ਅਸਿਸਟੈਂਟ ਕਮਿਸ਼ਨਰ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੇ ਕਾਰਜ਼ਾਂ ਦੀ ਸਮੀਖਿਆ
- ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਸਾਨੂੰ ਸਾਰਿਆਂ ਨੂੰ ਸੁਹਿਰਦ ਯਤਨ ਕਰਨੇ ਚਾਹੀਦੇ ਹਨ :-ਪਾਇਲ ਗੋਇਲ
ਨਿਰਮਲ ਦੋਸਤ
ਰਾਏਕੋਟ/ਲੁਧਿਆਣਾ, 31 ਜਨਵਰੀ 2025 - ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਸਹਾਇਕ ਕਮਿਸ਼ਨਰ (ਜ) ਪਾਇਲ ਗੋਇਲ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.) ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ।
ਮੀਟਿੰਗ ਦੌਰਾਨ ਐਸ.ਡੀ.ਐਮ. ਡਾ. ਬਲਜਿੰਦਰ ਸਿੰਘ, ਰੈਡ ਕਰਾਸ ਸੁਸਾਇਟੀ, ਲੁਧਿਆਣਾ ਸਾਖ਼ਾ ਦੇ ਸਕੱਤਰ ਨਵਨੀਤ ਜੋਸ਼ੀ, ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ, ਸਹਾਇਕ ਕਮਿਸ਼ਨਰ ਗੋਇਲ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਸਾਨੂੰ ਸਾਰਿਆਂ ਨੂੰ ਸੁਹਿਰਦ ਯਤਨ ਕਰਨੇ ਚਾਹੀਦੇ ਹਨ।
ਉਨ੍ਹਾਂ ਸਬੰਧਤ ਵਿਭਾਗਾਂ ਨੂੰ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਕਰਵਾਈਆਂ ਜਾ ਰਹੀਂ ਗਤੀਵਿਧੀਆਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਕਾਰਵਾਈ ਸਬੰਧੀ ਉਨ੍ਹਾਂ ਨੂੰ ਮਹੀਨਾਵਾਰ ਰਿਪੋਰਟ ਭੇਜਣੀ ਯਕੀਨੀ ਬਣਾਈ ਜਾਵੇ।
ਸਹਾਇਕ ਕਮਿਸ਼ਨਰ ਪਾਇਲ ਨੇ ਸਿੱਖਿਆ ਵਿਭਾਗ ਨੂੰ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਕੂਲਾਂ/ਕਾਲਜਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਸਟੇਜ ਨਾਟਕ, ਸਕਿੱਟ ਜਾਂ ਹੋਰ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਆਦੇਸ਼ ਦਿੱਤੇ ਕਿ ਨਸ਼ਿਆਂ ਦੇ ਹੌਟਸਪੌਟਸ ਵਿੱਚ ਮੈਡੀਕਲ ਕੈਂਪ ਲਗਾਏ ਜਾਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪ੍ਰਚਾਰ ਕਰਨ ਤੋਂ ਇਲਾਵਾ ਓਟ ਕਲੀਨਿਕਾਂ, ਮੁੜ ਵਸੇਬਾ ਕੇਂਦਰਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਜਨਤਕ ਲਾਮਬੰਦੀ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਜੋ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਵਿੱਚ ਸਹਾਈ ਸਿੱਧ ਹੋ ਸਕਦਾ ਹੈ।
ਸਹਾਇਕ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਪਹਿਲਾਂ ਹੀ ਟੁੱਟ ਚੁੱਕੀ ਹੈ ਅਤੇ ਹੁਣ ਸਮਾਂ ਆ ਗਿਆ ਹੈ ਜਦੋਂ ਇਸ ਮੁਹਿੰਮ ਤਹਿਤ ਲੋਕਾਂ ਦੇ ਦਿਲੋਂ ਸਹਿਯੋਗ ਨਾਲ ਨਸ਼ਿਆਂ ਦੀ ਮੰਗ ਨੂੰ ਰੋਕਣ ਦੀ ਲੋੜ ਹੈ।
ਸਹਾਇਕ ਕਮਿਸ਼ਨਰ ਨੇ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਪੁਲਿਸ ਨੇ ਪਹਿਲਾਂ ਹੀ ਨਸ਼ਾ ਤਸਕਰਾਂ 'ਤੇ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ ਵੱਡੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅੱਤਵਾਦ ਦਾ ਸਫਲਤਾਪੂਰਵਕ ਮੁਕਾਬਲਾ ਕੀਤਾ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਉਹ ਸਾਰੇ ਇੱਕ ਵਾਰ ਫਿਰ ਇਕੱਠੇ ਹੋ ਕੇ ਨਸ਼ਿਆਂ ਵਿਰੁੱਧ ਲਗਾਤਾਰ ਦਬਾਅ ਬਣਾਉਣ ਤਾਂ ਜੋ ਇਸ ਖਤਰੇ ਦਾ ਮੁਕਾਬਲਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਨਸ਼ਿਆਂ ਦੀ ਅਲਾਮਤ ਨੂੰ ਛੱਡਣ ਲਈ ਹਰ ਪਹਿਲ ਕਦਮੀ ਕੀਤੀ ਜਾਵੇਗੀ।
ਸਹਾਇਕ ਕਮਿਸ਼ਨਰ (ਜ) ਪਾਇਲ ਗੋਇਲ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਆਪਣੇ ਅਧਿਕਾਰ ਖੇਤਰਾਂ ਵਿੱਚ ਨਿਯਮਤ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣ ਜਿੱਥੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਇੱਕ ਸਿਹਤਮੰਦ ਜੀਵਨ ਸ਼ੈਲੀ ਚੁਣਨ ਲਈ ਪ੍ਰੇਰਿਤ ਕਰਨ।