ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫਸਰਾਂ ਦੀ ਪ੍ਰਾਈਮਰੀ ਹੈਲਥਕੇਅਰ ਸੇਵਾਵਾਂ ਸਬੰਧੀ ਮੁੜ ਓਰੀਐਂਟੇਸ਼ਨ ਟ੍ਰੇਨਿੰਗ ਆਯੋਜਿਤ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 27 ਅਕਤੂਬਰ 2025 : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹੇ ਦੀਆਂ ਆਮ ਆਦਮੀ ਕਲੀਨਿਕਾਂ ਵਿਚ ਉਪਲੱਬਧ ਸਿਹਤ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਉਣ ਲਈ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫਸਰਾਂ ਨੂੰ ਪ੍ਰਾਈਮਰੀ ਹੈਲਥਕੇਅਰ ਸੇਵਾਵਾਂ ਸਬੰਧੀ ਮੁੜ ਓਰੀਐਂਟੇਸ਼ਨ ਟ੍ਰੇਨਿੰਗ ਦਿੱਤੀ ਗਈ।
ਇਸ ਮੌਕੇ ਸਿਵਲ ਸਰਜਨ ਡਾ . ਗੁਰਿੰਦਰਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਉਪਲੱਬਧ ਇਹ ਪ੍ਰਾਈਮਰੀ ਹੈਲਥਕੇਅਰ ਸੇਵਾਵਾਂ ਮੁਹੱਈਆ ਕਰਵਾਉਣ ਦਾ ਮੁੱਖ ਉਦੇਸ਼ ਮਰੀਜ਼ਾਂ ਨੂੰ ਪਹੁੰਚਣਯੋਗ ਮੁੱਢਲੀਆਂ ਸਿਹਤ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣਾ ਹੈ।
ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਦੀ ਏ ਐੱਨ.ਸੀ. ਜਾਂਚ, ਮੁਫ਼ਤ ਅਲਟਰਾਸਾਊਂਡ ਸਕੈਨ ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ, ਕੁਪੋਸ਼ਿਤ ਬੱਚਿਆਂ ਦੀ ਪਛਾਣ ਤੇ ਦੇਖਭਾਲ, ਕੁੱਤੇ ਦੇ ਵੱਢਣ 'ਤੇ ਐਂਟੀ ਰੇਬੀਜ਼ ਟੀਕਾਕਰਨ ਸੇਵਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਏ। ਡਾ. ਸਿੰਘ ਨੇ ਆਮ ਆਦਮੀ ਕਲੀਨਿਕਾਂ ’ਤੇ ਸੇਵਾਵਾਂ ਦੀ ਗੁਣਵੱਤਾ ਵਿਚ ਹੋਰ ਸੁਧਾਰ ਲਿਆਉਣ ਦੀ ਲੋੜ 'ਤੇ ਜ਼ੋਰ ਵੀ ਦਿੱਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਹਰੀਸ਼ ਕਿਰਪਾਲ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।