ਅੰਮ੍ਰਿਤਧਾਰੀ ਗੁਰਸਿੱਖ ਪਰਿਵਾਰਾਂ ਦੇ ਬੱਚਿਆਂ ਲਈ ਮੁਫ਼ਤ ਸਿੱਖਿਆ ਦਾ ਇਤਿਹਾਸਕ ਐਲਾਨ
*ਸਿੱਖਿਆ ਰਾਹੀਂ ਸਿੱਖ ਨੌਜਵਾਨ ਪੀੜ੍ਹੀ ਦਾ ਉੱਜਵਲ ਭਵਿੱਖ ਬਨਾਉਣ ਲਈ ਡੀਐੱਸਜੀਐੱਮਸੀ ਦੀ ਵੱਡੀ ਪਹਿਲ : ਹਰਮੀਤ ਸਿੰਘ ਕਾਲਕਾ*
ਨਵੀਂ ਦਿੱਲੀ 10 ਫਰਵਰੀ, 2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਹੈ ਕਿ ਸਿੱਖਿਆ ਦੇ ਮਾਧਿਅਮ ਨਾਲ ਸਿੱਖ ਕੌਮ ਦੀ ਨੌਜਵਾਨ ਪੀੜ੍ਹੀ ਦਾ ਉੱਜਵਲ ਭਵਿੱਖ ਬਨਾਉਣ ਦੇ ਉਦੇਸ਼ ਨਾਲ ਵੱਲੋਂ ਅੰਮ੍ਰਿਤਧਾਰੀ ਗੁਰਸਿੱਖ ਪਰਿਵਾਰਾਂ ਦੇ ਬੱਚਿਆਂ ਲਈ ਮੁਫ਼ਤ ਸਿੱਖਿਆ ਦੇਣ ਦਾ ਇਤਿਹਾਸਕ ਫੈਸਲਾ ਲਿਆ ਗਿਆ ਹੈ। ਇਸ ਫੈਸਲੇ ਤਹਿਤ ਹੁਣ ਅੰਮ੍ਰਿਤਧਾਰੀ ਗੁਰਸਿੱਖ ਪਰਿਵਾਰਾਂ ਦੇ ਬੱਚਿਆਂ ਨੂੰ ਸਕੂਲਾਂ ਅਤੇ ਕਾਲਜਾਂ ਵਿੱਚ ਬਿਨਾਂ ਕਿਸੇ ਫੀਸ ਦੇ ਪੜ੍ਹਾਈ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸਮੂਹ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਸਾਰੇ ਮਿਲ ਕੇ ਸਿੱਖ ਕੌਮ ਦੇ ਬੱਚਿਆਂ ਦੀ ਬਾਂਹ ਫੜੀਏ ਅਤੇ ਉਨ੍ਹਾਂ ਨੂੰ ਉੱਚ-ਕੁਆਲਟੀ ਦੀ ਸਿੱਖਿਆ ਦਿਵਾਈਏ, ਤਾਂ ਜੋ ਉਹ ਦੇਸ਼ ਅਤੇ ਸਿੱਖ ਕੌਮ ਦੀ ਭਲਾਈ ਲਈ ਇੱਕ ਸੋਹਣਾ, ਸੁਚੱਜਾ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਵਡਮੁੱਲਾ ਯੋਗਦਾਨ ਪਾ ਸਕੀਏ। ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ 26 ਜਨਵਰੀ ਨੂੰ ਡੀਐੱਸਜੀਐੱਮਸੀ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਦਿੱਲੀ ਵਿੱਚ ਰਹਿੰਦੇ ਸਾਰੇ ਅੰਮ੍ਰਿਤਧਾਰੀ ਪਰਿਵਾਰਾਂ ਦੇ ਬੱਚਿਆਂ ਨੂੰ ਸਕੂਲ, ਕਾਲਜ ਵਿੱਚ ਪੜ੍ਹ ਰਹੇ ਹਨ, ਤਾਂ ਉਨ੍ਹਾਂ ਦੀ ਪੜ੍ਹਾਈ ਦਾ ਖਰਚਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਭਾਈ ਜਾਵੇਗੀ। ਇਸ ਸਹੂਲਤ ਦਾ ਲਾਭ ਲੈਣ ਲਈ ਅੰਮ੍ਰਿਤਧਾਰੀ ਪਰਿਵਾਰ ਡੀਐੱਸਜੀਐੱਮਸੀ ਨੂੰ ਬੇਨਤੀ ਪੱਤਰ ਦੇ ਸਕਦੇ ਹਨ। ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਡੀਐੱਸਜੀਐੱਮਸੀ ਦਾ ਮੁੱਖ ਮੰਤਵ ਇਹ ਹੈ ਕਿ ਸਾਡੇ ਬੱਚੇ ਨਸ਼ਿਆਂ ਤੋਂ ਦੂਰ ਰਹਿਣ, ਗੁਰੂ ਵਾਲੇ ਬਣਨ ਅਤੇ ਉਨ੍ਹਾਂ ਦੀ ਪੜ੍ਹਾਈ ਦਾ ਮਜ਼ਬੂਤ ਪ੍ਰਬੰਧ ਹੋਵੇ।
ਹਰਮੀਤ ਸਿੰਘ ਕਾਲਕਾ ਨੇ ਅੱਗੇ ਦੱਸਿਆ ਕਿ ਖਾਲਸਾ ਸਾਜਨਾ ਦਿਵਸ ਦੇ ਸ਼ੁਭ ਮੌਕੇ ’ਤੇ 13 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਸਥਿਤ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿੱਚ ਵਿਸ਼ਾਲ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਜਾਵੇਗਾ। ਇਸ ਸਮਾਗਮ ਦੌਰਾਨ ਜਿਹੜੇ ਬੱਚੇ ਅਤੇ ਪਰਿਵਾਰ ਅਜੇ ਤੱਕ ਅੰਮ੍ਰਿਤਧਾਰੀ ਨਹੀਂ ਬਣੇ, ਉਹ ਖੰਡੇ ਬਾਟੇ ਦੀ ਪਾਹੁਲ ਛੱਕ ਕੇ ਗੁਰੂ ਵਾਲੇ ਬਣਨ। ਉਨ੍ਹਾਂ ਕਿਹਾ ਕਿ ਜਿਹੜੇ ਪਰਿਵਾਰ ਇਸ ਮੁਫ਼ਤ ਸਿੱਖਿਆ ਸਹੂਲਤ ਦਾ ਲਾਭ ਲੈਣਾ ਚਾਹੁੰਦੇ ਹਨ, ਉਹ ਡੀਐੱਸਜੀਐੱਮਸੀ ਦੇ ਗੁਰਦੁਆਰਾ ਸਾਹਿਬਾਨ ਵਿੱਚ ਆਪਣੇ ਨਾਮ ਰਜਿਸਟਰ ਕਰਵਾ ਸਕਦੇ ਹਨ, ਤਾਂ ਜੋ ਅੰਮ੍ਰਿਤਧਾਰੀ ਪਰਿਵਾਰਾਂ ਦੇ ਬੱਚੇ ਮੁਫ਼ਤ ਪੜ੍ਹਾਈ ਦੀ ਇਸ ਮਹੱਤਵਪੂਰਨ ਸਹੂਲਤ ਦਾ ਪੂਰਾ ਲਾਭ ਲੈ ਸਕਣ।