ਖੇਤੀਬਾੜੀ ਵਿਭਾਗ ਵੱਲੋਂ ਲਗਾਇਆ ਗਿਆ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ
- ਵੱਖ-ਵੱਖ ਖੇਤੀ ਮਾਹਰਾਂ ਨੇ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਦਿੱਤੀ ਸਿਖਲਾਈ
ਰੋਹਿਤ ਗੁਪਤਾ
ਬਟਾਲਾ, 7 ਅਪ੍ਰੈਲ 2025 - ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਾਲ ਅੱਜ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਸਿਖਲਾਈ ਦੇਣ ਲਈ ਮੁੱਖ ਖੇਤੀਬਾੜੀ ਅਫਸਰ ਡਾ ਅਮਰੀਕ ਸਿੰਘ ਦੀ ਅਗਵਾਈ ਹੇਠ ਬਟਾਲਾ ਦੀ ਦਾਣਾ ਮੰਡੀ ਵਿਖੇ ਇੱਕ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ ਗਿਆ।
ਇਸ ਮੇਲੇ ਵਿੱਚ ਹਲਕਾ ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਜਦੋਂ ਕਿ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਗੁਰਦਾਸਪੁਰ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਰਜਿੰਦਰ ਸਿੰਘ ਬੇਦੀ, ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਏ। ਇਸ ਦੇ ਨਾਲ ਹੀ ਮਾਰਕੀਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਕ ਮਹਿਤਾ, ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਸੇਵਾ ਮੁਕਤ ਖੇਤੀਬਾੜੀ ਅਫਸਰ ਮੁੱਖਵਿੰਦਰ ਸਿੰਘ ਨਾਗਰਾ, ਬਲਬੀਰ ਸਿੰਘ ਬਿੱਟੂ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਤੋਂ ਉੱਘੇ ਆਗੂ ਉਚੇਚੇ ਤੌਰ ਤੇ ਮੌਜੂਦ ਰਹੇ।
ਇਸ ਕਿਸਾਨ ਮੇਲੇ ਵਿੱਚ ਖੇਤੀਬਾੜੀ ਨਾਲ ਸੰਬੰਧਿਤ ਵੱਖ-ਵੱਖ ਅਦਾਰਿਆਂ ਅਤੇ ਸੈਲਫ ਹੈਲਪ ਗਰੁੱਪਾਂ ਵੱਲੋਂ ਵੱਖ-ਵੱਖ ਖੇਤੀ ਉਤਪਾਦਾਂ ਅਤੇ ਮਸ਼ੀਨਰੀ ਨਾਲ ਸੰਬੰਧਿਤ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ, ਜਿਨ੍ਹਾਂ ਦਾ ਜਾਇਜ਼ਾ ਲੈਣ ਦੇ ਬਾਅਦ ਕਿਸਾਨਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਫਸਲੀ ਵਿਭਿੰਨਤਾ ਨੂੰ ਉਤਸਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਮੱਕੀ ਦਾ ਰੇਟ 17500 ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ।
ਉਹਨਾਂ ਕਿਹਾ ਕਿ ਆਉਣ ਵਾਲੀਆਂ ਪੀੜੀਆਂ ਲਈ ਪਾਣੀ ਅਤੇ ਸ਼ੁੱਧ ਵਾਤਾਵਰਨ ਬਚਾਉਣ ਲਈ ਅੱਜ ਸਾਨੂੰ ਸਾਰਿਆਂ ਨੂੰ ਜਿੰਮੇਵਾਰੀ ਨਿਭਾਉਣ ਦੀ ਲੋੜ ਹੈ। ਸਾਡੀਆਂ ਗਲਤੀਆਂ ਕਾਰਨ ਪਾਣੀ ਗੰਧਲੇ ਹੋ ਰਹੇ ਹਨ ਅਤੇ ਹਵਾ ਵਿੱਚ ਪ੍ਰਦੂਸ਼ਣ ਵੱਧ ਰਿਹਾ ਹੈ। ਉਹਨਾਂ ਕਿਹਾ ਕਿ ਬੇਹਦ ਮੰਦਭਾਗੀ ਗੱਲ ਹੈ ਕਿ ਜਿਉਂ ਜਿਉਂ ਸਾਇੰਸ ਤਰੱਕੀ ਕਰ ਰਹੀ ਰਹੀ ਹੈ ਤਿਉਂ ਤਿਉਂ ਇਨਸਾਨ ਦੀ ਔਸਤ ਉਮਰ ਘਟਦੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਅਜਿਹਾ ਰੁਝਾਨ ਜਾਰੀ ਰਿਹਾ ਤਾਂ ਸਾਡੇ ਲਈ ਆਉਣ ਵਾਲੀਆਂ ਪੀੜੀਆਂ ਨੂੰ ਜਵਾਬ ਦੇਣਾ ਮੁਸ਼ਕਿਲ ਹੋ ਜਾਵੇਗਾ। ਇਸ ਲਈ ਉਹਨਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਧਰਤੀ ਹੇਠਲਾ ਪਾਣੀ ਬਚਾਉਣ ਲਈ ਫਸਲੀ ਵਿਭਿੰਨਤਾ ਮੁਹਿੰਮ ਨੂੰ ਅਪਣਾਉਣ ਅਤੇ ਇਸ ਸਾਲ ਮੱਕੀ ਦੀ ਕਾਸ਼ਤ ਜਰੂਰ ਕਰਨ। ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਕਿਸਾਨ ਬੇਹਦ ਵਧਾਈ ਦੇ ਪਾਤਰ ਹਨ ਜਿਨ੍ਹਾਂ ਨੇ ਖੇਤਾਂ ਵਿੱਚ ਅੱਗ ਲਾਉਣ ਦੀਆਂ ਘਟਨਾਵਾਂ ਵਿੱਚ 48 ਫੀਸਦੀ ਗਿਰਾਵਟ ਲਿਆਂਦੀ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਵੀ ਕਿਸਾਨਾਂ ਦੀ ਸਹੂਲਤ ਲਈ ਖੇਤੀ ਮਸ਼ੀਨਰੀ ਤੇ 50 ਤੋਂ 80 ਫੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਿਰਫ ਸਰਕਾਰ ਦਾ ਹੀ ਨਹੀਂ ਸਗੋਂ ਸਾਰਿਆਂ ਦਾ ਫਰਜ਼ ਬਣਦਾ ਹੈ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਦੀ ਤਰੱਕੀ ਲਈ ਕੀਤੇ ਜਾ ਰਹੇ ਕੰਮਾਂ ਲਈ ਸਾਰੇ ਲੋਕ ਸਹਿਯੋਗ ਕਰਨ।
ਇਸ ਤੋਂ ਪਹਿਲਾਂ ਬੋਲਦਿਆਂ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਖੁਸ਼ਹਾਲੀ ਲਈ ਵੱਡੇ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ ਜਦੋਂ ਪਿਛਲੇ ਸਾਲ ਕਿਸਾਨਾਂ ਨੂੰ ਝੋਨੇ ਦੇ ਮੰਡੀਕਰਨ ਦੌਰਾਨ ਸਮੱਸਿਆ ਪੇਸ਼ ਆਈ ਸੀ ਤਾਂ ਇਹ ਗੱਲ ਸਾਹਮਣੇ ਆਈ ਸੀ ਕਿ ਜਦੋਂ ਝੋਨੇ ਦੀ ਲੇਟ ਬਜਾਈ ਹੁੰਦੀ ਹੈ ਤਾਂ ਉਸ ਦੀ ਕਟਾਈ ਮੌਕੇ ਫਸਲ ਵਿੱਚ ਸਿਲ ਜਿਆਦਾ ਹੁੰਦੀ ਹੈ ਜਿਸ ਕਾਰਨ ਮੰਡੀਕਰਨ ਦੌਰਾਨ ਕਿਸਾਨਾਂ ਨੂੰ ਸਮੱਸਿਆ ਪੇਸ਼ ਆਉਂਦੀ ਹੈ। ਕਿਸਾਨਾਂ ਦੀ ਇਸ ਮੰਗ ਅਤੇ ਸਮੱਸਿਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੱਕ ਪਹੁੰਚਾਇਆ ਗਿਆ ਸੀ ਜਿਸ ਤਹਿਤ ਸਰਕਾਰ ਵੱਲੋਂ ਇਸ ਸਾਲ ਝੋਨੇ ਦੀ ਲਵਾਈ 15 ਜੂਨ ਦੀ ਬਜਾਏ 1 ਜੂਨ ਤੋਂ ਕਰਨ ਦਾ ਵੱਡਾ ਫੈਸਲਾ ਲਿਆ ਗਿਆ ਹੈ। ਇਸ ਫੈਸਲੇ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਆਉਣ ਵਾਲੀ ਫਸਲ ਦੇ ਮੰਡੀਕਰਨ ਦੌਰਾਨ ਵੀ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਵੇਗੀ। ਇਸ ਦੇ ਨਾਲ ਹੀ ਉਹਨਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੇ ਅਮੀਰ ਵਿਰਸੇ ਅਤੇ ਵਿਰਾਸਤ ਨਾਲ ਜਰੂਰ ਜੋੜਨ।
ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦੇਣ ਲਈ ਸੂਬੇ ਅੰਦਰ 15 ਹਜਾਰ ਕਿਲੋਮੀਟਰ ਖਾਲ ਅਤੇ ਨਾਲਿਆਂ ਦੀ ਰਿਪੇਅਰ ਕਰਵਾ ਕੇ ਟੇਲਾਂ ਤੱਕ ਪਾਣੀ ਪਹੁੰਚਾਇਆ ਹੈ। ਉਹਨਾਂ ਕਿਹਾ ਕਿ ਇਸ ਨਾਲ ਜਿੱਥੇ ਬਿਜਲੀ ਦੀ ਖਪਤ ਘਟੀ ਹੈ ਉਸ ਦੇ ਨਾਲ ਧਰਤੀ ਹੇਠਲੇ ਪਾਣੀ ਦੀ ਵੀ ਬਚਤ ਹੋਈ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤਾਂ ਵਿੱਚ ਅੱਗ ਨਾ ਲਗਾਉਣ ਕਿਉਂਕਿ ਇਸ ਅੱਗ ਨਾਲ ਫਾਇਦਾ ਘੱਟ ਹੁੰਦਾ ਹੈ ਅਤੇ ਨੁਕਸਾਨ ਬਹੁਤ ਜ਼ਿਆਦਾ ਹੋ ਜਾਂਦਾ ਹੈ।
ਮਾਰਕੀਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਕ ਮਹਿਤਾ ਨੇ ਸੰਬੋਧਨ ਕਰਦਿਆਂ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਇਸ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਫਸਲ ਦੇ ਮੰਡੀਕਰਨ ਦੌਰਾਨ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਜਿਲਾ ਗੁਰਦਾਸਪੁਰ ਦੇ ਮੁੱਖ ਖੇਤੀ ਬੜੀ ਅਫਸਰ ਡਾ ਅਮਰੀਕ ਸਿੰਘ ਨੇ ਜਿੱਥੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਉਸ ਦੇ ਨਾਲ ਹੀ ਪਰਾਲੀ ਦੀ ਅੱਗ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਕਿਸਾਨਾਂ ਨੂੰ ਕਿਹਾ ਕਿ ਉਹ ਗੈਰਸਿਫਾਰਸ਼ੁਦਾ ਕਿਸਮਾਂ ਦੀ ਕਾਸ਼ਤ ਨਾ ਕਰਨ। ਉਹਨਾਂ ਕਿਸਾਨਾਂ ਨੂੰ ਮੱਕੀ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਨਾਲ ਹੀ ਵਿਭਾਗ ਦੀਆਂ ਯੋਜਨਾਵਾਂ ਤੋਂ ਵੀ ਜਾਣੂ ਕਰਵਾਇਆ। ਖੇਤੀਬਾੜੀ ਅਫਸਰ ਡਾਕਟਰ ਸ਼ਾਹਬਾਜ ਸਿੰਘ ਚੀਮਾ ਨੇ ਮੱਕੀ ਦੀ ਕਾਸ਼ਤ ਕਰਨ ਸਬੰਧੀ ਅਹਿਮ ਨੁਕਤੇ ਸਾਂਝੇ ਕੀਤੇ ਅਤੇ ਨਾਲ ਹੀ ਮੱਕੀ ਦੀ ਕਾਸ਼ਤ ਕਰਨ ਦੀ ਲੋੜ ਬਾਰੇ ਵੀ ਜਾਣੂ ਕਰਵਾਇਆ। ਇਸ ਦੇ ਨਾਲ ਹੀ ਉਹਨਾਂ ਸਟੇਜ ਸਕੱਤਰ ਦੀ ਭੂਮਿਕਾ ਨਿਭਾਉਂਦਿਆਂ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਤੇ ਵੀ ਚਾਨਣਾ ਪਾਇਆ ਕਿਸਾਨ ਮੇਲੇ ਦੇ ਤਕਨੀਕੀ ਸੈਸ਼ਨ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨਾਲ ਸੰਬੰਧਿਤ ਡਾ ਸਰਬਜੀਤ ਸਿੰਘ ਔਲਖ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਯੋਜਨਾਵਾਂ ਅਤੇ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਦੋਂ ਕਿ ਡਾ ਹਰਪ੍ਰੀਤ ਸਿੰਘ ਨੇ ਮੱਕੀ ਦੀ ਕਾਸ਼ਤ ਬਾਰੇ, ਇੰਜੀ ਰਵਿੰਦਰ ਸਿੰਘ ਛੀਨਾ ਨੇ ਫਾਰਮ ਮਸ਼ੀਨਰੀ ਬਾਰੇ, ਡਾ ਸਰਵਪ੍ਰੀਆ ਨੇ ਬਾਗਾਂ ਦੀ ਕਾਸ਼ਤ ਬਾਰੇ, ਡਾ ਸੁਨੀਲ ਕੁਮਾਰ ਨੇ ਪੌਦ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ।
ਪਸ਼ੂ ਪਾਲਣ ਵਿਭਾਗ ਨਾਲ ਸੰਬੰਧਿਤ ਡਾ ਜੀਵਨ ਜੋਤ ਕੌਰ ਨੇ ਗਰਮੀਆਂ ਦੇ ਮੌਸਮ ਵਿੱਚ ਪਸ਼ੂਆਂ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ ਜਦੋਂ ਕਿ ਖੇਤੀਬਾੜੀ ਅਫਸਰ ਡਾ ਬਲਜਿੰਦਰ ਸਿੰਘ ਨੇ ਆਏ ਹੋਏ ਸਮੂਹ ਕਿਸਾਨਾਂ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ।
ਇਸ ਕਿਸਾਨ ਮੇਲੇ ਦੇ ਦੌਰਾਨ ਵੱਖ-ਵੱਖ ਬਲਾਕਾਂ ਦੇ ਦੋ ਦੋ ਅਗਾਂਹ ਵਧੂ ਕਿਸਾਨਾਂ ਅਤੇ ਖੇਤੀਬਾੜੀ ਵਿਭਾਗ ਅੰਦਰ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਵੱਖ-ਵੱਖ ਅਧਿਕਾਰੀਆਂ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਖੇਤੀਬਾੜੀ ਵਿਭਾਗ ਤੇ ਆਤਮਾ ਦੇ ਸਮੂਹ ਅਧਿਕਾਰੀ ਕਰਮਚਾਰੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ।