ਅਕਾਲੀ ਦਲ ਵੱਲੋਂ ਨਗਰ ਨਿਗਮ ਦੀ ਚੋਣ ਲਈ ਪਈਆਂ ਵੋਟਾਂ ਦੀ ਮੁੜ ਗਿਣਤੀ ਲਈ ਹਾਈ ਕੋਰਟ ਜਾਣ ਦਾ ਐਲਾਨ
ਅਸ਼ੋਕ ਵਰਮਾ
ਬਠਿੰਡਾ, 1 ਜੂਨ 2026: ਸ਼੍ਰੋਮਣੀ ਅਕਾਲੀ ਦਲ ਨੇ ਬਠਿੰਡਾ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਤੇ ਸਵਾਲ ਚੁੱਕਦਿਆਂ ਵੋਟਾਂ ਦੀ ਗਿਣਤੀ ਦੁਬਾਰਾ ਕਰਵਾਉਣ ਲਈ ਹਾਈ ਕੋਰਟ ਦਾ ਰੁੱਖ ਕਰਨ ਦਾ ਐਲਾਨ ਕੀਤਾ ਹੈ। ਅੱਜ ਪ੍ਰੈੱਸ ਕਾਨਫਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੋਟਾਂ ਦੀ ਦੁਬਾਰਾ ਗਿਣਤੀ ਕਰਵਾਉਣ ਲਈ ਕਾਨੂੰਨੀ ਲੜਾਈ ਲੜੀ ਜਾਵੇਗੀ। ਸਭ ਤੋਂ ਪਹਿਲਾਂ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਡਿਪਟੀ ਕਮਿਸ਼ਨਰ ਕੋਲ ਮਾਮਲਾ ਉਠਾਇਆ ਜਾਵੇਗਾ। ਜੇਕਰ ਪ੍ਰਸ਼ਾਸਨ ਵੋਟਾਂ ਦੀ ਮੁੜ ਗਿਣਤੀ ਨਹੀਂ ਕਰਵਾਉਂਦਾ, ਤਾਂ ਪਾਰਟੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਏਗੀ। ਬਬਲੀ ਢਿੱਲੋਂ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਨੇ ਇਹ ਚੋਣਾਂ ਲੋਕਤੰਤਰੀ ਢੰਗ ਨਾਲ ਨਹੀਂ ਜਿੱਤੀਆਂ, ਸਗੋਂ ਸੱਤਾ ਦੇ ਜ਼ੋਰ 'ਤੇ “ਲੁੱਟੀਆਂ” ਹਨ।
ਉਨ੍ਹਾਂ ਦੋਸ਼ ਲਗਾਇਆ ਕਿ ਸ਼ਹਿਰ ਦੇ ਸੱਤਾਧਾਰੀ ਪਾਰਟੀ ਦੇ ਪ੍ਰਭਾਵਸ਼ਾਲੀ ਆਗੂਆਂ ਨੇ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਹਰ ਤਰ੍ਹਾਂ ਦੇ ਹਥਕੰਡੇ ਅਪਣਾਏ ਅਤੇ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕੀਤਾ।ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਵਾਲੇ ਦਿਨ ਵੀ ਚੋਣ ਪ੍ਰਕਿਰਿਆ ਪਾਰਦਰਸ਼ੀ ਨਹੀਂ ਰਹੀ। ਉਨ੍ਹਾਂ ਦੇ ਅਨੁਸਾਰ ਜਿਨ੍ਹਾਂ ਵਾਰਡਾਂ ਵਿੱਚ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਥੋੜ੍ਹੇ ਫਰਕ ਨਾਲ ਅੱਗੇ ਸਨ, ਉੱਥੇ ਗਿਣਤੀ ਦੌਰਾਨ ਬੇਨਿਯਮੀਆਂ ਕਰਕੇ ਉਨ੍ਹਾਂ ਨੂੰ ਹਾਰਿਆ ਹੋਇਆ ਕਰਾਰ ਦਿੱਤਾ ਗਿਆ। ਬਬਲੀ ਢਿੱਲੋਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੇ ਲੋਕਤੰਤਰ ਦੀਆਂ ਜੜ੍ਹਾਂ ਨੂੰ ਕਮਜ਼ੋਰ ਕਰਨ ਦਾ ਕੰਮ ਕੀਤਾ ਹੈ।ਬਬਲੀ ਢਿੱਲੋਂ ਨੇ ਕਿਹਾ ਕਿ ਪਹਿਲਾਂ 26 ਮਈ ਨੂੰ ਹੋਈ ਵੋਟਿੰਗ ਦੌਰਾਨ ਕਈ ਪੋਲਿੰਗ ਬੂਥਾਂ 'ਤੇ ਖੁੱਲ੍ਹੇਆਮ ਧੱਕੇਸ਼ਾਹੀ ਕੀਤੀ ਗਈ ਅਤੇ ਜਾਅਲੀ ਵੋਟਾਂ ਭੁਗਤਾਉਣ ਦੇ ਮਾਮਲੇ ਸਾਹਮਣੇ ਆਏ।
ਉਹਨਾਂ ਕਿਹਾ ਕਿ ਇਸ ਦੌਰਾਨ ਵਿਰੋਧੀ ਪਾਰਟੀਆਂ ਦੇ ਵਰਕਰਾਂ ਅਤੇ ਏਜੰਟਾਂ ਨੂੰ ਕਈ ਥਾਵਾਂ 'ਤੇ ਦਬਾਅ ਹੇਠ ਰੱਖਿਆ ਗਿਆ, ਜਿਸ ਕਾਰਨ ਚੋਣਾਂ ਦੀ ਨਿਰਪੱਖਤਾ 'ਤੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ।
ਉਨ੍ਹਾਂ ਦੱਸਿਆ ਕਿ ਕੁਝ ਵਾਰਡਾਂ ਵਿੱਚ ਜਿੱਤ ਦਾ ਦਾਅਵਾ ਕਰਨ ਵਾਲੇ ਵਿਰੋਧੀ ਉਮੀਦਵਾਰਾਂ ਨੂੰ ਆਪਣੀਆਂ ਜਿੱਤ ਦੇ ਸਰਟੀਫਿਕੇਟ ਪ੍ਰਾਪਤ ਕਰਨ ਲਈ ਦੇਰ ਸ਼ਾਮ ਤੱਕ ਸੰਘਰਸ਼ ਕਰਨਾ ਪਿਆ। ਇਸ ਦੌਰਾਨ ਉਨ੍ਹਾਂ ਨੂੰ ਧਰਨੇ ਤੱਕ ਦੇਣੇ ਪਏ। ਬਬਲੀ ਢਿੱਲੋਂ ਨੇ ਕਿਹਾ ਕਿ ਅਕਾਲੀ ਦਲ ਦੇ ਕਈ ਉਮੀਦਵਾਰ ਇਸ ਤਰ੍ਹਾਂ ਦੀਆਂ ਘਟਨਾਵਾਂ ਦਾ ਸ਼ਿਕਾਰ ਹੋਏ ਹਨ। ਬਬਲੀ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਚੋਣਾਂ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਅਤੇ ਧੱਕੇਸ਼ਾਹੀ ਖ਼ਿਲਾਫ਼ ਆਪਣਾ ਸੰਘਰਸ਼ ਜਾਰੀ ਰੱਖੇਗਾ ਅਤੇ ਪਾਰਟੀ ਇਸ ਮਾਮਲੇ ਨੂੰ ਅੰਤ ਤੱਕ ਲੈ ਕੇ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਦਲਜੀਤ ਸਿੰਘ ਬਰਾੜ ਅਤੇ ਰਾਜਬਿੰਦਰ ਸਿੰਘ ਸਿੱਧੂ ਸਮੇਤ ਵੱਡੀ ਗਿਣਤੀ ਅਕਾਲੀ ਆਗੂ ਹਾਜ਼ਰ ਸਨ।
- Download Babushahi App
-
-