ਅਕਾਲੀ ਦਲ ਨੇ ਸਥਾਨਕ ਚੋਣ ਅਧਿਕਾਰੀਆਂ ਵੱਲੋਂ ਅਸਹਿਯੋਗ ਦੇ ਮਾਮਲੇ ਵਿਚ ਸੂਬਾ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
ਚੋਣ ਅਫਸਰ ਆਪ ਏਜੰਟਾਂ ਵਾਂਗੂ ਕਰ ਰਹੇ ਹਨ ਕੰਮ: ਕਲੇਰ, ਝਿੰਜਰ
ਚੰਡੀਗੜ੍ਹ, 3 ਦਸੰਬਰ: ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਸੈਲ ਦੇ ਮੁਖੀ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਦੀ ਅਗਵਾਈ ਹੇਠ ਪਾਰਟੀ ਵਫਦ ਨੇ ਸੂਬਾ ਚੋਣ ਕਮਿਸ਼ਨ (ਐਸ ਸੀ ਈ ) ਨੂੰ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ ਕਿ ਵੱਖ-ਵੱਖ ਜ਼ਿਲ੍ਹਿਆਂ ਵਿਚ ਚੋਣ ਅਧਿਕਾਰੀ ਸਹਿਯੋਗ ਨਹੀਂ ਕਰ ਰਹੇ ਅਤੇ ਪਾਰਟੀ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਉਹ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਨ ਕਿ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।
ਪਾਰਟੀ ਦੇ ਵਫਦ ਵਿਚ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੀ ਸ਼ਾਮਲ ਸਨ।
ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਕਲੇਰ ਨੇ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਤੋਂ ਪਾਰਟੀ ਦੇ ਧਿਆਨ ਵਿਚ ਆਇਆ ਹੈ ਕਿ ਵੱਖ-ਵੱਖ ਜ਼ਿਲ੍ਹਿਆਂ ਵਿਚ ਅਫਸਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਕੰਮ ਵਿਚ ਸਹਿਯੋਗ ਨਹੀਂ ਕਰ ਰਹੇ। ਉਹਨਾਂ ਕਿਹਾ ਕਿ ਉਹਨਾਂ ਨੂੰ ਰਿਪੋਰਟਾਂ ਮਿਲੀਆਂ ਹਨ ਕਿ ਅਫਸਰ ਐਨ ਓ ਸੀ ਤੇ ਹੋਰ ਦਸਤਾਵੇਜ਼ ਜਾਰੀ ਨਹੀਂ ਕਰ ਰਹੇ ਹਾਲਾਂਕਿ ਇਸ ਮਾਮਲੇ ਵਿਚ ਸੂਬਾ ਚੋਣ ਕਮਿਸ਼ਨ ਨੇ ਹਦਾਇਤਾਂ ਵੀ ਜਾਰੀ ਕੀਤੀਆਂ ਹਨ।
ਉਹਨਾਂ ਕਿਹਾ ਕਿ ਨਿਰਪੱਖ ਚੋਣਾਂ ਕਰਵਾਉਣਾ ਇਹਨਾਂ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੈ। ਉਹਨਾਂ ਕਿਹਾ ਕਿ ਜਿਹੜੇ ਵੀ ਅਫਸਰ ਨਿਯਮਾਂ ਮੁਤਾਬਕ ਆਪਣਾ ਫਰਜ਼ ਨਹੀਂ ਨਿਭਾ ਰਹੇ ਉਹਨਾਂ ਨੂੰ ਅਦਾਲਤਾਂ ਵਿਚ ਘੜੀਸਿਆ ਜਾਵੇਗਾ। ਉਹਨਾਂ ਨੇ ਸਾਰੇ ਅਫਸਰਾਂ ਨੂੰ ਅਪੀਲ ਕੀਤੀ ਕਿ ਉਹ ਵਿਰੋਧੀ ਪਾਰਟੀਆਂ ਨਾਲ ਸਹਿਯੋਗ ਕਰਨ ਅਤੇ ਸੱਤਾਧਾਰੀ ਪਾਰਟੀ ਦੀਆਂ ਹਦਾਇਤਾਂ ਮੁਤਾਬਕ ਕੰਮ ਨਾ ਕਰਨ। ਉਹਨਾਂ ਕਿਹਾ ਕਿ ਅੰਤ ਵਿਚ ਕਾਨੂੰਨੀ ਨਿਯਮਾਂ ਦੀ ਜਿੱਤ ਹੋਵੇਗੀ ਅਤੇ ਸੱਤਾਧਾਰੀ ਪਾਰਟੀ ਦੇ ਕਹਿਣ ’ਤੇ ਗੈਰ ਕਾਨੂੰਨੀ ਤਰੀਕੇ ਕੰਮ ਕਰਨ ਵਾਲਿਆਂ ਨੂੰ ਅਦਾਲਤਾਂ ਵਿਚ ਜਵਾਬਦੇਹ ਹੋਣਾ ਪਵੇਗਾ।