ਕੇਂਦਰੀ ਰਾਜ ਮੰਤਰੀ ਕ੍ਰਿਸ਼ਨ ਪਾਲ ਗੁਰਜਰ ਨੇ ਕਪੂਰਥਲਾ ਕੋਚ ਫੈਕਟਰੀ ਵਿਖੇ ਰੋਜ਼ਗਾਰ ਮੇਲੇ ਵਿੱਚ ਸ਼ਿਰਕਤ ਕੀਤੀ
- ਪ੍ਰਧਾਨ ਮੰਤਰੀ ਨੇ ਵੀਡਿਓ ਕਾਨਫਰੰਸ ਰਾਹੀਂ 51,000 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵਧਾਈ
ਬਲਵਿੰਦਰ ਸਿੰਘ ਧਾਲੀਵਾਲ
ਕਪੂਰਥਲਾ, 12 ਜੁਲਾਈ: 2025 - ਭਾਰਤ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਨਾਗਰਿਕ ਭਲਾਈ ਨੂੰ ਮਜ਼ਬੂਤ ਬਣਾਉਣ ਲਈ ਚਲਾਈ ਗਈ ਮੁਹਿੰਮ ਦੇ ਤਹਿਤ, ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵਲੋਂ 12 ਜੁਲਾਈ 2025 ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਰੋਜ਼ਗਾਰ ਮੇਲੇ ਦੀ ਰਾਸ਼ਟਰੀ ਪੱਧਰ ’ਤੇ ਸ਼ੁਰੂਆਤ ਕੀਤੀ ਗਈ। ਇਹ ਵੱਡਾ ਭਰਤੀ ਸਮਾਗਮ ਦੇਸ਼ ਦੇ 47 ਕੇਂਦਰਾਂ ’ਚ ਇਕੋ ਸਮੇਂ ਕੀਤਾ ਗਿਆ। ਗੌਰਤਲਬ ਹੈ ਕਿ ਇਸ ਸਮਾਗਮ ਦੌਰਾਨ ਕੇਂਦਰੀ ਸਰਕਾਰ ਦੇ ਵੱਖ-ਵੱਖ ਵਿਭਾਗਾਂ ਲਈ ਚੁਣੇ 51,000 ਤੋਂ ਵੱਧ ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਜਿਸ ਵਿੱਚ ਰੇਲ ਕੋਚ ਫੈਕਟਰੀ, ਕਪੂਰਥਲਾ ਵੀ ਸ਼ਾਮਲ ਸੀ। ਰੇਲ ਕੋਚ ਫੈਕਟਰੀ, ਕਪੂਰਥਲਾ ਵਿਖੇ ਕੇਂਦਰੀ ਰਾਜ ਮੰਤਰੀ ਕ੍ਰਿਸ਼ਨਪਾਲ ਗੁਜਰ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ ਅਤੇ ਕੇਂਦਰ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿਚ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੀ ਵੰਡੇ ਗਏ। ਰੇਲ ਕੋਚ ਫੈਕਟਰੀ, ਕਪੂਰਥਲਾ ਦੇ ਜਰਨਲ ਮੇਨੈਜਰ ਐਸ.ਐਸ. ਮਿਸ਼ਰ ਵਲੋਂ ਮਾਨਯੋਗ ਕੇਂਦਰੀ ਮੰਤਰੀ ਜੀ ਦਾ ਸਵਾਗਤ ਕੀਤਾ ਗਿਆ।
ਇਸ ਸਮਾਗਮ ਦੌਰਾਨ ਕੇਂਦਰੀ ਰਾਜ ਮੰਤਰੀ ਕ੍ਰਿਸ਼ਨਪਾਲ ਗੁਜਰ ਵਲੋਂ ਨੌਜ਼ਵਾਨਾਂ ਨੂੰ ਸੰਬੋਧਿਤ ਹੁੰਦਿਆ ਨਵੇਂ ਭਰਤੀ ਹੋਏ ਨੌਜ਼ਵਾਨਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਰੋਜ਼ਗਾਰ ਮੇਲੇ ਦੇ ਜਰੀਏ ਹੁਣ ਤੱਕ 10 ਲੱਖਾਂ ਤੋਂ ਵੱਧ ਨਿਯੁਕਤੀ ਪੱਤਰ ਵੰਡੇ ਜਾ ਚੁੱਕੇ ਹਨ, ਇਸ ਮੌਕੇ ਕੇਂਦਰੀ ਰਾਜ ਮੰਤਰੀ ਕ੍ਰਿਸ਼ਨਪਾਲ ਗੁਜਰ ਵਲੋਂ ਰੇਲ ਕੋਚ ਫੈਕਟਰੀ, ਕਪੂਰਥਲਾ ਵਿੱਚ 64 ਨੌਜ਼ਵਾਨਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਗਏ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਰੋਜ਼ਗਾਰ ਮੇਲੇ ਦੌਰਾਨ ਵੱਖ ਵੱਖ ਵਿਭਾਗਾਂ ਵਿਚ ਨਿਯੁਕਤ ਹੋਏ ਨੌਜ਼ਵਾਨਾਂ ਨੂੰ ਦੇਸ਼ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਇਹ ਰੋਜ਼ਗਾਰ ਮੇਲਾ ਆਉਣ ਵਾਲੇ ਸਮੇਂ ਵਿਚ ਇੱਕ ਉਤਪ੍ਰੇਰਕ ਦੇ ਰੂਪ ਵਿਚ ਕਾਰਜ ਕਰੇਗਾ।
ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ ਅਤੇ ਵੀਡੀਓ ਕਾਨਫਰੰਸਿੰਗ ਰਾਹੀਂ ਇਕੱਠ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅੱਜ ਭਾਰਤ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਇਨ੍ਹਾਂ ਨੌਜਵਾਨਾਂ ਲਈ ਨਵੀਆਂ ਜ਼ਿੰਮੇਵਾਰੀਆਂ ਦੀ ਸ਼ੁਰੂਆਤ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਆਪਣੀ ਸੇਵਾ ਸ਼ੁਰੂ ਕਰਨ 'ਤੇ ਵਧਾਈ ਦਿੱਤੀ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵੱਖ-ਵੱਖ ਭੂਮਿਕਾਵਾਂ ਦੇ ਬਾਵਜੂਦ, ਉਨ੍ਹਾਂ ਦਾ ਸਾਂਝਾ ਟੀਚਾ ਰਾਸ਼ਟਰੀ ਸੇਵਾ ਹੈ, ਜੋ "ਨਾਗਰਿਕ ਪਹਿਲਾਂ" ਦੇ ਸਿਧਾਂਤ ਦੁਆਰਾ ਨਿਰਦੇਸ਼ਤ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਈ ਗੋਟ(iGOT) ਪਲੇਟਫਾਰਮ 'ਤੇ ਜਾ ਕੇ ਆਪਣੇ ਆਪ ਨੂੰ ਲਗਾਤਾਰ ਅਪਗ੍ਰੇਡ ਕਰਦੇ ਰਹੋ। ਇੱਕ ਵਾਰ ਜਦੋਂ ਤੁਹਾਨੂੰ ਕੋਈ ਸਥਾਨ ਮਿਲ ਜਾਂਦਾ ਹੈ, ਤਾਂ ਚੁੱਪ ਨਾ ਬੈਠੋ, ਵੱਡੇ ਸੁਪਨੇ ਦੇਖੋ, ਬਹੁਤ ਦੂਰ ਜਾਣ ਬਾਰੇ ਸੋਚੋ, ਕੰਮ ਕਰਕੇ, ਨਵੀਆਂ ਚੀਜ਼ਾਂ ਸਿੱਖ ਕੇ, ਨਵੇਂ ਨਤੀਜੇ ਲਿਆ ਕੇ ਤਰੱਕੀ ਕਰੋ। ਤੁਹਾਡੀ ਤਰੱਕੀ ਵਿੱਚ ਦੇਸ਼ ਦਾ ਮਾਣ ਹੈ, ਤੁਹਾਡੀ ਤਰੱਕੀ ਵਿੱਚ ਸੰਤੁਸ਼ਟੀ ਹੈ।