ਆਈ.ਈ.ਟੀ. ਭੱਦਲ ਟੈਕਨਕੀਲ ਕੈਂਪਸ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ
ਮਨਪ੍ਰੀਤ ਸਿੰਘ
ਰੂਪਨਗਰ 13 ਜਨਵਰੀ
ਆਈ.ਈ.ਟੀ. ਭੱਦਲ ਟੈਕਨੀਕਲ ਕੈਂਪਸ ਵਿਖੇ ਪੰਜਾਬ ਦਾ ਰਵਾਇਤੀ ਅਤੇ ਲੋਕਪ੍ਰਿਯ ਤਿਉਹਾਰ ਲੋਹੜੀ ਪੂਰੇ ਉਤਸ਼ਾਹ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਸੰਸਥਾ ਦੇ ਚੇਅਰਮੈਨ ਤਜਿੰਦਰ ਸਿੰਘ ਨੇ ਲੋਹੜੀ ਜਲਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਅਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਲੋਹੜੀ ਦਾ ਤਿਉਹਾਰ ਖੁਸ਼ਹਾਲੀ ਅਤੇ ਸਾਂਝੇਪਣ ਦਾ ਪ੍ਰਤੀਕ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲ ਕੇ ਰੱਖਣ ਦੀ ਅਪੀਲ ਕੀਤੀ। ਕੈਂਪਸ ਦੇ ਰਜਿਸਟਰਾਰ-ਕਮ-ਡਾਇਰੈਕਟਰ ਡਾ. ਐਸ.ਐਸ. ਬਿੰਦਰਾ ਨੇ ਕਿਹਾ ਕਿ ਪੰਜਾਬੀ ਵਿਰਸੇ ਨਾਲ ਜੁੜੇ ਹਰ ਤਿਉਹਾਰ ਨੂੰ ਬੜੀ ਧੂਮ-ਧਾਮ ਨਾਲ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਧੀਆਂ ਦੀ ਲੋਹੜੀ ਵੀ ਮਨਾਉਣੀ ਚਾਹੀਦੀ ਹੈ ਤਾਂ ਜੋ ਲੜਕੀਆਂ ਨੂੰ ਬੋਝ ਸਮਝਣ ਵਾਲਿਆਂ ਦੀ ਸੋਚ ਨੂੰ ਬਦਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੀਆਂ ਧੀਆਂ ਨੂੰ ਚੰਗੀ ਸਿੱਖਿਆ ਦਿਵਾ ਕੇ ਕਾਬਲ ਬਣਾਉਣਾ ਚਾਹੀਦਾ ਹੈ ਤਾਂ ਜੋ ਉਹ ਸਮਾਜ ਵਿੱਚ ਬਰਾਬਰੀ ਦਾ ਹੱਕ ਹਾਸਲ ਕਰ ਸਕਣ ਅਤੇ ਦੇਸ਼ ਦੀ ਤਰੱਕੀ ਵਿੱਚ ਅਹਿਮ ਰੋਲ ਅਦਾ ਕਰ ਸਕਣ। ਲੋਹੜੀ ਦੇ ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਵੱਲੋਂ ਲੋਹੜੀ ਦੇ ਗੀਤ ਗਾ ਕੇ ਲੋਹੜੀ ਮੰਗਣ ਦੀ ਰਸਮ ਅਦਾ ਕੀਤੀ ਗਈ ਅਤੇ ਮੂੰਗਫਲੀ, ਗੱਚਕ ਅਤੇ ਰਿਉੜੀਆਂ ਦਾ ਵੀ ਆਨੰਦ ਮਾਣਿਆ ਗਿਆ। ਇਸ ਉਪਰੰਤ ਸਟਾਫ਼ ਅਤੇ ਵਿਦਿਆਰਥੀਆਂ ਨੇ ਲੋਹੜੀ ਦੇ ਗੀਤਾਂ ਤੇ ਨੱਚ-ਟੱਪ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਸਭ ਨੇ ਇੱਕ ਦੂਜੇ ਨੂੰ ਲੋਹੜੀ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਗਰੁੱਪ ਡਾਇਰੈਕਟਰ (ਅਕਾਦਮਿਕ) ਡਾ. ਗੁਰਪ੍ਰੀਤ ਸਿੰਘ, ਡਾ. ਕੰਚਨ ਸ਼ਰਮਾਂ (ਪ੍ਰਿੰਸੀਪਲ - ਵੋਕੇਸ਼ਨਲ ਸਟੱਡੀਜ਼), ਗੁਰਪ੍ਰੀਤ ਸਿੰਘ (ਪ੍ਰਿੰਸੀਪਲ-ਆਰਕੀਟੈਕਚਰ) ਤੋਂ ਇਲਾਵਾ, ਵਿਸ਼ਾਲ ਅਰੋੜਾ, ਉਂਕਾਰ ਸਿੰਘ ਆਦਿ ਹਾਜ਼ਰ ਸਨ।