ਸਕੂਲੀ ਸਿੱਖਿਆ ਵਿੱਚ ਹੋ ਰਹੇ ਹਨ ਵਿਆਪਕ ਸੁਧਾਰ: ਬਰਿੰਦਰ ਕੁਮਾਰ ਗੋਇਲ
- ਕਰੀਬ 20 ਲੱਖ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਲ ਕਲਾਂ 'ਚ ਬੁਨਿਆਦੀ ਢਾਂਚਾ ਹੋਇਆ ਮਜ਼ਬੂਤ: ਬਰਿੰਦਰ ਕੁਮਾਰ ਗੋਇਲ
- ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ 'ਚ ਸੁਰੱਖਿਆ ਗਾਰਡ, ਕੈਂਪਸ ਮੈਨੇਜਰ, ਸਫਾਈ ਸੇਵਕ ਕੀਤੇ ਤਾਇਨਾਤ
ਦਲਜੀਤ ਕੌਰ
ਲਹਿਰਾ/ਸੰਗਰੂਰ, 2 ਅਪ੍ਰੈਲ, 2025: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਤਬਦੀਲੀਆਂ ਦੀ ਜਿਊਂਦੀ ਜਾਗਦੀ ਮਿਸਾਲ ਪੰਜਾਬ ਦੇ ਸਰਕਾਰੀ ਸਕੂਲ ਹਨ ਜਿਥੇ ਪੜ੍ਹਦੇ ਵਿਦਿਆਰਥੀ ਨਾ ਕੇਵਲ ਅਕਾਦਮਿਕ ਪੱਧਰ 'ਤੇ ਬਲਕਿ ਖੇਡਾਂ ਤੇ ਸਭਿਆਚਾਰਕ ਗਤੀਵਿਧੀਆਂ ਵਿੱਚ ਵੀ ਵੱਡੀਆਂ ਪ੍ਰਾਪਤੀਆਂ ਦਰਜ ਕਰ ਰਹੇ ਹਨ।
ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਲਹਿਰਾ ਅਧੀਨ ਆਉਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਲ ਕਲਾਂ ਵਿਖੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਕੀਤਾ।ਉਨ੍ਹਾਂ ਦੱਸਿਆ ਕਿ ਇਸ ਸਕੂਲ ਵਿੱਚ ਲਗਭਗ 20 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਕਰਵਾਏ ਗਏ ਹਨ ਜਿਸ ਨਾਲ ਵਿਦਿਆਰਥੀਆਂ ਤੇ ਅਧਿਆਪਕਾਂ ਦੀਆਂ ਸੁਵਿਧਾਵਾਂ ਵਿੱਚ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ ਸ਼੍ਰੀ ਬਰਿੰਦਰ ਗੋਇਲ ਨੇ ਸਰਕਾਰੀ ਸਕੂਲ ਲਹਿਲ ਖੁਰਦ ਵਿਖੇ ਵੀ ਸਮਾਗਮ ਵਿੱਚ ਸ਼ਿਰਕਤ ਕੀਤੀ।
ਇਸ ਮੌਕੇ ਸਕੂਲ ਦੇ ਵਿਹੜੇ ਵਿੱਚ ਆਯੋਜਿਤ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਅਣਥੱਕ ਉਪਰਾਲਿਆਂ ਸਦਕਾ ਸਕੂਲੀ ਸਿੱਖਿਆ ਵਿੱਚ ਵਿਆਪਕ ਸੁਧਾਰ ਹੋ ਰਹੇ ਹਨ ਅਤੇ ਸਰਕਾਰੀ ਸਕੂਲਾਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਜਿਥੇ ਲਗਾਤਾਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਉਥੇ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਂਦੇ ਪ੍ਰਿੰਸੀਪਲਾਂ ਤੇ ਅਧਿਆਪਕਾਂ ਨੂੰ ਹੋਰ ਵੀ ਉੱਚ ਪੱਧਰੀ ਸਿਖਲਾਈ ਦੇਣ ਲਈ ਸਿੰਘਾਪੁਰ, ਫਿਨਲੈਂਡ ਸਮੇਤ ਹੋਰ ਦੇਸ਼ਾਂ ਅਤੇ ਆਈ.ਆਈ.ਐਮ ਗੁਜਰਾਤ ਵਿੱਚ ਵਿਦਿਅਕ ਦੌਰੇ ਕਰਵਾਏ ਜਾ ਰਹੇ ਹਨ ਤਾਂ ਕਿ ਉਹ ਪਰਤ ਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਕਾਰਜਸ਼ੀਲ ਹੋ ਸਕਣ।ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਉਥੋਂ ਹਟ ਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਲੱਗ ਪਏ ਹਨ ਅਤੇ ਸਲਾਨਾ ਪਾਸ ਪ੍ਰਤੀਸ਼ਤਤਾ ਵਿੱਚ ਪਿਛਲੇ ਸਾਲਾਂ ਨਾਲੋਂ ਵੱਡਾ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ।
ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਸਕੂਲ ਵਿੱਚ ਸਫਾਈ ਕਰਮਚਾਰੀ, ਸੁਰੱਖਿਆ ਗਾਰਡ, ਕੈਂਪਸ ਮੈਨੇਜਰ ਤਾਇਨਾਤ ਕੀਤੇ ਗਏ ਹਨ ਅਤੇ ਸਕੂਲੀ ਵਿਦਿਆਰਥੀਆਂ ਨੂੰ ਹਰ ਵਿਦਿਅਕ ਸੈਸ਼ਨ ਵਿੱਚ ਸਮੇਂ ਸਿਰ ਵਰਦੀਆਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ ਅਤੇ ਲੋੜ ਮੁਤਾਬਕ ਫਰਨੀਚਰ, ਕਮਰਿਆਂ ਦੀ ਉਸਾਰੀ ਤੇ ਨਵੀਨੀਕਰਨ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਰਾਜ ਦੇ ਹਰ ਸਕੂਲ ਵਿੱਚ ਵਾਈ ਫਾਈ ਸੁਵਿਧਾ ਉਪਲਬਧ ਕਰਵਾਈ ਗਈ ਹੈ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਜਿਹੀਆਂ ਅਤਿ ਆਧੁਨਿਕ ਤਕਨੀਕਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲਹਿਰਾ ਹਲਕੇ ਦੇ ਪਿੰਡ ਹਮੀਰਗੜ੍ਹ ਵਿਖੇ ਸਵੈ ਸਹਾਇਤਾ ਸਮੂਹਾਂ ਤੇ ਅਧਾਰਿਤ ਮਹਿਲਾਵਾਂ ਵੱਲੋਂ ਸਕੂਲੀ ਵਰਦੀਆਂ ਨੂੰ ਤਿਆਰ ਕੀਤਾ ਜਾ ਰਿਹਾ ਹੈ ਜਿਸ ਨਾਲ ਜਿਥੇ ਮਹਿਲਾ ਸ਼ਸ਼ਕਤੀਕਰਨ ਨੂੰ ਮਜਬੂਤ ਕੀਤਾ ਗਿਆ ਹੈ ਉਥੇ ਹੀ ਵਰਦੀਆਂ ਬਣਵਾਉਣ ਵਿੱਚ ਵੀ ਕੋਈ ਦਿੱਕਤ ਨਹੀਂ ਰਹੀ।
ਇਸ ਮੌਕੇ ਉਪ ਜਿ਼ਲ੍ਹਾ ਸਿੱਖਿਆ ਅਫ਼ਸਰ ਮਨਜੀਤ ਕੌਰ ਤੋਂ ਇਲਾਵਾ ਗੌਰਵ ਗੋਇਲ, ਪੀ.ਏ ਰਾਕੇਸ਼ ਕੁਮਾਰ ਗੁਪਤਾ, ਸਰਪੰਚ ਜੀਵਨ ਸਿੰਘ ਲਹਿਲ ਖੁਰਦ, ਮਨਜਿੰਦਰ ਸਿੰਘ, ਜਸਪਾਲ ਸਿੰਘ ਸਰਪੰਚ ਲਹਿਲ ਕਲਾਂ, ਗੁਰਮੀਤ ਸਿੰਘ, ਚਰਨਜੀਤ ਸ਼ਰਮਾ ਵੀ ਹਾਜ਼ਰ ਸਨ।