ਕਿਸਾਨ ਮੋਰਚਾ ਦੇ ਸੈਂਕੜੇ ਕਿਸਾਨਾਂ ਨੇ ਡੇਰਾ ਬਾਬਾ ਨਾਨਕ ਦੇ MLA ਗੁਰਦੀਪ ਸਿੰਘ ਦੇ ਦਫਤਰ ਦਾ ਕੀਤਾ ਘਿਰਾਓ
ਰਿਪੋਰਟਰ ਰੋਹਿਤ ਗੁਪਤਾ
ਗੁਰਦਾਸਪੁਰ, 10 ਮਾਰਚ 2025 - ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਪੰਜਾਬ ਦੇ ਵਿਧਾਇਕਾਂ ਅਤੇ ਮੰਤਰੀਆਂ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਜਿਸ ਸਬੰਧੀ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਕਿਸਾਨਾਂ ਵੱਲੋ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੇ ਦਫਤਰ ਦਾ ਘਿਰਾਓ ਕਰਦੇ ਹੋਏ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਹਰੇਬਾਜ਼ੀ ਕੀਤੀ ਗਈ। ਇਸ ਮੌਕੇ ਵੱਖ ਵੱਖ ਯੂਨੀਅਨ ਤੋਂ ਇਲਾਵਾ ਕਿਸਾਨ ਬੀਬੀਆਂ ਨੇ ਧਰਨੇ ਵਿੱਚ ਸਮੂਲੀਅਤ ਕੀਤੀ ਗਈ।
ਇਸ ਸੰਬੰਧ ਵਿੱਚ ਵੱਖ-ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਹੁਣ ਕੇਂਦਰ ਸਰਕਾਰ ਵਾਂਗੂੰ ਕਿਸਾਨਾਂ ਦੇ ਖਿਲਾਫ਼ ਹੋ ਚੁੱਕੀ ਹੈ । ਕਿਸਾਨ ਆਪਣੀ ਮੰਗਾਂ ਦੀ ਗੱਲ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਓਹਨਾ ਨਾਲ ਧੱਕਾ ਕਰ ਰਹੀ ਹੈ। ਉਹਨਾਂ ਕਿਹਾ ਕਿਸਾਨਾਂ ਨੂੰ ਗਿਰਫਤਾਰ ਕਰਕੇ ਜੇਲ੍ਹਾਂ ਵਿਚ ਭੇਜਣ ਦੀ ਕੀਤੀ ਕਾਰਵਾਈ ਇਸ ਗੱਲ ਦੀ ਸਬੂਤ ਹੈ, ਕਿ ਇਹ ਸਰਕਾਰ ਕੇਂਦਰ ਦੇ ਇਸ਼ਾਰੇ ’ਤੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਕੰਮ ਕਰ ਰਹੀ ਹੈ।
ਇਸ ਮੌਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਇਸ ਧਰਨੇ ਵਿਚ ਹਾਜਰ ਹਨ ਅਤੇ 11 ਵਜੇ ਸ਼ੁਰੂ ਹੋਇਆ ਇਹ ਧਰਨਾ ਦੁਪਹਿਰ 3 ਵਜੇ ਤੱਕ ਜਾਰੀ ਰਹੇਗਾ। ਇਸ ਤੋਂ ਬਾਅਦ ਕਿਸਾਨਾਂ ਨੇ ਕਿਹਾ ਕਿ ਕਿਸਾਨ ਆਪਣੀ ਮੰਗਾਂ ਲਈ ਇਸੇ ਤਰ੍ਹਾਂ ਧਰਨੇ ਰੋਸ਼ ਪ੍ਰਦਰਸ਼ਨ ਕਰਦੇ ਰਹਿਣਗੇ ਅਤੇ ਆਪਣੀ ਮੰਗਾਂ ਪੂਰੀਆਂ ਕਰਨ ਲਈ ਡਟੇ ਰਹਿਣਗੇ।
ਇਸ ਸਬੰਧੀ ਜਦੋਂ ਪੱਤਰਕਾਰਾਂ ਵੱਲੋਂ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿਸਾਨਾਂ ਦਾ ਜਮਹੂਰੀਅਤ ਹੱਕ ਹੈ ਕਿ ਉਹ ਆਪਣੀਆਂ ਮੰਗਾਂ ਲਈ ਧਰਨਾ ਪ੍ਰਦਰਸ਼ਨ ਦੇ ਸਕਦੇ ਹਨ । ਉਹਨਾਂ ਕਿਹਾ ਕਿ ਕਿਸਾਨ ਜੋ ਵੀ ਉਹਨਾਂ ਨੂੰ ਮੰਗ ਪੱਤਰ ਦੇਣਗੇ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆ ਕੇ ਉਹਨਾਂ ਦੀਆਂ ਜਾਇਜ਼ ਮੰਗਾਂ ਨੂੰ ਜਰੂਰ ਪੂਰੀਆਂ ਕਰਾਉਣਗੇ।