ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ਪੁਸਤਕ ‘ਟਰੁੱਥ ਅਬਾਊਟ ਨਾਭਾ’ ਐਡਵੋਕੇਟ ਧਾਮੀ ਵੱਲੋਂ ਕੀਤੀ ਗਈ ਜਾਰੀ
ਅੰਮ੍ਰਿਤਸਰ, 22 ਜਨਵਰੀ 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਧਰਮ ਪ੍ਰਚਾਰ ਕਮੇਟੀ ਵੱਲੋਂ ਦੁਬਾਰਾ ਪ੍ਰਕਾਸ਼ਤ ਕੀਤੀ ਗਈ ਪੁਸਤਕ ‘Truth About Nabha’ ਨੂੰ ਜਾਰੀ ਕੀਤਾ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁਸਤਕ ਜਾਰੀ ਕਰਨ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਇਤਿਹਾਸ ਨਾਲ ਸਬੰਧਤ ਅਹਿਮ ਦਸਤਾਵੇਜ਼ਾਂ ਨੂੰ ਮੁੜ ਪ੍ਰਕਾਸ਼ਤ ਕਰ ਰਹੀ ਹੈ, ਤਾਂ ਜੋ ਸੰਗਤਾਂ ਇਤਿਹਾਸ ਤੋਂ ਜਾਣੂ ਹੋ ਸਕਣ।
ਉਨ੍ਹਾਂ ਕਿਹਾ ਕਿ ਇਹ ਪੁਸਤਕ ਨਾਭਾ ਦੇ ਮਹਾਰਾਜਾ ਰਿਪੁਦਮਨ ਸਿੰਘ ਨਾਲ ਸਬੰਧਤ ਇਤਿਹਾਸਕ ਦਸਤਾਵੇਜ਼ ਹੈ, ਜਿਸ ਵਿਚ ਅੰਗਰੇਜ਼ਾਂ ਵੱਲੋਂ ਮਹਾਰਾਜਾ ਨਾਭਾ ਨਾਲ ਕੀਤੇ ਧੋਖੇ ਦੀ ਵਿਥਿਆ ਦਰਜ਼ ਹੈ। ਉਨ੍ਹਾਂ ਦੱਸਿਆ ਕਿ ਇਹ ਪੁਸਤਕ 1923 ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਤ ਕੀਤੀ ਗਈ ਸੀ, ਜਿਸ ਨੂੰ ਹੁਣ ਦੁਬਾਰਾ ਛਾਪਿਆ ਗਿਆ ਹੈ, ਤਾਂ ਜੋ ਸੰਗਤਾਂ ਆਪਣੇ ਵਡੇਰਿਆਂ ਦੇ ਇਤਿਹਾਸ ਤੋਂ ਸੇਧ ਪ੍ਰਾਪਤ ਕਰ ਸਕਣ। ਇਹ ਪੁਸਤਕ ਸ਼੍ਰੋਮਣੀ ਕਮੇਟੀ ਵੱਲੋਂ ਭੇਟਾ ਰਹਿਤ ਦਿੱਤੀ ਜਾਵੇਗੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਸ. ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸਰਵਣ ਸਿੰਘ ਕੁਲਾਰ, ਸ. ਸੁਰਜੀਤ ਸਿੰਘ ਗੜ੍ਹੀ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਸ. ਜੋਧ ਸਿੰਘ ਸਮਰਾ, ਬਾਬਾ ਗੁਰਪ੍ਰੀਤ ਸਿੰਘ, ਇੰਚਾਰਜ ਲਿਟਰੇਚਰ ਸ. ਗੁਰਮੀਤ ਸਿੰਘ ਆਦਿ ਮੌਜੂਦ ਸਨ।