ਉਪ ਮੰਡਲ ਮੈਜਿਸਟ੍ਰੇਟ ਵੱਲੋਂ ਹੜ੍ਹ ਸੰਭਾਵਿਤ ਖੇਤਰਾਂ ਦਾ ਦੌਰਾ
ਕਿਹਾ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਵਰਗੇ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ
ਪ੍ਰਮੋਦ ਭਾਰਤੀ
ਨਵਾਂਸ਼ਹਿਰ 29 ਅਗਸਤ 2025
ਉਪ ਮੰਡਲ ਮੈਜਿਸਟ੍ਰੇਟ ਅਨਮਜੋਤ ਕੌਰ ਨੇ ਸਤਲੁਜ ਦਰਿਆ ਨਾਲ ਲੱਗਦੇ ਸੰਭਾਵਿਤ ਹੜ੍ਰ ਵਾਲੇ ਖੇਤਰਾਂ ਦਾ ਦੌਰਾ ਕੀਤਾ ਅਤੇ ਦਰਿਆ ਕੰਢੇ ਵਸੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਵਰਗੇ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਐਸ.ਡੀ.ਐਮ. ਨੇ ਤਲਵੰਡੀ ਸਿਬੂ, ਧੈਂਗੜਪੁਰ ਅਤੇ ਬੁਰਜ ਟਹਿਲ ਸਿੰਘ ਆਦਿ ਪਿੰਡਾਂ ਦੇ ਦੌਰੇ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਰਿਆ ਨਾਲ ਲੱਗਦੇ ਹੜ੍ਹ ਸੰਭਾਵਿਤ ਖੇਤਰਾਂ ਵਿੱਚ ਸਥਿਤੀ ’ਤੇ 24x7 ਚੌਕਸੀ ਨਾਲ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਸਥਿਤੀ ਨੂੰ ਹੱਲ ਕਰਨ ਲਈ ਪੂਰੀ ਤਿਆਰੀ ਨਾਲ ਲੈਸ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਭਾਵੀ ਹੜ੍ਹਾਂ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਲੋੜੀਂਦੀ ਮਸ਼ੀਨਰੀ, ਰੈਸਕਿਊ ਟੀਮਾਂ, ਰੇਤੇ ਦੇ ਥੈਲੇ, ਸੁਰੱਖਿਅਤ ਥਾਵਾਂ ਦੀ ਪਛਾਣ ਸਮੇਤ ਹੋਰ ਲੋੜੀਂਦੀਆਂ ਤਿਆਰੀਆਂ ਪਹਿਲਾਂ ਹੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਕੰਟਰੋਲ ਰੂਮ ਵੀ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦਾ ਨੰਬਰ 01823-220645 ਹੈ। ਇਸ ਤੋਂ ਇਲਾਵਾ ਨਵਾਂਸ਼ਹਿਰ ਤਹਿਸੀਲ ਲਈ ਸਥਾਪਿਤ ਕੰਟਰੋਲ ਰੂਮ ਦਾ ਨੰਬਰ 01823-299016, ਬਲਾਚੌਰ ਵਿਖੇ ਸਥਾਪਿਤ ਕੰਟਰੋਲ ਰੂਮ ਦਾ ਨੰਬਰ 01885-220075, ਤਹਿਸੀਲ ਬੰਗਾ ਵਿਖੇ ਸਥਾਪਿਤ ਕੰਟਰੋਲ ਰੂਮ ਦਾ ਨੰਬਰ 01823-264666 ਹੈ। ਇਸੇ ਤਰ੍ਹਾਂ ਹੜ੍ਹਾਂ ਦੀ ਸਥਿਤੀ ਵਿੱਚ ਸਿਹਤ ਵਿਭਾਗ ਨਾਲ ਸਬੰਧਤ ਸੇਵਾਵਾਂ ਲਈ 01823-227471 ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ।