ਐਨਐਸਕਿਊਐਫ ਲੈਬ ਦਾ ਸਿੱਖਿਆ ਮੰਤਰੀ ਨੇ ਕੀਤਾ ਉਦਘਾਟਨ
ਪ੍ਰਮੋਦ ਭਾਰਤੀ
ਨੰਗਲ 20 ਅਪ੍ਰੈਲ,2026
ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕ੍ਰਾਂਤੀਕਾਰੀ ਉਪਰਾਲਿਆਂ ਦੇ ਨਤੀਜੇ ਹੁਣ ਸਾਫ਼ ਤੌਰ ‘ਤੇ ਵੇਖਣ ਨੂੰ ਮਿਲ ਰਹੇ ਹਨ। ਸਰਕਾਰੀ ਸਕੂਲਾਂ ਦੀ ਬਦਲੀ ਹੋਈ ਨੁਹਾਰ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੇ ਸਿੱਖਿਆ ਪ੍ਰਣਾਲੀ ਨੂੰ ਨਵੀਂ ਦਿਸ਼ਾ ਦਿੱਤੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਿਭੌਰ ਸਾਹਿਬ ਵਿਖੇ ਕੀਤਾ।
ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਸਿਰਫ਼ ਸਕੂਲਾਂ ਦੀ ਮੁਰੰਮਤ ਕਰਨਾ ਨਹੀਂ, ਸਗੋਂ ਉਨ੍ਹਾਂ ਨੂੰ ਐਸਾ ਆਧੁਨਿਕ ਰੂਪ ਦੇਣਾ ਹੈ ਜੋ ਮਾਡਲ ਅਤੇ ਕਾਨਵੈਂਟ ਸਕੂਲਾਂ ਨੂੰ ਟੱਕਰ ਦੇ ਸਕਣ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਨਵੇਂ ਲੈਬ, ਖੇਡ ਮੈਦਾਨ ਅਤੇ ਸੁਵਿਧਾਜਨਕ ਢਾਂਚੇ ਤਿਆਰ ਕਰਕੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਇਆ ਜਾ ਰਿਹਾ ਹੈ। ਇਸ ਨਾਲ ਨਾ ਸਿਰਫ਼ ਪੜ੍ਹਾਈ ਦਾ ਮਿਆਰ ਉੱਚਾ ਹੋਇਆ ਹੈ, ਸਗੋਂ ਵਿਦਿਆਰਥੀਆਂ ਵਿੱਚ ਆਤਮਵਿਸ਼ਵਾਸ ਵੀ ਵਧਿਆ ਹੈ।
ਇਸ ਮੌਕੇ ਸਿੱਖਿਆ ਮੰਤਰੀ ਵੱਲੋਂ ਲਗਭਗ 8 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਐਨਐਸਕਿਊਐਫ (NSQF) ਲੈਬ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਇਸ ਸਕੂਲ ਵਿੱਚ ਕਰੀਬ 43 ਲੱਖ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ। ਨਵੀਂ ਲੈਬ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਅਤੇ ਹੁਨਰ ਵਿਕਾਸ ਨਾਲ ਜੋੜੇਗੀ, ਜਿਸ ਨਾਲ ਉਹ ਭਵਿੱਖ ਵਿੱਚ ਰੋਜ਼ਗਾਰ ਦੇ ਮੌਕਿਆਂ ਲਈ ਤਿਆਰ ਹੋਣਗੇ।
ਸਮਾਗਮ ਦੌਰਾਨ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਆਪਣੇ ਜੀਵਨ ਦੇ ਤਜਰਬੇ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਆਏ ਬਦਲਾਅ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਿਲਜੁਲ ਕੇ ਕੀਤੇ ਯਤਨਾਂ ਦਾ ਨਤੀਜਾ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਚਨਬੱਧ ਰਹੇਗੀ।
ਇਸ ਮੌਕੇ ਡਾ.ਸੰਜੀਵ ਗੌਤਮ ਜਿਲ੍ਹਾ ਪ੍ਰਧਾਨ, ਪੱਮੂ ਢਿੱਲੋ, ਨਿਤਿਨ ਰਣਜੀਤ ਸਿੰਘ, ਮਨਜੀਤ ਸਿੰਘ ਗੁਰਮੀਤ ਸਿੰਘ, ਰਜਤ, ਦੀਪੂ ਬਾਸ, ਸਤਪਾਲ ਸਿੰਘ, ਪ੍ਰਿੰ.ਬਲਜੀਤ ਕੌਰ, ਅੰਜੂ ਸ਼ਰਮਾ, ਰੀਨਾ ਅਰੋੜਾ, ਚਰਨਜੀਤ ਕੌਰ, ਨਿਸ਼ਾ, ਰੰਜਨਾ, ਕ੍ਰਿਸ਼ਨ ਦੇਵ, ਸਪਨਾ, ਰਾਜ ਰਾਣੀ ਹਾਜ਼ਰ ਸਨ।
Click to Follow Babushahi Facebook page →