ਲੁਧਿਆਣਾ, 17 ਫ਼ਰਵਰੀ 2020 - ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ 21 ਫ਼ਰਵਰੀ ਨੂੰ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪੰਜਾਬੀ ਮਾਤ ਭਾਸ਼ਾ ਮੇਲਾ ਪੰਜਾਬੀ ਭਵਨ, ਲੁਧਿਆਣਾ ਵਿਖੇ ਮਨਾਇਆ ਜਾ ਰਿਹਾ ਹੈ। ਉਪਰੋਕਤ ਜਾਣਕਾਰੀ ਦਿੰਦਿਆਂ ਪੰਜਾਬੀ ਸਾਹਿਤ ਅਕਾਡਮੀ ਦੇ ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਨੇ ਦਸਿਆ ਕਿ ਇਸ ਦਿਨ ਅਕਾਡਮੀ ਵਲੋਂ ਅੰਤਰ-ਕਾਲਜ ਸਾਹਤਿਕ ਮੁਕਾਬਲੇ ਕਰਵਾਏ ਜਾਂਦੇ ਹਨ ਜਿਸ ਵਿਚ ਭਾਗ ਲੈਣ ਵਾਲੇ ਵਿਦਿਆਰਥੀ ਆਪਣੀ ਸੰਸਥਾ ਦੇ ਮੁਖੀ ਤੋਂ ਅਧਿਕਾਰ ਪੱਤਰ ਨਾਲ ਲੈ ਕੇ ਆਉਣਗੇ ਅਤੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਸਵੇਰੇ 10 ਵਜੇ ਤੱਕ ਪੰਜਾਬੀ ਭਵਨ, ਲੁਧਿਆਣਾ ਵਿਖੇ ਹੋਵੇਗੀ।
ਪੰਜਾਬੀ ਮਾਤ ਭਾਸ਼ਾ ਮੇਲੇ ਦੇ ਸੰਯੋਜਕ ਸ੍ਰੀ ਤ੍ਰੈਲੋਚਨ ਲੋਚੀ ਅਤੇ ਸਹਿ ਸੰਯੋਜਕ ਡਾ. ਗੁਰਚਰਨ ਕੌਰ ਕੋਚਰ ਨੇ ਦਸਿਆ ਕਿ ਇਸ ਦਿਨ ਅੰਤਰ-ਕਾਲਜ ਵਿਦਿਆਰਥੀਆਂ ਦੇ ਸਾਹਿਤਕ ਮੁਕਾਬਲਿਆਂ ਵਿਚ ਪੰਜਾਬੀ ਕਹਾਣੀ ਅਤੇ ਕਾਵਿ ਸਿਰਜਣ ਮੁਕਾਬਲੇ, ਲੋਕ ਗੀਤ ਮੁਕਾਬਲਾ, ਸਭਿਆਚਾਰਕ ਪ੍ਰਸ਼ਨੋਤਰੀ (ਕੁਇਜ਼), ਪੰਜਾਬੀ ਕਵਿਤਾ ਪੋਸਟਰ ਮੁਕਾਬਲਾ, ਪੰਜਾਬੀ ਕਾਵਿ ਉਚਾਰਣ ਮੁਕਾਬਲਾ ਅਤੇ ਅਖਾਣ ਅਤੇ ਮੁਹਾਵਰੇ ਭਰਪੂਰ ਵਾਰਤਾਲਾਪ ਮੁਕਾਬਲੇ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਉਪਰੋਕਤ ਮੁਕਾਬਲਿਆਂ ਦੇ ਨਤੀਜਿਆਂ ਦੇ ਆਧਾਰ 'ਤੇ ਜ਼ਿਆਦਾ ਅੰਕ ਹਾਸਿਲ ਕਰਨ ਵਾਲੀ ਸੰਸਥਾ ਨੂੰ ਪੰਜਾਬੀ ਸਾਹਿਤ ਅਕਾਡਮੀ ਵਲੋਂ ਮਾਤ-ਭਾਸ਼ਾ ਟਰਾਫ਼ੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਕਾਡਮੀ ਵਲੋਂ ਕਾਲਜਾਂ ਨੂੰ ਸੱਦਾ ਪੱਤਰ ਅਤੇ ਸਾਹਿਤਕ ਮੁਕਾਬਲਿਆਂ ਦੇ ਨਿਯਮ ਡਾਕ ਰਾਹੀਂ ਭੇਜੇ ਜਾ ਚੁੱਕੇ ਹਨ। ਵਧੇਰੇ ਜਾਣਕਾਰੀ ਲਈ ਪੰਜਾਬੀ ਸਾਹਿਤ ਅਕਾਡਮੀ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਪੰਜਾਬ ਦੇ ਸਾਰੇ ਕਾਲਜਾਂ ਨੂੰ ਆਪਣੇ ਵਿਦਿਆਰਥੀ ਇਨ੍ਹਾਂ ਮੁਕਾਬਲਿਆਂ ਵਿਚ ਭੇਜਣ ਦੀ ਅਪੀਲ ਹੈ। ਸਮੂਹ ਪੰਜਾਬੀ ਪਿਆਰਿਆਂ ਨੂੰ ਸਮਾਗਮ ਵਿਚ ਪਹੁੰਚਣ ਦਾ ਹਾਰਦਿਕ ਖੁੱਲ੍ਹਾ ਸੱਦਾ ਹੈ।