11 ਮਈ 2016: ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਸਿੱਖ ਇਤਿਹਾਸ ਰਿਸਰਚ ਬੋਰਡ ਅਤੇ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਕੰਮਕਾਜ ਨੂੰ ਹੋਰ ਬੇਹਤਰ ਬਣਾਉਣ ਲਈ ਗਠਿਤ ਕੀਤੀ ਗਈ ਸਲਾਹਕਾਰ ਸਬ ਕਮੇਟੀ ਦੀ ਇਕੱਤਰਤਾ ਦਫ਼ਤਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਵਿਖੇ ਹੋਈ।ਜਿਸ ਵਿੱਚ ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਕਮੇਟੀ ਮੈਂਬਰ, ਡਾ. ਬਲਵੰਤ ਸਿੰਘ ਢਿਲੋਂ, ਡਾ. ਹਰਚੰਦ ਸਿੰਘ ਬੇਦੀ, ਡਾ. ਬਲਕਾਰ ਸਿੰਘ, ਡਾ. ਪ੍ਰਿਥੀਪਾਲ ਸਿੰਘ ਕਪੂਰ, ਡਾ. ਸਰਬਜਿੰਦਰ ਸਿੰਘ, ਡਾ. ਇੰਦਰਜੀਤ ਸਿੰਘ ਗੋਗੋਆਣੀ ਤੇ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਹਾਜ਼ਰ ਹੋਏ।
ਇਕੱਤਰਤਾ ਵਿੱਚ ਲਏ ਗਏ ਫੈਸਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਕ ਸਦੀ ਦਾ ਇਤਿਹਾਸ ਅਤੇ ਤਿੰਨ ਮੋਰਚਿਆ ਜਿਸ ਵਿੱਚ ਜੈਤੋ ਦਾ ਮੋਰਚਾ, ਐਮਰਜੈਂਸੀ ਮੋਰਚਾ ਤੇ ਧਰਮ ਯੁੱਧ ਮੋਰਚਾ ਸ਼ਾਮਲ ਹਨ ਦੇ ਇਤਿਹਾਸ ਨੂੰ ਮੁੜ ਸੁਰਜੀਤ ਕਰਦਿਆਂ ਪੁਸਤਕਾਂ ਛਾਪੀਆਂ ਜਾਣਗੀਆਂ ਤੇ ਮੋਰਚਿਆਂ ਨਾਲ ਸਬੰਧਤ ਵਿਅਕਤੀਆਂ ਦੀਆਂ ਵੀਡੀਓਗ੍ਰਾਫੀ ਮੁਲਾਕਾਤਾਂ ਕਰਕੇ ਦਸਤਾਵੇਜ਼ ਤਿਆਰ ਕੀਤੇ ਜਾਣਗੇ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਬੰਧੀ ਪ੍ਰਮਾਣਿਕ ਟਰੈਕਟ ਵੱਖ-ਵੱਖ ਭਾਸ਼ਾਵਾਂ ਵਿੱਚ ਤਿਆਰ ਕੀਤਾ ਜਾਵੇਗਾ।ਉਨ•ਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਦੇ ਇਤਿਹਾਸ ਨੂੰ ਵੀ ਡਿਸਪਲੇ ਕੀਤਾ ਜਾਵੇਗਾ ਤਾਂ ਜੋ ਸੰਗਤਾਂ ਨੂੰ ਸਬੰਧਿਤ ਗੁਰਦੁਆਰਾ ਸਾਹਿਬ ਬਾਰੇ ਜਾਣਕਾਰੀ ਮਿਲ ਸਕੇ।ਉਨ•ਾਂ ਕਿਹਾ ਕਿ ਸਿੱਖ ਇਤਿਹਾਸ ਰੀਸਰਚ ਬੋਰਡ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਯਤਨ ਕੀਤੇ ਜਾਣਗੇ ਅਤੇ ਖੋਜ ਕਾਰਜਾਂ ਨੂੰ ਜ਼ੋਰਦਾਰ ਤਰੀਕੇ ਨਾਲ ਆਰੰਭਿਆ ਜਾਵੇਗਾ।ਉਨ•ਾਂ ਕਿਹਾ ਕਿ ਸਿੱਖ ਇਤਿਹਾਸ ਨਾਲ ਸਬੰਧਤ ਦੁਰਲੱਭ ਪੁਸਤਕਾਂ ਨੂੰ ਪੁਨਰ ਪ੍ਰਕਾਸ਼ਿਤ ਕਰਨ ਸਬੰਧੀ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।ਉਨ•ਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਹੁਣ ਤੀਕ ਜਿੰਨੇ ਵੀ ਇਜਲਾਸ ਹੋਏ ਹਨ ਜਿਨ•ਾਂ ਦੀ ਫੋਟੋਗ੍ਰਾਫੀ ਸਾਡੇ ਪਾਸ ਹੈ ਨੂੰ ਵੀ ਡਿਜੀਟਲ ਲਾਇਬ੍ਰੇਰੀ ਦੇ ਰੂਪ ਵਿਚ ਸੰਭਾਲਿਆ ਜਾਵੇਗਾ।ਉਨ•ਾਂ ਕਿਹਾ ਕਿ ਸਿੱਖ ਇਤਿਹਾਸ ਰੀਸਰਚ ਬੋਰਡ ਲਈ ਨਵੇਂ ਸਕਾਲਰ ਰੱਖਣ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਜਲਦ ਹੀ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ।
ਸਿੱਖ ਇਤਿਹਾਸ ਰੀਸਰਚ ਬੋਰਡ ਦੇ ਸੀਨੀਅਰ ਮੈਂਬਰ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਨੇ ਸ਼੍ਰੋਮਣੀ ਕਮੇਟੀ ਦੇ ਇਸ ਉਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੜੇ ਲੰਮੇ ਅਰਸੇ ਬਾਅਦ ਬੋਰਡ ਦੇ ਕੰਮਕਾਜ ਦਾ ਮੁਲਾਂਕਣ ਕਰਨ ਲਈ ਇਹ ਇਕੱਤਰਤਾ ਇਕ ਸ਼ੁਭ ਸੰਕੇਤ ਹੈ ਜਿਸ ਨਾਲ ਵਿਧੀਵਤ ਢੰਗ ਨਾਲ ਖੋਜ ਕਾਰਜ ਸ਼ੁਰੂ ਹੋਣ ਦੀ ਆਸ ਬੱਝੀ ਹੈ।ਉਨ•ਾਂ ਨੇ ਸਿੱਖ ਇਤਿਹਾਸ ਨਾਲ ਸਬੰਧਤ ਵੱਖ-ਵੱਖ ਪ੍ਰੋਜੈਕਟਾਂ ਤੇ ਕੰਮ ਕਰਨ ਲਈ ਤਜ਼ਰਬੇਕਾਰ ਸੇਵਾ-ਮੁਕਤ ਵਿਦਵਾਨਾਂ ਦੀਆਂ ਸੇਵਾਵਾਂ ਲੈਣ ਦਾ ਸੁਝਾਅ ਵੀ ਦਿੱਤਾ।
ਡਾ. ਬਲਵੰਤ ਸਿੰਘ ਢਿਲੋਂ ਨੇ ਕਿਹਾ ਕਿ ਮੋਰਚਿਆਂ ਦਾ ਦਸਤਾਵੇਜ਼ ਤਿਆਰ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਸਕਾਲਰਾਂ ਨੂੰ ਯੂਨੀਵਰਸਿਟੀਆਂ ਵੱਲੋਂ ਪੂਰਾ-ਪੂਰਾ ਸਹਿਯੋਗ ਦਿੱਤਾ ਜਾਵੇਗਾ।
ਇਸ ਮੌਕੇ ਪ੍ਰੋ. ਸੁਖਦੇਵ ਸਿੰਘ, ਡਾ. ਪਰਮਵੀਰ ਸਿੰਘ ਤੇ ਸ. ਗੁਰਬਚਨ ਸਿੰਘ ਇੰਚਾਰਜ ਆਦਿ ਹਾਜ਼ਰ ਸਨ।