਜ਼ਾਦੀ ਘੁਲਾਟੀਆਂ ਦੇ ਪਿੰਡਾਂ ਵਿਚ ਲੱਗਣ ਵਾਲੇ ਯਾਦਗਾਰੀ ਪੱਥਰ ਤੁਰੰਤ ਲਗਾਏ ਜਾਣਗੇ ਅਤੇ ਗਲਤ ਥਾਵਾਂ ‘ਤੇ ਲੱਗੇ ਪੱਥਰਾਂ ਨੂੰ ਢੁਕਵਾਂ ਸਥਾਨ ਮਿਲੇਗਾ। ਅਜ਼ਾਦੀ ਘੁਲਾਟੀਆਂ ਦੇ ਵਾਰਸਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਮਾਨ-ਸਨਮਾਨ ਦੇਣ ਲਈ ਤੁਰੰਤ ਹੀ ਇਕ ਪੱਤਰ ਸਾਰਿਆਂ ਵਿਭਾਗਾਂ ਨੂੰ ਜਾਰੀ ਕੀਤਾ ਜਾਵੇਗਾ।
ਮੀਟਿੰਗ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਘੁਲਾਟੀਆਂ ਦੇ ਅਣਵਿਆਹੇ ਆਸ਼ਰਿਤਾਂ ਨੂੰ ਪੈਨਸ਼ਨ ਲਾਗੂ ਕਰਵਾਉਣ ਲਈ ਬੈਂਕਾਂ ਨਾਲ ਮੀਟਿੰਗਾਂ ਕਰਕੇ ਇਸ ਸਮੱਸਿਆਂ ਦਾ ਵੀ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਪੀ.ਐਸ.ਪੀ.ਸੀ.ਐਲ. ਵਿਭਾਗ ਵਲੋਂ ਅਜ਼ਾਦੀ ਘੁਲਾਟੀਆਂ ਨੂੰ ਮਿਲਣ ਵਾਲੀਆਂ ਸਾਰੀਆਂ ਸੁੱਖ ਸਹੂਲਤਾਂ ਦੇਣ ਲਈ ਕਿਹਾ।
ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੱਗੇ ਆਜ਼ਾਦੀ ਘੁਲਾਟੀਆਂ ਦੀਆਂ ਤਸਵੀਰਾਂ ਨੂੰ ਸ਼ੀਸ਼ੇ ਨਾਲ ਕਵਰ ਕਰਨ। ਇਸ ਤੋਂ ਇਲਾਵਾ ਸਰਕਾਰੀ ਦਫ਼ਤਰਾਂ ਵਿਚ ਪਾਰਕਿੰਗ ਤੋਂ ਅਜ਼ਾਦੀ ਘੁਲਾਟੀਆਂ ਦੇ ਵਾਰਸਾਂ ਨੂੰ ਛੋਟ ਦਿਵਾਉਣ ਲਈ ਵੀ ਚਾਰਾਜੋਈ ਕੀਤੀ ਜਾਵੇਗੀ। ਫਰੀਡਮ ਫਾਈਟਰਾਂ ਦੇ ਵਾਰਸਾਂ ਨੂੰ ਚੌਥੀ ਪੀੜ੍ਹੀ ਵਾਸਤੇ ਸਹੂਲਤਾਂ ਲਈ ਵੀ ਸੰਸਥਾ ਵੱਲੋਂ ਵਿਚਾਰਾਂ ਕੀਤੀਆਂ ਗਈਆਂ।
ਮੀਟਿੰਗ ਦੌਰਾਨ ਸੂਬਾ ਜਨਰਲ ਸਕੱਤਰ ਸ਼੍ਰੀ ਰਵਿੰਦਰ ਸਿੰਘ ਨੰਗਲਾ, ਸੀਨੀਅਰ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ, ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਲੋਟ, ਸ਼੍ਰੀ ਪੰਕਜ਼ ਕੁਮਾਰ ਲੇਖਕ, ਗੁਰਜੀਵਨ ਸਿੰਘ ਬਰਾੜ, ਸੁਖਮੰਦਰ ਸਿੰਘ, ਜਲਾਲ ਸਿੰਘ ਫੂਲ, ਯੁੱਧਵੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਜ਼ਾਦੀ ਘੁਲਾਟੀਆਂ ਦੇ ਵਾਰਸ ਆਦਿ ਹਾਜ਼ਰ ਸਨ।