ਕੈਬਨਿਟ ਮੰਤਰੀ ਚੀਮਾ ਨੇ ਮੋਹਿੰਦਰ ਸਿੰਘ ਕੇ.ਪੀ. ਦੇ ਪੁੱਤਰ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਕਿਹਾ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ
ਜਲੰਧਰ, 18 ਸਤੰਬਰ 2025: ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਮੰਤਰੀ ਮੋਹਿੰਦਰ ਸਿੰਘ ਕੇ.ਪੀ. ਦੇ ਪੁੱਤਰ ਰਿਚੀ ਕੇ.ਪੀ. ਦੀ ਬੇਵਕਤੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਅੱਜ ਇਥੇ ਮਾਡਲ ਟਾਊਨ ਸਥਿਤ ਸਾਬਕਾ ਸੰਸਦ ਮੈਂਬਰ ਮੋਹਿੰਦਰ ਸਿੰਘ ਕੇ.ਪੀ. ਦੀ ਰਿਹਾਇਸ਼ ਵਿਖੇ ਪਹੁੰਚ ਕੇ ਕੈਬਨਿਟ ਮੰਤਰੀ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰਕ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ ਅਤੇ ਪ੍ਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨ ਪੁੱਤਰ ਦੇ ਇਸ ਤਰ੍ਹਾਂ ਵਿਛੋੜਾ ਦੇ ਜਾਣ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਪ੍ਰਮਾਤਮਾ ਪਰਿਵਾਰ ਨੂੰ ਇਸ ਅਸਹਿ ਦੁੱਖ ਨੂੰ ਸਹਿਣ ਕਰਨ ਦੀ ਤਾਕਤ ਬਖਸ਼ੇ।
ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਪਰਿਵਾਰ ਦੇ ਨਾਲ ਖੜ੍ਹੀ ਹੈ। ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦਾ ਭਰੋਸਾ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੁਲਿਸ ਵੱਲੋਂ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਸ ਮੌਕੇ ਚੇਅਰਮੈਨ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ ਅਤੇ ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਸਾਬਕਾ ਸੰਸਦ ਮੈਂਬਰ ਮੋਹਿੰਦਰ ਸਿੰਘ ਕੇ.ਪੀ. ਦੇ ਪੁੱਤਰ ਰਿਚੀ ਕੇਪੀ ਦੀ ਬੀਤੇ ਦਿਨੀਂ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ।