ਨੌਵੇਂ ਪਾਤਸ਼ਾਹ ਦਾ ਅਪਮਾਨ ਕਰਨ ਵਾਲੀ ਆਤਿਸ਼ੀ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦਾ ਜ਼ੋਰਦਾਰ ਰੋਸ ਵਿਖਾਵਾ
ਅਸ਼ੋਕ ਵਰਮਾ
ਬਠਿੰਡਾ, 11 ਜਨਵਰੀ 2026: ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਮਾਰਲੇਨਾ ਵੱਲੋਂ ਦਿੱਲੀ ਵਿਧਾਨ ਸਭਾ ਵਿੱਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪ੍ਰਤੀ ਬੋਲੇ ਗਏ ਅਪਮਾਨਜਨਕ ਸ਼ਬਦਾਂ ਖਿਲਾਫ਼ ਸ੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਅਤੇ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਗੋਲਡੀ ਦੀ ਅਗਵਾਈ ਹੇਠ ਅੱਜ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਧਰਨੇ ਵਿਚ ਪੁੱਜੇ ਵੱਡੀ ਗਿਣਤੀ ਅਕਾਲੀ ਵਰਕਰਾਂ ਨੇ ਆਮ ਆਦਮੀ ਪਾਰਟੀ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦੇ ਹੋਏ ਸ੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਅਤੇ ਸ਼ਹਿਰੀ ਪ੍ਰਧਾਨ ਸੁਸ਼ੀਲ ਗੋਲਡੀ ਨੇ ਆਮ ਆਦਮੀ ਪਾਰਟੀ ਦੀ ਦਿੱਲੀ ਅਤੇ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਤਿਸ਼ੀ ਮਾਰਲੇਨਾ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਵਿਧਾਨ ਸਭਾ ਵਿੱਚ ਵਰਤੇ ਗਏ ਸ਼ਬਦ ਸਿੱਖ ਕੌਮ ਹੀ ਨਹੀਂ ਸਗੋਂ ਸਮੁੱਚੀ ਮਨੁੱਖਤਾ ਦਾ ਅਪਮਾਨ ਹੈ, ਜਿਸ ਨੂੰ ਸ੍ਰੋਮਣੀ ਅਕਾਲੀ ਦਲ ਕਦੇ ਵੀ ਸਹਿਣ ਨਹੀਂ ਕਰੇਗਾ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਿਰਫ਼ ਸਿੱਖਾਂ ਦੇ ਹੀ ਨਹੀਂ, ਸਗੋਂ ਪੂਰੇ ਮਨੁੱਖੀ ਅਧਿਕਾਰਾਂ ਦੇ ਪ੍ਰਤੀਕ ਹਨ। ਅਜਿਹੇ ਮਹਾਨ ਗੁਰੂਆਂ ਬਾਰੇ ਅਪਸ਼ਬਦ ਵਰਤਣਾ ਅਮਨ-ਕਾਨੂੰਨ ਅਤੇ ਸਮਾਜਿਕ ਸਾਂਝ ਲਈ ਖ਼ਤਰਨਾਕ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਜਿਹੇ ਸੰਵਿਧਾਨਕ ਮੰਚ ‘ਤੇ ਬੈਠ ਕੇ ਗੁਰੂ ਸਾਹਿਬਾਨ ਦੇ ਸਨਮਾਨ ਨੂੰ ਠੇਸ ਪਹੁੰਚਾਉਣਾ ਆਮ ਆਦਮੀ ਪਾਰਟੀ ਦੀ ਅਸਲੀ ਸੋਚ ਨੂੰ ਬੇਨਕਾਬ ਕਰਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਤਿਸ਼ੀ ਨੇ ਜਾਣ-ਬੁੱਝ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਅਤੇ ਇਹ ਬਿਆਨ ਕਿਸੇ ਭੁੱਲ ਜਾਂ ਅਗਿਆਨਤਾ ਦਾ ਨਤੀਜਾ ਨਹੀਂ, ਸਗੋਂ ਇਕ ਸੋਚੀ-ਸਮਝੀ ਰਣਨੀਤੀ ਹੈ। ਅਕਾਲੀ ਆਗੂਆਂ ਨੇ ਮੰਗ ਕੀਤੀ ਕਿ ਆਤਿਸ਼ੀ ਖਿਲਾਫ਼ ਅਪਰਾਧਿਕ ਕਾਰਵਾਈਆਂ ਤਹਿਤ ਕੇਸ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਸਦੀ ਵਿਧਾਨ ਸਭਾ ਮੈਂਬਰਸ਼ਿਪ ਖਾਰਜ ਕੀਤੀ ਜਾਵੇ।
ਸ਼੍ਰੋਮਣੀ ਅਕਾਲੀ ਦਲ ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ਼ ਇਕਬਾਲ ਸਿੰਘ ਬਬਲੀ ਢਿੱਲੋਂ, ਹਲਕਾ ਤਲਵੰਡੀ ਸਾਬੋ ਦੇ ਇੰਚਾਰਜ਼ ਰਵੀਪ੍ਰੀਤ ਸਿੰਘ ਸਿੱਧੂ ਅਤੇ ਮੋਹਿਤ ਗੁਪਤਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਲਗਾਤਾਰ ਗੁਰੂ ਕੀ ਗੋਲਕ ਅਤੇ ਸਿੱਖ ਰਹਿਤ ਮਰਿਆਦਾ ਵਰਗੇ ਅਤਿ ਸੰਵੇਦਨਸ਼ੀਲ ਮਸਲਿਆਂ ‘ਤੇ ਬੇਲਗਾਮ ਟਿੱਪਣੀਆਂ ਕਰ ਰਹੇ ਹਨ, ਜੋ ਕਿ ਇਕ ਮੁੱਖ ਮੰਤਰੀ ਦੇ ਅਹੁਦੇ ਨੂੰ ਸ਼ੋਭਾ ਨਹੀਂ ਦਿੰਦੀਆਂ। ਉਨ੍ਹਾਂ ਕਿਹਾ ਕਿ ਗੁਰੂ ਕੀ ਗੋਲਕ ਸਿੱਖ ਕੌਮ ਦੀ ਪਵਿੱਤਰ ਅਮਾਨਤ ਹੈ ਅਤੇ ਇਸ ‘ਤੇ ਸਿਆਸੀ ਬਿਆਨਬਾਜ਼ੀ ਕਰਨਾ ਸਿੱਖ ਧਰਮ ਦੇ ਅਸੂਲਾਂ ਦਾ ਸਿੱਧਾ ਉਲੰਘਣ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰਾਂ ਨੇ ਪੰਜਾਬ ਅਤੇ ਦਿੱਲੀ ਵਿੱਚ ਨਾਕਾਮੀਆਂ ਛੁਪਾਉਣ ਲਈ ਧਾਰਮਿਕ ਮਸਲਿਆਂ ਨੂੰ ਵਿਵਾਦਿਤ ਬਣਾਉਣਾ ਆਪਣਾ ਹਥਕੰਡਾ ਬਣਾ ਲਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਬੇਰੋਜ਼ਗਾਰੀ, ਨਸ਼ੇ, ਕਾਨੂੰਨ-ਵਿਵਸਥਾ ਦੀ ਗਿਰਾਵਟ ਅਤੇ ਆਰਥਿਕ ਮੰਦਹਾਲੀ ਵਰਗੇ ਗੰਭੀਰ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਗੁਰੂ ਘਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅਕਾਲੀ ਆਗੂਆਂ ਨੇ ਆਤਿਸ਼ੀ ਖਿਲਾਫ ਕਾਰਵਾਈ ਲਈ ਮੰਗ ਪੱਤਰ ਵੀ ਦਿੱਤਾ।