ਚੰਡੀਗੜ੍ਹ, 9 ਜੂਨ, 2017 : ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਐਤਵਾਰ 11 ਜੂਨ ਨੂੰ ਤ੍ਰੈਭਾਸ਼ੀ ਖੁੱਲ੍ਹਾ ਕਵੀ ਦਰਬਾਰ ਕਰਵਾਇਆ ਜਾ ਰਿਹਾਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਦੇ ਜਨਰਲ ਸਕੱਤਰ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਐਤਵਾਰ ਸਵੇਰੇ 11 ਵਜੇ ਪੰਜਾਬ ਕਲਾ ਭਵਨ ਸੈਕਟਰ 16 ਵਿਖੇ ਤ੍ਰੈਭਾਸ਼ੀ ਕਵੀ ਦਰਬਾਰ ਕਰਵਾਇਆ ਜਾਵੇਗਾ। ਜਿਸ ਵਿਚ ਟ੍ਰਾਈਸਿਟੀ ਭਾਵ ਚੰਡੀਗੜ੍ਹ, ਮੋਹਾਲੀ, ਪੰਚਕੂਲਾ, ਜ਼ੀਰਕਪੁਰ ਆਦਿ ਦੇ ਹਿੰਦੀ, ਪੰਜਾਬੀ ਅਤੇ ਉਰਦੂ ਦੇ ਨਾਮਵਰ ਸ਼ਾਇਰ ਹਿੱਸਾ ਲੈਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਕਵੀ ਦਰਬਾਰ ਦੀ ਪ੍ਰਧਾਨਗੀ ਸ਼੍ਰੋਮਣੀ ਸਾਹਿਤਕਾਰ ਡਾ. ਸੁਰਿੰਦਰ ਗਿੱਲ ਕਰਨਗੇ। ਜ਼ਿਕਰਯੋਗ ਹੈ ਕਿ ਇਸ ਖੁੱਲ੍ਹੇ ਕਵੀ ਦਰਬਾਰ ਵਿਚ ਮੌਜੂਦ ਸਾਰੇ ਕਵੀਆਂ ਨੂੰ ਕਲਾਮ ਪੇਸ਼ ਕਰਨ ਦਾ ਮੌਕਾ ਮਿਲੇਗਾ।