ਸਰਕਾਰੀ ਬਰਜਿੰਦਰਾ ਕਾਲਜ ਵਿਖੇ ਕੰਧ ਪੱਤਿਕਾ ‘ਅੰਤਰ ਰਾਸ਼ਟਰੀ ਯੋਗਾ ਦਿਵਸ’ ਨੂੰ ਸਮਰਪਿਤ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 17 ਮਈ 2023 : ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਚੱਲ ਰਹੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਯੂਨਿਟ ਵੱਲੋਂ ਕਾਰਜਕਾਰੀ ਪ੍ਰਿੰਸੀਪਲ ਡਾ. ਪੂਜਾ ਭੱਲਾ ਜੀ ਦੀ ਯੋਗ ਅਗਵਾਈ ਅਧੀਨ ਕਾਲਜ ਦੀ ਮਹੀਨਾਵਾਰ ‘ਕੰਧ ਪੱਤ੍ਰਿਕਾ’ ਦੀ ਲੜੀ ਤਹਿਤ ਜੂਨ ਮਹੀਨੇ ਦੀ ‘ਕੰਧ ਪੱਤ੍ਰਿਕਾ’ ਨੂੰ ਅੰਤਰ ਰਾਸ਼ਟਰੀ ਯੋਗ ਮਜਦੂਰ ਦਿਵਸ ਨੂੰ ਸਮਰਪਿਤ ਕੀਤੀ ਗਈ। ਕਾਲਜ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲੈਂਦੇ ਹੋਏ ਕੰਧ ਪੱਤ੍ਰਿਕਾ ਲਈ ਅੰਤਰ ਰਾਸ਼ਟਰੀ ਯੋਗ ਦਿਵਸ ਸਬੰਧੀ ਆਪਣੀਆਂ ਵਿਭਿੰਨ ਰਚਨਾਵਾਂ ਪੇਸ਼ ਕੀਤੀਆਂ।
ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਪੂਜਾ ਭੱਲਾ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਭਰਪੂਰ ਪ੍ਰਸੰਸਾਂ ਕਰਦਿਆਂ ਭਵਿੱਖ ਵਿੱਚ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਦੇ ਸਕਾਰਾਤਮਿਕ ਕਾਰਜ ਕਰਨ ਲਈ ਪ੍ਰੇਰਿਤ ਕੀਤਾ। ਡਾ. ਭੱਲਾ ਨੇ ‘ਕਰੋ ਯੋਗ, ਰਹੋ ਨਿਰੋਗ’ ਦੇ ਨਾਅਰੇ ਹੇਠ ਸਭਨਾਂ ਨੂੰ ਜੀਵਨ ਵਿੱਚ ਯੋਗ ਅਪਨਾਉਣ ਦੀ ਅਪੀਲ ਕੀਤੀ ਤਾਂ ਜੋ ਕਿ ਸਿਹਤਮੰਦ ਅਤੇ ਨਰੋਏ ਸਮਾਜ ਦੀ ਸਿਰਜਣਾ ਹੋ ਸਕੇ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਯੂਨਿਟ ਦੇ ਇੰਚਾਰਜ਼ ਡਾ.ਗਗਨਦੀਪ ਕੌਰ (ਕਮਰਸ ਵਿਭਾਗ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਯੂਨਿਟ ਦੇ ਤਹਿਤ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ ਕੀਮਤਾਂ ਨੂੰ ਪ੍ਰਫੁੱਲਤ ਕਰਨ ਲਈ ਅਤੇ ਉਹਨਾਂ ਦੀ ਸ਼ਖ਼ਸੀਅਤ ਉਸਾਰੀ ਲਈ ਸਮੇਂ-ਸਮੇਂ ’ਤੇ ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਡਾ. ਗਗਨਦੀਪ ਕੌਰ ਨੇ ਭਾਰਤ ਸਰਕਾਰ ਵੱਲੋਂ 21 ਜੂਨ ਨੂੰ ਆਯੋਜਿਤ ਕਰਵਾਏ ਜਾ ਰਹੇ ਅੰਤਰ ਰਾਸ਼ਟਰੀ ਯੋਗ ਦਿਵਸ ਵਿੱਚ ਸਭਨਾਂ ਨੂੰ ਭਾਗ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਾਲਜ ਦੇ ਯੂਥ ਕੋਆਰਡੀਨੇਟਰ ਡਾ. ਰਾਜੇਸ਼ ਮੋਹਨ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਖਸ਼ੀਅਤ ਉਸਾਰੀ ਲਈ ਕਾਲਜ ਦੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਹੁਤ ਹੀ ਲਾਹੇਵੰਦ ਹਨ ਅਤੇ ਉਨ੍ਹਾਂ ਨੇ ਭਾਗੀਦਾਰ ਵਿਦਿਆਰਥੀਆਂ ਨੂੰ ਜਿੱਥੇ ਵਧਾਈ ਦਿੱਤੀ, ਉੱਥੇ ਆਪਣੇ ਨਾਲ ਹੋਰ ਵਿਦਿਆਰਥੀ ਜੋੜਨ ਲਈ ਪ੍ਰੇਰਿਆ। ਇਸ ਮੌਕੇ ਡਾ. ਨਿਰਵਰਿੰਦਰ ਕੌਰ ਸੰਧੂ, ਪ੍ਰੋ. ਕੁਲਵਿੰਦਰ ਕੌਰ, ਡਾ. ਸ਼ਾਲਿਨੀ ਗੋਇਲ ਤੋਂ ਇਲਾਵਾ ਕਾਲਜ ਦੇ ਵਿਦਿਆਰਥੀ ਹਾਜ਼ਰ ਸਨ। ਅੰਤ ਵਿੱਚ ਡਾ.ਗਗਨਦੀਪ ਕੌਰ (ਕਮਰਸ ਵਿਭਾਗ) ਵੱਲੋਂ ਸਭਨਾਂ ਦਾ ਧੰਨਵਾਦ ਕੀਤਾ ਗਿਆ।