ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਲੜਕੀਆਂ ਨੂੰ ਦਿੱਤੀ ਜਾ ਰਹੀ ਕੋਚਿੰਗ ਮੁਕੰਮਲ
ਜਲੰਧਰ, 21 ਫਰਵਰੀ 2025: ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਜਲੰਧਰ ਵਿਖੇ ਪਿਛਲੇ 3 ਮਹੀਨਿਆਂ ਤੋਂ ਲੜਕੀਆਂ ਲਈ ਚੱਲ ਰਹੀ ਕੋਚਿੰਗ ਅੱਜ ਸਫ਼ਲਤਾ ਪੂਰਵਕ ਮੁਕੰਮਲ ਹੋ ਗਈ ਹੈ।
ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਸਮਾਜਿਕ ਅਤੇ ਆਰਥਿਕ ਤੌਰ ’ਤੇ ਪੱਛੜੇ ਵਰਗਾਂ ਦੇ ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਮੁਫ਼ਤ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਸਨ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਵਿਸ਼ਾ ਮਾਹਰਾਂ ਵੱਲੋਂ ਪ੍ਰਦਾਨ ਕੀਤੀ ਗਈ ਕੋਚਿੰਗ ਲੜਕੀਆਂ ਨੂੰ ਸਰਕਾਰੀ ਨੌਕਰੀਆਂ ਹਾਸਲ ਕਰਨ ਵਿੱਚ ਮਦਦਗਾਰ ਸਾਬਤ ਹੋਵੇਗੀ।
ਇਸ ਮੌਕੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਅਫ਼ਸਰ ਨਰੇਸ਼ ਕੁਮਾਰ ਨੇ ਲੜਕੀਆਂ ਨੂੰ ਵੱਖ-ਵੱਖ ਸਰਕਾਰੀ ਅਸਾਮੀਆਂ ਬਾਰੇ ਵੀ ਜਾਣਕਾਰੀ ਦਿੱਤੀ।
ਨੀਮਲ ਮਹੇ ਨੇ ਕੋਚਿੰਗ ਦਾ ਬੈਚ ਸਫ਼ਲਤਾ ਪੂਰਵਕ ਮੁਕੰਮਲ ਹੋਣ ֹ’ਤੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਇਸੇ ਤਰ੍ਹਾਂ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।