ਨਿੱਜੀ ਸਕੂਲ ਵਿੱਚ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਸੈਮੀਨਾਰ ਲਗਾਇਆ
ਰੋਹਿਤ ਗੁਪਤਾ
ਗੁਰਦਾਸਪੁਰ, 4 ਫਰਵਰੀ 2025 - ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਦੇ ਨਿਰਦੇਸ਼ਾਂ ਤਹਿਤ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਟਰੈਫ਼ਿਕ ਐਜੂਕੇਸ਼ਨ ਸੈੱਲ ਵੱਲੋਂ ਅੱਜ ਅਨੰਦ ਮਾਡਲ ਸੀਨੀਅਰ ਸੈਕੰਡਰੀ ਸਕੂਲ, ਗੁਰਦਾਸਪੁਰ ਵਿਖੇ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ।
ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਨੁਮਾਇੰਦੇ ਏ.ਐੱਸ.ਆਈ. ਅਮਨਦੀਪ ਸਿੰਘ ਨੇ ਸੈਮੀਨਾਰ ਦੌਰਾਨ ਡਰਾਈਵਿੰਗ ਲਾਇਸੈਂਸ ਦੀ ਅਹਿਮੀਅਤ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਦੋ-ਪਹੀਆ ਵਾਹਨ ਚਲਾਉਣ ਸਮੇਂ ਹੈਲਮਟ ਜ਼ਰੂਰ ਪਹਿਨਿਆ ਜਾਵੇ। ਉਨ੍ਹਾਂ ਕਿਹਾ ਕਿ ਚਾਰ ਪਹੀਆ ਵਾਹਨ ਵਿੱਚ ਸੀਟ ਬੈਲਟ ਲਗਾਉਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਵਾਹਨਾਂ ਦੇ ਕਾਗ਼ਜ਼ਾਤ ਹਮੇਸ਼ਾਂ ਪੂਰੇ ਰੱਖਣੇ ਚਾਹੀਦੇ ਹਨ ਅਤੇ ਟਰੈਫ਼ਿਕ ਪੁਲਿਸ ਵੱਲੋਂ ਮੰਗਣ 'ਤੇ ਦਿਖਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਜ਼ਿੰਮੇਵਾਰ ਨਾਗਰਿਕ ਬਣਦੇ ਹੋਏ ਆਵਾਜਾਈ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਐਕਸੀਡੈਂਟ ਪੀੜਤਾਂ ਦੀ ਮਦਦ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਹੈਲਪ ਲਾਈਨ ਨੰਬਰ 112, 1930 ਅਤੇ 1033 ਬਾਰੇ ਵੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਸ੍ਰੀ ਵਰੁਣ ਅਨੰਦ, ਪ੍ਰਧਾਨ ਗੁਰਦਾਸਪੁਰ ਵੈੱਲਫੇਅਰ ਸੁਸਾਇਟੀ ਅਤੇ ਮੈਂਬਰ ਟਰੈਫ਼ਿਕ ਕਮੇਟੀ ਪੰਜਾਬ ਅਤੇ ਪ੍ਰਿੰਸੀਪਲ ਨਰਗਿਸ ਆਨੰਦ ਨੇ ਵੀ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਦੀ ਮਹੱਤਤਾ ਬਾਰੇ ਦੱਸਿਆ। ਇਸ ਮੌਕੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵੱਲੋਂ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਸਹੁੰ ਵੀ ਚੁੱਕੀ ਗਈ।