ਪਰਵਾਸੀ ਲੇਖਕਾਂ ਦਾ ਰਚਿਆ ਸਾਹਿਤ ਗਲੋਬਲ ਸਰੋਕਾਰਾਂ ਦੀ ਨਿਸ਼ਾਨਦੇਹੀ ਕਰਨ ਦੇ ਸਮਰੱਥ- ਡਾ: ਲਖਵਿੰਦਰ ਜੌਹਲ
ਲੁਧਿਆਣਾ: 28 ਸਤੰਬਰ 2021 - ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਅਨ ਕੇਂਦਰ ਵੱਲੋਂ ਅੱਜ ਤ੍ਰੈਮਾਸਿਕ ਪੱਤ੍ਰਿਕਾ ‘ਪਰਵਾਸ’ ਦਾ ਚੌਦਵਾਂ ਅੰਕ ਰਲੀਜ਼ ਕੀਤਾ ਗਿਆ।
ਇਸ ਸਮਾਗਮ ਵਿਚ ਡਾ. ਲਖਵਿੰਦਰ ਸਿੰਘ ਜੋਹਲ ਸਕੱਤਰ ਜਨਰਲ ਪੰਜਾਬ ਕਲਾ ਪ੍ਰੀਸ਼ਦ, ਸਾਹਿਤਕਾਰ ਸੁਰਿੰਦਰ ਸਿੰਘ ਸੁੱਨੜ ਕੈਲੇਫੋਰਨੀਆ ਤੇ ਪ੍ਰੋ. ਗੁਰਭਜਨ ਗਿੱਲ ਪ੍ਰਧਾਨ ਲੋਕ ਵਿਰਾਸਤ ਅਕੈਡਮੀ ਲੁਧਿਆਣਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ।
ਪ੍ਰੋਗਰਾਮ ਦੇ ਆਰੰਭ ਵਿਚ ਡਾ. ਸ. ਪ. ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਪ੍ਰਧਾਨ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨ ਕੌਂਸਲ, ਲੁਧਿਆਣਾ ਨੇ ਮਹਿਮਾਨਾਂ ਦਾ ਰਸਮੀ ਤੌਰ ’ਤੇ ਸੁਆਗਤ ਕੀਤਾ ਤੇ ਪਰਵਾਸ ਦੇ ਇਸ ਅੰਕ ਵਿਚ ਛਪੇ ਪਰਵਾਸੀ ਲੇਖਕਾਂ ਤੇ ਸਾਹਿਤਕ ਸਰਗਰਮੀਆਂ ਬਾਰੇ ਜਾਣਕਾਰੀ ਦਿੱਤੀ।
ਡਾ. ਲਖਵਿੰਦਰ ਜੌਹਲ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਪਰਵਾਸੀ ਲੇਖਕ ਅੱਜ ਗਲੋਬਲ ਸਰੋਕਾਰਾਂ ਨੂੰ ਪੇਸ਼ ਕਰਨ ਦੇ ਸਮਰੱਥ ਹਨ।
ਪਰਵਾਸੀ ਸਾਹਿੱਤ ਅੱਜ ਪੰਜਾਬੀ ਸਾਹਿਤ ਦੀ ਮੁੱਖ ਧਾਰਾ ਦੇ ਸਾਹਿਤ ਦਾ ਮਹੱਤਵਪੂਰਨ ਅੰਗ ਬਣ ਚੁੱਕਾ ਹੈ ਉਨਾਂ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਜਿਸ ਸ਼ਿੱਦਤ ਨਾਲ ਭਾਰਤੀ ਪੰਜਾਬੀਆਂ ਨੇ ਮਹਿਸੂਸ ਕੀਤਾ ’ਤੇ ਹੰਢਾਇਆ ਉਸੇ ਤਰ੍ਹਾਂ ਹੀ ਪਰਵਾਸੀ ਪੰਜਾਬੀ ਲੇਖਕਾਂ ਦੀਆਂ ਰਚਨਾਵਾਂ ਵਿਚੋਂ ਵੀ ਉਹ ਭਾਵਨਾ ਪ੍ਰਤੱਖ ਤੌਰ ’ਤੇ ਦੇਖਣ ਨੂੰ ਮਿਲੀ।
ਪ੍ਰੋ. ਗੁਰਭਜਨ ਗਿੱਲ ਨੇ ਜੋ ਕਿ ‘ਪਰਵਾਸ’ ਮੈਗਜ਼ੀਨ ਦੇ ਪ੍ਰਮੁੱਖ ਸਲਾਹਕਾਰ ਵੀ ਹਨ ਨੇ ਕਿਹਾ ਕਿ ‘ਪਰਵਾਸ’ ਮੈਗਜ਼ੀਨ ਨੇ ਅੱਜ ਵਿਸ਼ਵ ਭਰ ਵਿਚ ਆਪਣੀ ਇਕ ਅਲੱਗ ਪਛਾਣ ਕਾਇਮ ਕੀਤੀ ਹੈ। ਅਨੇਕਾਂ ਹੀ ਅਣਪ੍ਰਕਾਸ਼ਿਤ ਤੇ ਅਣਪਛਾਤੇ ਲੇਖਕਾਂ ਨੂੰ ਇਕ ਮੰਚ ਮਹੁੱਈਆ ਕਰਵਾਉਣ ਵਿਚ ਮਹੱਤਵਪੂਰਨ ਰੋਲ ਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਰਵਾਸੀ ਲੇਖਕਾਂ ਨੂੰ ਇਸ ਕੇਂਦਰ ਨਾਲ ਜੁੜਨਾ ਚਾਹੀਦਾ ਹੈ।
ਪ੍ਰੋ. ਮਨਜੀਤ ਸਿੰਘ ਛਾਬੜਾ ਡਾਇਰੈਕਟਰ ਜੀ. ਜੀ. ਐਨ. ਆਈ. ਐਮ. ਟੀ. ਨੇ ਇਸ ਮੌਕੇ ਪਰਵਾਸੀ ਸਾਹਿਤ ਅਧਿਅਨ ਕੇਂਦਰ ਦੀ ਸਥਾਪਤੀ ਤੋਂ ਲੈ ਕੇ ਹੁਣ ਤੱਕ ਦੀਆਂ ਪ੍ਰਾਪਤੀਆਂ ਸ੍ਰੋਤਿਆਂ ਨਾਲ ਸਾਂਝੀਆਂ ਕੀਤੀਆਂ।
ਇਸ ਮੌਕੇ ’ਤੇ ਪ੍ਰਧਾਨਗੀ ਭਾਸ਼ਣ ਸਾਂਝੇ ਕਰਦੇ ਹੋਏ ਅਮਰੀਕਾ ਵੱਸਦੇ ਲੇਖਕ ਸੁਰਿੰਦਰ ਸਿੰਘ ਸੁੱਨੜ ਨੇ ਪਰਵਾਸੀ ਕੇਂਦਰ ਦੇ ਇਸ ਉੱਦਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪਰਵਾਸੀ ਸਾਹਿਤ ਅਧਿਅਨ ਕੇਂਦਰ ਵਿਦੇਸ਼ਾਂ ਵਿਚ ਵੱਸਦੇ ਲੇਖਕਾਂ ਦਾ ਮਾਰਗ ਦਰਸ਼ਨ ਕਰਨ ਵਿਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਉਨ੍ਹਾਂ ਨੇ ਆਪਣੇ 38 ਸਾਲਾਂ ਦੇ ਪਰਵਾਸੀ ਜੀਵਨ ਦੇ ਤਜ਼ਰਬੇ ਸ੍ਰੋਤਿਆਂ ਨਾਲ ਸਾਂਝੇ ਕੀਤੇ। ਉਨ੍ਹਾਂ ਇੱਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਵੀ ਪਰਵਾਸੀ ਸਾਹਿੱਤ ਅਧਿਐਨ ਕੇਂਦਰ ਨੂੰ ਦੇਣ ਦਾ ਐਲਾਨ ਕੀਤਾ।
ਡਾ. ਤੇਜਿੰਦਰ ਕੌਰ ਕੋਆਰਡੀਨੇਟਰ ਪਰਵਾਸੀ ਸਾਹਿਤ ਅਧਿਅਨ ਕੇਂਦਰ ਦੀਆਂ ਵੱਖ ਵੱਖ ਸਰਗਰਮੀਆਂ ਤੇ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ। ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਨੇ ਰਸਮੀ ਤੌਰ ’ਤੇ ਆਏ ਲੇਖਕਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਕੌਂਸਲ ਦੇ ਮੈਂਬਰ ਸ. ਕੁਲਜੀਤ ਸਿੰਘ, ਸ. ਹਰਦੀਪ ਸਿੰਘ, ਡਾ. ਭੁਪਿੰਦਰ ਸਿੰਘ, ਡਾ. ਗੁਰਪ੍ਰੀਤ ਸਿੰਘ, ਪ੍ਰੋ. ਸ਼ਰਨਜੀਤ ਕੌਰ, ਡਾ. ਦਲੀਪ ਸਿੰਘ, ਡਾ. ਹਰਗੁਣਜੋਤ ਕੌਰ ਡਾ: ਮਨਦੀਪ ਕੌਰ ਰੰਧਾਵਾ ਤੇ ਸਹਾਇਕ ਸੰਪਾਦਕ ਪਰਵਾਸ ਰਾਜਿੰਦਰ ਸਿੰਘ ਸੰਧੂ ਵੀ ਹਾਜ਼ਰ ਰਹੇ।