2027 ਦੀਆਂ ਚੋਣਾਂ ਲਈ ਅਕਾਲੀ ਦਲ ਸਰਗਰਮ! ਸੁਖਬੀਰ ਬਾਦਲ ਨੇ ਬੁਲਾਈ ਅਹਿਮ ਮੀਟਿੰਗ
ਚੰਡੀਗੜ੍ਹ, 24 ਜਨਵਰੀ 2026: ਸ਼੍ਰੋਮਣੀ ਅਕਾਲੀ ਦਲ ਵੱਲੋਂ ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਅੱਜ ਚੰਡੀਗੜ੍ਹ ਸਥਿਤ ਪਾਰਟੀ ਮੁੱਖ ਦਫ਼ਤਰ ਵਿਖੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਮੂਹ ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਦੀ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਗਈ।
ਸੁਖਬੀਰ ਸਿੰਘ ਬਾਦਲ ਨੇ ਸਾਫ਼ ਕੀਤਾ ਕਿ ਪਾਰਟੀ ਵੱਲੋਂ 2027 ਦੀਆਂ ਚੋਣਾਂ ਲਈ ਤਿਆਰੀਆਂ ਹੁਣੇ ਤੋਂ ਖਿੱਚੀਆਂ ਜਾ ਰਹੀਆਂ ਹਨ ਤਾਂ ਜੋ ਹੇਠਲੇ ਪੱਧਰ 'ਤੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਸਕੇ। ਮੀਟਿੰਗ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਲੋਕਾਂ ਦੀਆਂ ਮੁਸ਼ਕਲਾਂ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਨਵੀਂ ਰਣਨੀਤੀ ਉਲੀਕਣ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਹਲਕਾ ਇੰਚਾਰਜਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ।
ਮੀਟਿੰਗ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ, "ਸਾਡੀ ਪਾਰਟੀ ਹਮੇਸ਼ਾ ਲੋਕਾਂ ਦੇ ਹਿੱਤਾਂ ਲਈ ਲੜਦੀ ਰਹੀ ਹੈ। ਅੱਜ ਦੀ ਮੀਟਿੰਗ ਦਾ ਮੁੱਖ ਮਕਸਦ ਆਗਾਮੀ ਚੋਣਾਂ ਲਈ ਰੂਪ-ਰੇਖਾ ਤਿਆਰ ਕਰਨਾ ਹੈ। ਅਸੀਂ ਹਰ ਹਲਕੇ ਅਤੇ ਜ਼ਿਲ੍ਹੇ ਦੀ ਫੀਡਬੈਕ ਲੈ ਕੇ ਅੱਗੇ ਵਧਾਂਗੇ।"