ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਵਿਸ਼ੇਸ਼ ਸਹਿਯੋਗ ਨਾਲ ‘ਮਿਸ਼ਨ ਸਤਲੁਜ ਪਟਿਆਲਾ’ ਵੱਲੋਂ ਮੁਫ਼ਤ ਮੈਡੀਕਲ ਕੈਂਪ ਦਾ ਸਫਲ ਆਯੋਜਨ
ਪਟਿਆਲਾ 18 ਜੂਨ
ਇਲਾਕੇ ਦੇ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਵਿਸ਼ੇਸ਼ ਸਹਿਯੋਗ ਨਾਲ ‘ਮਿਸ਼ਨ ਸਤਲੁਜ ਪਟਿਆਲਾ’ ਵੱਲੋਂ ਇੱਕ ਰੋਜ਼ਾ ਮੁਫ਼ਤ ਮੈਡੀਕਲ ਕੈਂਪ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ, ਜਿਨ੍ਹਾਂ ਵਿੱਚੋਂ ਲਗਭਗ 272 ਪੁਰਸ਼ਾਂ ਅਤੇ ਇਸਤਰੀਆਂ ਨੇ ਆਪਣੀ ਸਿਹਤ ਦੀ ਜਾਂਚ ਕਰਵਾਈ। ਇਸ ਮੌਕੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ।
ਕੈਂਪ ਦੇ ਮੁੱਖ ਪ੍ਰਬੰਧਕ ਅਤੇ ਪਟਿਆਲਾ ਦਿਹਾਤੀ ਹਲਕੇ ਤੋਂ ਮਿਸ਼ਨ ਸਤਲੁਜ ਪਟਿਆਲਾ ਦੇ ਉਮੀਦਵਾਰ ਐਡਵੋਕੇਟ ਮਨਜੀਤ ਸਿੰਘ ਚਾਹਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਲਗਾਉਣ ਦਾ ਮੁੱਖ ਮੰਤਵ ਸਮਾਜ ਦੇ ਗਰੀਬ ਅਤੇ ਲੋੜਵੰਦ ਵਰਗ ਤੱਕ ਮਿਆਰੀ ਸਿਹਤ ਸੇਵਾਵਾਂ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਮਿਸ਼ਨ ਸਤਲੁਜ ਪਟਿਆਲਾ ਹਮੇਸ਼ਾ ਹੀ ਲੋਕ ਭਲਾਈ ਦੇ ਕਾਰਜਾਂ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਉਪਰਾਲੇ ਜਾਰੀ ਰਹਿਣਗੇ।
ਇਸ ਮੌਕੇ ਸਨੌਰ ਹਲਕੇ ਤੋਂ ਮਿਸ਼ਨ ਸਤਲੁਜ ਪਟਿਆਲਾ ਦੇ ਉਮੀਦਵਾਰ ਬੀਬੀ ਜਸਮੀਤ ਕੌਰ ਸੀਨਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਉਨ੍ਹਾਂ ਇਸ ਸਮਾਜ ਸੇਵੀ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੈ।
ਧਾਰਮਿਕ ਅਤੇ ਸਮਾਜਿਕ ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਤਾਰੂ ਸਿੰਘ ਅਤੇ ਸ. ਦਰਸ਼ਨ ਸਿੰਘ ਰਣੀਆਂ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ ਅਤੇ ਮਨੁੱਖਤਾ ਦੀ ਸੇਵਾ ਨੂੰ ਸਰਬੋਤਮ ਸੇਵਾ ਕਰਾਰ ਦਿੱਤਾ।
ਕੈਂਪ ਨੂੰ ਸਫਲ ਬਣਾਉਣ ਵਿੱਚ ਸ. ਨਰਿੰਦਰ ਸਿੰਘ, ਸ. ਜਗਰੂਪ ਸਿੰਘ ਚੀਮਾ, ਸ. ਮਲਾਗਰ ਸਿੰਘ, ਸ. ਅਮਰੀਕ ਸਿੰਘ ਚਾਹਲ, ਸ. ਪ੍ਰਗਟ ਸਿੰਘ, ਸ. ਜਸਵੰਤ ਸਿੰਘ ਨਾਗਰਾ, ਸ. ਜਗਜੀਤ ਸਿੰਘ ਮੱਤੀ, ਸ. ਸੁਖਵੀਰ ਸਿੰਘ ਖਰੌੜ, ਸ. ਨਰਿੰਦਰ ਸਿੰਘ ਕਾਲਾਚਾੜ੍ਹ, ਸ. ਸੰਤ ਸਿੰਘ, ਸ. ਉੱਤਮ ਸਿੰਘ, ਬਾਬਾ ਗੁਰਬਾਸ਼ ਸਿੰਘ, ਸ. ਬਿੱਕਰ ਸਿੰਘ ਅਤੇ ਸ. ਅਜੈਬ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਦਿਆਂ ਪ੍ਰਬੰਧਾਂ ਵਿੱਚ ਅਹਿਮ ਯੋਗਦਾਨ ਪਾਇਆ।
ਆਗੂਆਂ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਮਹਿੰਗੀਆਂ ਸਿਹਤ ਸਹੂਲਤਾਂ ਕਾਰਨ ਆਮ ਲੋਕਾਂ ਲਈ ਇਲਾਜ ਕਰਵਾਉਣਾ ਮੁਸ਼ਕਲ ਹੁੰਦਾ ਜਾ ਰਿਹਾ ਹੈ। ਅਜਿਹੇ ਹਾਲਾਤਾਂ ਵਿੱਚ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਉਪਰਾਲੇ ਬੇਹੱਦ ਸ਼ਲਾਘਾਯੋਗ ਹਨ।
ਅਖੀਰ ਵਿੱਚ ਪ੍ਰਬੰਧਕਾਂ ਵੱਲੋਂ ਕੈਂਪ ਵਿੱਚ ਸ਼ਮੂਲੀਅਤ ਕਰਨ ਵਾਲੇ ਸਮੂਹ ਪਤਵੰਤੇ ਸੱਜਣਾਂ, ਸੰਗਤਾਂ ਅਤੇ ਡਾਕਟਰਾਂ ਦੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
- Download Babushahi App
-
-