ਪੰਜਾਬ ਸਿੱਖਿਆ ਕ੍ਰਾਂਤੀ; ਕੈਬਨਿਟ ਮੰਤਰੀ ਵਲੋਂ 26.78 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟ ਸਮਰਪਿਤ
- ਜਲੰਧਰ ਜ਼ਿਲ੍ਹੇ ਦੇ 37 ਸਰਕਾਰੀ ਸਕੂਲਾਂ 'ਚ 2.90 ਕਰੋੜ ਦੇ ਬੁਨਿਆਦੀ ਢਾਂਚੇ ਦਾ ਉਦਘਾਟਨ
- ਕਿਹਾ, ਪੰਜਾਬ ਸਰਕਾਰ ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਲਈ ਵਚਨਬੱਧ
ਜਲੰਧਰ 11 ਅਪ੍ਰੈਲ 2025 - ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਵਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ (ਲੜਕੇ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਅਤੇ ਸਰਕਾਰੀ ਪ੍ਰਾਇਮਰੀ ਸਕੂਲ ਭਾਰਗਵ ਕੈਂਪ, ਜਲੰਧਰ ਵਿਖੇ 26.78 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਉਪਰਾਲੇ ਤਹਿਤ ਅੱਜ ਜ਼ਿਲ੍ਹੇ ਦੇ 37 ਸਰਕਾਰੀ ਸਕੂਲਾਂ ਵਿੱਚ 2.90 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ , ਜਿਸ ਨਾਲ ਜ਼ਿਲ੍ਹੇ ਦੀਆਂ ਸਿੱਖਿਆ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਹੁਲਾਰਾ ਮਿਲੇਗਾ।
ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚੇ ਵਿੱਚ ਸਮਾਰਟ ਕਲਾਸ ਰੂਮ, ਡਿਜੀਟਲ ਲਰਨਿੰਗ ਸਿਸਟਮ, ਸਾਇੰਸ ਲੈਬਾਰਟਰੀਆਂ, ਸਪੋਰਟਸ ਟਰੈਕ, ਕਲੱਸਟਰ ਰੂਮ, ਚਾਰਦੀਵਾਰੀ ਆਦਿ ਸ਼ਾਮਿਲ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆ ਕੇ ਵਿਦਿਆਰਥੀਆਂ ਲਈ ਅਤਿ ਦਰਜੇ ਦੀਆਂ ਸਿੱਖਿਆ ਸਹੂਲਤਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਧੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਵਧੀਆ ਕਾਰਗੁਜਾਰੀ ਨੁੂੰ ਦੇਖਦਿਆਂ ਲੋਕਾਂ ਵਲੋਂ ਬੱਚਿਆਂ ਦੇ ਦਾਖ਼ਲੇ ਸਰਕਾਰੀ ਸਕੂਲਾਂ ਵਿੱਚ ਕਰਵਾਏ ਜਾ ਰਹੇ ਹਨ। ਇਸ ਮੌਕੇ ਕੈਬਨਿਟ ਮੰਤਰੀ ਵਲੋਂ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਵਿਕਾਸ ਪ੍ਰੋਜੈਕਟਾਂ ਲਈ 10 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਤੇ ਗਤੀਸ਼ੀਲ ਅਗਵਾਈ ਹੇਠ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇਤਿਹਾਸਿਕ ਕੰਮ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਵਲੋਂ ਨਵੀਆਂ ਮਿਸਾਲਾਂ ਕਾਇਮ ਕੀਤੀਆਂ ਜਾ ਰਹੀਆਂ ਹਨ ਅਤੇ ਹੁਣ ਸਰਕਾਰੀ ਸਕੂਲ ਨਿੱਜੀ ਸਿੱਖਿਆ ਸੰਸਥਾਵਾਂ ਦੇ ਬਰਾਬਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸਕੂਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।
ਉਨ੍ਹਾਂ ਇਹ ਵੀ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਇਕ ਵਿਦਿਆਰਥੀ ਨੂੰ ਵਿਸ਼ਵ ਪੱਧਰੀ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਹ ਪਹਿਲ ਪੰਜਾਬ ਨੂੰ ਹੋਰ ਮਜ਼ਬੂਤ ਤੇ ਸਕਤੀਸ਼ਾਲੀ ਬਣਾਉਣ ਲਈ ਰਾਹ ਦਸੇਰਾ ਬਣੇਗੀ।
ਇਸ ਤਰ੍ਹੇ ਵਿਧਾਇਕ ਬਲਕਾਰ ਸਿੰਘ, ਰਮਨ ਅਰੋੜਾ ਅਤੇ ਇੰਦਰਜੀਤ ਕੌਰ ਮਾਨ ਵਲੋਂ ਆਪਣੇ-ਆਪਣੇ ਵਿਧਾਨਸਭਾ ਖੇਤਰਾਂ ਦੇ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਸਕੂਲਾਂ ਵਿੱਚ ਵੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਕਾਸ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਗਏ।
ਕਰਤਾਰਪੁਰ ਵਿਧਾਨ ਸਭਾ ਹਲਕੇ ਵਿੱਚ ਵਿਧਾਇਕ ਬਲਕਾਰ ਸਿੰਘ ਵਲੋਂ ਤਿੰਨ ਸਰਕਾਰੀ ਸਕੂਲਾਂ ਵਿੱਚ 17.20 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਨੂੰ ਲੋਕ ਅਰਪਣ ਕੀਤਾ ਗਿਆ।
ਇਸੇ ਤਰ੍ਹਾਂ ਵਿਧਾਇਕ ਰਮਨ ਅਰੋੜਾ ਵਲੋਂ 1.10 ਕਰੋੜ ਅਤੇ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਵਲੋਂ ਸਰਕਾਰੀ ਸਕੂਲਾਂ ਵਿੱਚ 17.37 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਨੂੰ ਸਮਰਪਿਤ ਕੀਤਾ ਗਿਆ।