ਡੀ. ਜੀ. ਪੀ ਨੂੰ ‘ਗੁਰੂ ਤੇਗ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ’ ਕੌਫੀ ਟੇਬਲ ਬੁੱਕ ਭੇਟ
ਰਾਜਿੰਦਰ ਕੁਮਾਰ
ਨਵਾਂਸ਼ਹਿਰ, 8 ਅਗਸਤ, 2021 : ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੇ ਆਪਣੇ ਦੁਆਰਾ ਸੰਕਲਿਤ ‘ਗੁਰੂ ਤੇਗ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ’ ਕੌਫੀ ਟੇਬਲ ਬੁੱਕ ਜ਼ਿਲ੍ਹਾ ਪੁਲਿਸ ਕੰਪਲੈਕਸ ਵਿਖੇ ਡੀ. ਜੀ. ਪੀ ਪੰਜਾਬ ਦਿਨਕਰ ਗੁਪਤਾ ਨੂੰ ਭੇਟ ਕੀਤੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਸ ਕਿਤਾਬ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜਨਮ ਤੋਂ ਸ਼ਹਾਦਤ ਤੱਕ ਦੀ ਪਵਿੱਤਰ ਯਾਤਰਾ ਨੂੰ ਬਾਖੂਬੀ ਪ੍ਰਕਾਸ਼ਮਾਨ ਕੀਤਾ ਗਿਆ ਹੈ। ਡੀ. ਜੀ. ਪੀ ਦਿਨਕਰ ਗੁਪਤਾ ਨੇ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਦੇ ਸੁਹਿਰਦ ਯਤਨਾਂ ਦੀ ਸ਼ਲਾਘਾ ਕੀਤੀ, ਜਿਹਨਾਂ ਵੱਲੋਂ ਇਸ ਪਵਿੱਤਰ ਕਾਰਜ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਮਰਪਿਤ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਅਤੇ ਦਰਸ਼ਨ ਅਜੋਕੇ ਸਮਿਆਂ ਵਿਚ ਬੇਹੱਦ ਸਾਰਥਕ ਹਨ, ਜਿਹਨਾਂ ਨੇ ਸ਼ਾਂਤੀ ਅਤੇ ਸਰਵਵਿਆਪੀ ਭਾਈਚਾਰੇ ਦਾ ਸੰਦੇਸ਼ ਫੈਲਾਇਆ। ਇਸ ਮੌਕੇ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਉਨਾਂ ਨੇ ਇਹ ਕੌਫੀ ਟੇਬਲ ਬੁੱਕ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਜੀਵਨ ਯਾਤਰਾ ਅਤੇ ਉਨਾਂ ਦੀ ਚਰਨ ਛੋਹ ਪ੍ਰਾਪਤ ਅਸਥਾਨਾਂ ਨੂੰ ਰੂਪਮਾਨ ਕਰਨ ਦੇ ਉਦੇਸ਼ ਨਾਲ ਤਿਆਰ ਕੀਤਾ ਹੈ। ਇਸ ਮੌਕੇ ਆਈ. ਜੀ ਲੁਧਿਆਣਾ ਰੇਂਜ ਨੌਨਿਹਾਲ ਸਿੰਘ, ਐਸ. ਐਸ. ਪੀ ਅਲਕਾ ਮੀਨਾ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।