ਅਕਾਲੀ ਦਲ ਵੱਲੋਂ ਲੈਂਡ ਪੂਲਿੰਗ ਵਿਰੁੱਧ ਵੱਡੇ ਮੋਰਚੇ ਦਾ ਐਲਾਨ
ਮੋਹਾਲੀ, 7 ਅਗਸਤ 2025 : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿੱਚ 1 ਸਤੰਬਰ ਨੂੰ ਮੋਹਾਲੀ ਵਿੱਚ ਇੱਕ ਵੱਡਾ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਕਾਲੀ ਦਲ ਇਸ ਨੀਤੀ ਦਾ ਸਖ਼ਤ ਵਿਰੋਧ ਕਰਦਾ ਹੈ ਅਤੇ ਕਿਸਾਨਾਂ ਦੀ ਇੱਕ ਇੰਚ ਵੀ ਜ਼ਮੀਨ ਖੋਹਣ ਨਹੀਂ ਦੇਵੇਗਾ।
ਬਾਦਲ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹਾ ਹੈ ਅਤੇ ਇਸ ਨੀਤੀ ਨੂੰ ਰੱਦ ਕਰਵਾਉਣ ਲਈ ਸਰਕਾਰ 'ਤੇ ਦਬਾਅ ਬਣਾਇਆ ਜਾਵੇਗਾ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਨੂੰ ਤੁਰੰਤ ਵਾਪਸ ਲਵੇ।
ਇਸ ਦੌਰਾਨ, ਸੁਖਬੀਰ ਸਿੰਘ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਵੱਲੋਂ ਮੋਹਾਲੀ ਸਥਿਤ ਗੁਰਦੁਆਰਾ ਅੰਬ ਸਾਹਿਬ ਨੇੜੇ ਇੱਕ ਪੱਕਾ ਮੋਰਚਾ ਲਗਾਇਆ ਜਾਵੇਗਾ। ਇਸ ਮੋਰਚੇ ਦਾ ਉਦੇਸ਼ ਸਰਕਾਰ ਨੂੰ ਆਪਣੀ ਨੀਤੀ ਬਦਲਣ ਲਈ ਮਜਬੂਰ ਕਰਨਾ ਹੈ।