ਪਰਾਲੀ ਨਾ ਸਾੜ ਕੇ ਵਾਤਾਵਰਣ ਤੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਚਾਇਆ ਜਾਵੇ: ਡਿਪਟੀ ਕਮਿਸ਼ਨਰ
ਜ਼ਿਲ੍ਹੇ ‘ਚ 105 ਵਿਲੇਜ ਨੋਡਲ ਅਫ਼ਸਰ ਅਤੇ 44 ਕਲਸਟਰ ਅਫ਼ਸਰ ਤਾਇਨਾਤ, ਪਿੰਡਾਂ ‘ਚ ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਰੱਖਣਗੇ ਨਜ਼ਰ
ਪੁਲਿਸ ਅਧਿਕਾਰੀਆਂ ਨੂੰ ਪਿੰਡਾਂ ‘ਚ ਗਸ਼ਤ ਵਧਾਉਣ ਦੇ ਨਿਰਦੇਸ਼
ਫਸਲਾਂ ਦੀ ਰਹਿੰਦ-ਖੂਹੰਦ ਦੇ ਸੁਚੱਜੇ ਪ੍ਰਬੰਧਨ ਲਈ ਮਸ਼ੀਨਾਂ ਦੀ ਵਰਤੋਂ ਯਕੀਨੀ ਬਣਾਉਣ ਦੀ ਹਦਾਇਤ
ਪ੍ਰਮੋਦ ਭਾਰਤੀ
ਨਵਾਂਸ਼ਹਿਰ 18 ਸਤੰਬਰ,2025
ਜ਼ਿਲ੍ਹੇ ਵਿੱਚ ਸ਼ੁਰੂ ਹੋਈ ਝੋਨੇ ਦੀ ਕਟਾਈ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਦੇ ਰੁਝਾਨ ਨੂੰ ਤਿਆਗਨਾ ਸਮੇਂ ਦੀ ਮੁੱਖ ਮੰਗ ਹੈ ਜਿਸ ਨਾਲ ਵਾਤਾਵਰਣ ਦੀ ਸਾਂਭ ਸੰਭਾਲ ਦੇ ਨਾਲ-ਨਾਲ ਮਨੁੱਖੀ ਸਿਹਤ ‘ਤੇ ਪੈਂਦੇ ਮਾੜੇ ਪ੍ਰਭਾਵ ਤੋਂ ਵੀ ਬਚਿਆ ਜਾ ਸਕਦਾ ਹੈ।
ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਰਾਲੀ ਸਾੜਨ ਦੇ ਰੁਝਾਨ ਦੀ ਰੋਕਥਾਮ ਲਈ ਅਹਿਮ ਵਿਚਾਰਾਂ ਕਰਦਿਆਂ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਕਿਹਾ ਕਿ ਪਰਾਲੀ ਨਾ ਸਾੜ ਕੇ ਖੇਤਾਂ ਦੀ ਉਪਜਾਊ ਸ਼ਕਤੀ, ਮਿੱਟੀ ਦੀ ਸਿਹਤ, ਮਿੱਤਰ ਕੀੜਿਆਂ ਨੂੰ ਬਚਾਉਣ ਦੇ ਨਾਲ-ਨਾਲ ਕੁਦਰਤੀ ਵਸੀਲਿਆਂ ਦੀ ਸੁਚੱਜੀ ਸੰਭਾਲ ਯਕੀਨੀ ਬਣਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 105 ਵਿਲੇਜ ਨੋਡਲ ਅਫ਼ਸਰ ਅਤੇ 44 ਕਲਸਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ ਜਿਹੜੇ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ‘ਤੇ ਨਜ਼ਰ ਰੱਖਦਿਆਂ ਤੁਰੰਤ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਉਣਗੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਬਹੁਤ ਘੱਟ ਮਾਮਲੇ ਸਾਹਮਣੇ ਆਏ ਸਨ ਜਿਸ ਲੜੀ ਨੂੰ ਅੱਗੇ ਤੋਰਦਿਆਂ ਖਰੀਫ਼ ਸੀਜਨ 2025-26 ਦੌਰਾਨ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਜ਼ੀਰੋ ਟੀਚਾ ਮਿਥਿਆ ਗਿਆ ਹੈ ਜੋ ਕਿ ਜਾਗਰੂਕਤਾ ਅਤੇ ਕਿਸਾਨਾਂ ਦੇ ਸਹਿਯੋਗ ਨਾਲ ਸਰ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਅਜਿਹੇ ਮਾਮਲੇ ਰਿਪੋਰਟ ਹੋਣ ‘ਤੇ ਸਬੰਧਤ ਡੀ.ਐਸ.ਪੀਜ਼ ਨਾਲ ਤਾਲਮੇਲ ਕਰਕੇ ਅਗਲੀ ਕਾਰਵਾਈ ਕਰਨਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸੈਟੇਲਾਈਟ ਕਾਰਜਸ਼ੀਲ ਹੋ ਚੁੱਕੇ ਹਨ ਅਤੇ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਦੀ ਸੂਚਨਾ ਨਾਲੋ-ਨਾਲ ਸਬੰਧਤ ਅਧਿਕਾਰੀਆਂ ਨੂੰ ਮਿਲੇਗੀ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ਬਾਰੇ ਰੋਜ਼ਾਨਾ ਐਕਸ਼ਨ ਟੇਕਨ ਰਿਪੋਰਟ ਦਾਖਲ ਕੀਤੀ ਜਾਵੇਗੀ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿੱਚ ਗਸ਼ਤ ਵਧਾਈ ਜਾਵੇ ਤਾਂ ਜੋ ਖੇਤਾਂ ਵਿੱਚ ਅੱਗ ਲਾਉਣ ਦੇ ਮਾਮਲਿਆਂ ਵਿੱਚ ਨਜ਼ਰ ਰੱਖੀ ਜਾ ਸਕੇ।
ਐਸ.ਡੀ.ਐਮਜ਼ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਪਿੰਡਾਂ ਵਿੱਚ ਦਿੱਤੀਆਂ ਮਸ਼ੀਨਾਂ ਦੀ ਸਥਿਤੀ ਜਾਨਣ ਦੇ ਨਿਰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਇਨ–ਸੀਟੂ ਅਤੇ ਐਕਸ-ਸੀਟੂ ਪ੍ਰਬੰਧਨ ਲਈ ਦਿੱਤੀਆਂ ਗਈ ਮਸ਼ੀਨਾਂ ਨੂੰ ਪਿੰਡਾਂ ਵਿੱਚ ਕਾਰਜਸ਼ੀਲ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਪਰਾਲੀ ਦਾ ਸੁਚੱਜਾ ਪ੍ਰਬੰਧਨ ਹੋ ਸਕੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਪਰਾਲੀ ਸਾੜਨ ਨਾਲ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇੱਟਾਂ ਭੱਠਿਆਂ ‘ਤੇ ਘੱਟੋ-ਘੱਟ 20 ਫੀਸਦੀ ਪਰਾਲੀ ਦੇ ਪੈਲੇਟ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਹਿਕਾਰੀ ਸਭਾਵਾ ਵਿੱਚ ਪਰਾਲੀ ਪ੍ਰਬੰਧਨ ਦੀਆਂ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਤਾਂ ਬਣਦਾ ਜੁਰਮਾਨਾ ਲਾਉਣ ਦੇ ਨਾਲ-ਨਾਲ ਨਿਰਧਾਰਤ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਕੇਵਲ 18 ਮਾਮਲੇ ਦਰਜ ਹੋਏ ਸਨ ਅਤੇ ਕਿਸਾਨਾਂ ਦੇ ਸਹਿਯੋਗ ਨਾਲ ਇਸ ਸਾਲ ਇਹ ਗਿਣਤੀ ਸਿਫਰ ‘ਤੇ ਲਿਆਂਦੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ, ਬਲਾਚੌਰ ਦੇ ਐਸ.ਡੀ.ਐਮ. ਕ੍ਰਿਤਿਕਾ ਗੋਇਲ, ਐਸ.ਪੀ.(ਡੀ) ਸਰਬਜੀਤ ਸਿੰਘ ਬਾਹੀਆ, ਐਸ.ਡੀ.ਐਮ. ਅਨਮਜਯੋਤ ਕੌਰ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।