ਆਧੁਨਿਕ ਸੁਵਿਧਾਵਾਂ ਨਾਲ ਲੈਸ ਹੋ ਰਹੇ ਹਨ ਪੰਜਾਬ ਦੇ ਸਰਕਾਰੀ ਸਕੂਲ: ਜੈ ਕ੍ਰਿਸ਼ਨ ਸਿੰਘ ਰੌੜੀ
ਡਿਪਟੀ ਸਪੀਕਰ ਨੇ 45.69 ਲੱਖ ਰੁਪਏ ਦੀ ਲਾਗਤ ਨਾਲ 7 ਸਰਕਾਰੀ ਸਕੂਲਾਂ ’ਚ ਹੋਏ ਵਿਕਾਸ ਕੰਮਾਂ ਦਾ ਕੀਤਾ ਉਦਘਾਟਨ
ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਿੱਖਿਆ ਦੇ ਖੇਤਰ ਵਿਚ ਹੋਏ ਕ੍ਰਾਂਤੀਕਾਰੀ ਬਦਲਾਅ
ਗੜ੍ਹਸ਼ੰਕਰ/ਹੁਸ਼ਿਆਰਪੁਰ, 21 ਅਪ੍ਰੈਲ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਸਰਕਾਰੀ ਸਕੂਲਾਂ ਨੂੰ ਅਤਿਆਧੁਨਿਕ ਸੁਵਿਧਾਵਾਂ ਨਾਲ ਲੈਸ ਕਰ ਰਹੀ ਹੈ। ਕਈ ਸਕੂਲਾਂ ਦੀ ਕਾਇਅਕਲਪ ਹੋ ਚੁੱਕੀ ਹੈ ਅਤੇ ਬਾਕੀ ਵੀ ਉਚ ਪੱਧਰੀ ਸੁਵਿਧਾਵਾਂ ਉਪਲਬੱਧ ਕਰਵਾਉਣ ਲਈ ਸਰਕਾਰ ਲਗਾਤਾਰ ਯਤਨਸ਼ੀਲ ਹੈ। ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕਰੋੜਾਂ ਰੁਪਏ ਦੀ ਗਰਾਂਟ ਨਾਲ ਸਕੂਲਾਂ ਨੂੰ ਆਧੁਨਿਕ ਰੂਪ ਦਿੱਤਾ ਜਾ ਰਿਹਾ ਹੈ ਅਤੇ ਇਹ ਪ੍ਰਕਿਰਿਆ ਨਿਰੰਤਰ ਜਾਰੀ ਹੈ।
ਇਹ ਵਿਚਾਰ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ 7 ਸਰਕਾਰੀ ਸਕੂਲਾਂ ਵਿਚ 45.69 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕੰਮਾਂ ਦੇ ਉਦਘਾਟਨ ਦੌਰਾਨ ਕਹੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਕੀਤੇ ਗਏ ਸ਼ਲਾਘਾਯੋਗ ਕੰਮਾਂ ਦੇ ਨਤੀਜ਼ੇ ਵਜੋਂ ਸਰਕਾਰੀ ਸਕੂਲਾਂ ਵਿਚ ਦਾਖਲਿਆਂ ਵਿਚ ਵੀ ਵਾਧਾ ਹੋਇਆ ਹੈ।
ਡਿਪਟੀ ਸਪੀਕਰ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਇਬਰਾਹਿਮਪੁਰ ਵਿਚ ਇਮਾਰਤ ਦੇ ਨਵੀਨੀਕਰਨ, ਸਰਕਾਰੀ ਪ੍ਰਾਇਮਰੀ ਸਕੂਲ ਪਨਾਮ ਵਿਚ ਚਾਰਦੀਵਾਰੀ ਅਤੇ ਕਲਾਸ ਰੂਮ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਨਾਮ ਸਾਇੰਸ ਲੈਬਾਰਟਰੀ, ਸਰਕਾਰੀ ਪ੍ਰਾਇਮਰੀ ਸਕੂਲ ਚੱਕ ਫੁਲੂ ਕਲਾਸ ਰੂਮ ਦੇ ਨਿਰਮਾਣ, ਸਰਕਾਰੀ ਪ੍ਰਾਇਕਰੀ ਸਕੂਲ ਸਮੁੰਦੜਾ ਵਿਚ ਚਾਰਦੀਵਾਰੀ ਅਤੇ ਕਲਾਸ ਰੂਮ ਦੇ ਨਿਰਮਾਣ, ਸਰਕਾਰੀ ਪ੍ਰਾਇਮਰੀ ਸਕੂਲ ਧਮਾਈ ਵਿਖੇ ਚਾਰਦੀਵਾਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਮਾਈ ਵਿਚ ਬਣਾਏ ਗਏ ਕਲਾਸ ਰੂਮ ਦਾ ਉਦਘਾਟਨ ਕੀਤਾ।
ਜੈ ਕ੍ਰਿਸ਼ਨ ਸਿੰਘ ਰੌੜੀ ਨੇ ਦੱਸਿਆ ਕਿ ਹੁਣ ਸਰਕਾਰੀ ਸਕੂਲਾਂ ਵਿਚ ਸਾਫ਼-ਸੁਥਰਾ ਪਾਣੀ, ਬਿਜਲੀ ਵਰਗੀਆਂ ਬੁਨਿਆਦੀ ਸੁਵਿਧਾਵਾਂ ਦੇ ਨਾਲ-ਨਾਲ ਸਮਾਰਟ ਕਲਾਸ ਰੂਮ, ਸਾਇੰਸ ਲੈਬਾਰਟਰੀ, ਖੇਡ ਮੈਦਾਨ ਅਤੇ ਸੁੰਦਰ ਇਮਾਰਤਾਂ ਵਰਗੀਆਂ ਆਧੁਨਿਕ ਸੁਵਿਧਾਵਾਂ ਵੀ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ। ਇਸ ਨਾਲ ਸਕੂਲਾਂ ਦੀ ਦਿਖ ਅਤੇ ਸਿੱਖਿਆ ਦੀ ਗੁਣਵੱਤਾ ਵਿਚ ਬਹੁਤ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਚੱਲ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਖੇਡਾਂ ਲਈ ਵਧੀਆ ਵਾਤਾਵਰਣ ਮਿਲ ਰਿਹਾ ਹੈ ਤਾਂ ਜੋ ਉਹ ਮੁਕਾਬਲੇਬਾਜੀ ਪ੍ਰੀਖਿਆ ਵਿਚ ਹਿੱਸਾ ਲੈ ਕੇ ਰਾਜ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। ਇਸ ਮੌਕੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।