ਜ਼ਿਲ੍ਹੇ ਵਿੱਚ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਕੀਤਾ ਜਾਵੇਗਾ - ਏ.ਡੀ.ਸੀ
ਹਰੇਕ ਪਿੰਡ ਨੂੰ ਵੱਖ-ਵੱਖ ਜ਼ੋਨਾਂ ਵਿੱਚ ਵੰਡ ਕੇ ਨੋਡਲ ਅਫ਼ਸਰ ਲਗਾਏ ਜਾਣਗੇ
ਰੋਹਿਤ ਗੁਪਤਾ
ਗੁਰਦਾਸਪੁਰ, 15 ਜੁਲਾਈ ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਖੇਤੀਬਾੜੀ ਵਿਭਾਗ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਵਾਰ ਝੋਨੇ ਦੀ ਪਰਾਲੀ ਦੀ ਅੱਗ ਨੂੰ ਰੋਕਣ ਲਈ ਹੁਣ ਤੋਂ ਹੀ ਖ਼ਾਕਾ ਤਿਆਰ ਕਰ ਲੈਣ ਤਾਂ ਜੋ ਜ਼ਿਲ੍ਹਾ ਗੁਰਦਾਸਪੁਰ ਵਿੱਚ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਕੀਤਾ ਜਾ ਸਕੇ।
ਬੀਤੀ ਸ਼ਾਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫ਼ਸਲੀ ਰਹਿੰਦ-ਖੂੰਹਦ (ਸਟੱਬਲ ਬਰਨਿੰਗ) ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਇਸ ਵਾਰ ਜ਼ਿਲ੍ਹੇ ਵਿੱਚ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਪਿੰਡ ਤੱਕ ਪਹੁੰਚ ਬਣਾਉਣ ਲਈ ਹਰੇਕ ਪਿੰਡ ਨੂੰ ਵੱਖ-ਵੱਖ ਜ਼ੋਨਾਂ ਵਿੱਚ ਵੰਡ ਕੇ ਨੋਡਲ ਅਫ਼ਸਰ ਲਗਾਏ ਜਾਣਗੇ ਅਤੇ ਹਰ 20 ਪਿੰਡਾਂ ਪਿੱਛੇ ਇੱਕ ਕਲਸਟਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਫ਼ਸਲੀ ਰਹਿੰਦ-ਖੂੰਹਦ ਦੀ ਅੱਗ ਨੂੰ ਰੋਕਣ ਲਈ ਜੋ ਟੀਮਾਂ ਬਣਾਈਆਂ ਜਾਣਗੀਆਂ ਉਸ ਵਿੱਚ ਸਰਕਾਰੀ ਕਰਮਚਾਰੀਆਂ ਤੇ ਅਧਿਕਾਰੀਆਂ ਦੇ ਨਾਲ ਸਰਪੰਚ, ਪੰਚ ਅਤੇ ਨੰਬਰਦਾਰਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਹੁਣ ਤੋਂ ਹੀ ਹਰ ਕਿਸਾਨ ਤੱਕ ਆਪਣੀ ਪਹੁੰਚ ਕਰਕੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਚਾਇਤ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਉਹ ਹਰ ਪਿੰਡ ਤੱਕ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਸੁਨੇਹਾ ਲੈ ਕੇ ਜਾਣ। ਸਿੱਖਿਆ ਵਿਭਾਗ ਰਾਹੀਂ ਸਕੂਲੀ ਬੱਚਿਆਂ ਨੂੰ ਵੀ ਪਰਾਲੀ ਨੂੰ ਅੱਗ ਲੱਗਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਕਿਹਾ ਗਿਆ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਸਬਸਿਡੀ ਉੱਪਰ ਖੇਤੀ ਸੰਦ ਪਿਛਲੇ ਸਮੇਂ ਵਿੱਚ ਵੀ ਦਿੱਤੇ ਗਏ ਹਨ ਅਤੇ ਹੁਣ ਵੀ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਤਾਂ ਨਿਯਮਾਂ ਅਨੁਸਾਰ ਉਸ ਵਿਅਕਤੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸਰਕਾਰੀ ਕਰਮਚਾਰੀ ਨੇ ਆਪਣੇ ਖੇਤਾਂ ਵਿੱਚ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਈ ਤਾਂ ਉਨ੍ਹਾਂ ਖ਼ਿਲਾਫ਼ ਹੋਰ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਐੱਸ.ਡੀ.ਐੱਮ. ਗੁਰਦਾਸਪੁਰ ਸ. ਮਨਜੀਤ ਸਿੰਘ ਰਾਜਲਾ, ਡੀ.ਡੀ.ਪੀ.ਓ. ਸ੍ਰੀਮਤੀ ਜ਼ੀਨਤ ਖੈਹਿਰਾ, ਡੀ.ਈ.ਓ. ਰਾਜੇਸ਼ ਸ਼ਰਮਾ, ਰਜਿਸਟਰਾਰ ਸਹਿਕਾਰੀ ਸਭਾਵਾਂ ਰੋਹਿਤ ਗਿੱਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।