ਖੇਤ ਬਚਾਓ ਅਭਿਆਨ : ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਪਾਣੀ ਬਚਾਉਣ ਸਬੰਧੀ ਜਾਗਰੂਕਤਾ ਮੁਹਿੰਮ
ਅਸ਼ੋਕ ਵਰਮਾ
ਬਠਿੰਡਾ, 5 ਜੂਨ 2026 : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵੱਲੋਂ ਚਲਾਏ ਜਾ ਰਹੇ ‘‘ਖੇਤ ਬਚਾਓ ਅਭਿਆਨ’’ ਤਹਿਤ ਪਿੰਡ ਕਲਿਆਣ ਸੁੱਖਾ, ਬਲਾਕ ਨਥਾਣਾ ਅਤੇ ਨਾਲ ਲਗਦੇ ਹੋਰ ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪਾਂ ਅਤੇ ਕਿਸਾਨ ਗੋਸ਼ਟੀਆਂ ਕਰਵਾਈਆਂ ਗਈਆਂ । ਇਨ੍ਹਾਂ ਕੈਂਪਾਂ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲਿਆ ਅਤੇ ਮਾਹਿਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਹਾਸਲ ਕੀਤੀ। ਕੈਂਪਾਂ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਸੰਭਾਲਣ, ਖਾਦਾਂ ਦੀ ਸੁਚੱਜੀ ਵਰਤੋਂ ਕਰਨ, ਜੀਵਾਣੂੰ ਖਾਦਾਂ ਨੂੰ ਅਪਣਾਉਣ ਅਤੇ ਪਾਣੀ ਦੀ ਬੱਚਤ ਵਾਲੀਆਂ ਤਕਨੀਕਾਂ ਬਾਰੇ ਜਾਗਰੂਕ ਕਰਨਾ ਸੀ।
ਕੈਂਪ ਦੀ ਅਗਵਾਈ ਕਰਦਿਆਂ ਡਾ. ਗੁਰਦੀਪ ਸਿੰਘ ਸਿੱਧੂ, ਡਿਪਟੀ ਡਾਇਰੈਕਟਰ (ਸਿਖਲਾਈ), ਕੇ.ਵੀ.ਕੇ, ਬਠਿੰਡਾ ਨੇ ਕਿਹਾ ਕਿ ਪੰਜਾਬ ਦੀ ਖੇਤੀ ਇਸ ਸਮੇਂ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਕਮੀ, ਭੂਮੀਗਤ ਪਾਣੀ ਦੇ ਡਿੱਗਦੇ ਪੱਧਰ ਅਤੇ ਖੇਤੀ ਲਾਗਤਾਂ ਵਿੱਚ ਵਾਧੇ ਵਰਗੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਇਨ੍ਹਾਂ ਸਮੱਸਿਆਵਾਂ ਦਾ ਹੱਲ ਵਿਗਿਆਨਕ ਖੇਤੀ ਤਕਨੀਕਾਂ ਨੂੰ ਅਪਣਾਉਣ ਨਾਲ ਹੀ ਸੰਭਵ ਹੈ। ਉਨ੍ਹਾਂ ਕਿਸਾਨਾਂ ਨੂੰ ਮਿੱਟੀ ਪਰਖ ਰਿਪੋਰਟ ਦੇ ਆਧਾਰ ’ਤੇ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਅਤੇ ਦੱਸਿਆ ਕਿ ਫਾਸਫੋਰਸ ਖਾਦ ਦੀ ਬੇਲੋੜੀ ਵਰਤੋਂ ਨਾਲ ਨਾ ਸਿਰਫ਼ ਆਰਥਿਕ ਨੁਕਸਾਨ ਹੁੰਦਾ ਹੈ, ਸਗੋਂ ਮਿੱਟੀ ਦੀ ਸਿਹਤ ਵੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਜੀਵਾਣੂੰ ਖਾਦਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਂਜੋਸਪਾਇਰੀਲਮ ਅਤੇ ਫਾਸਫੋਰਸ ਘੋਲਕ ਜੀਵਾਣੂੰ ਵਰਗੀਆਂ ਖਾਦਾਂ ਫਸਲਾਂ ਨੂੰ ਪੋਸ਼ਕ ਤੱਤਾਂ ਦੀ ਉਪਲਬਧਤਾ ਵਧਾਉਂਦੀਆਂ ਹਨ ਅਤੇ ਰਸਾਇਣਕ ਖਾਦਾਂ ਦੀ ਲੋੜ ਨੂੰ ਘਟਾਉਣ ਵਿੱਚ ਸਹਾਇਕ ਸਾਬਤ ਹੁੰਦੀਆਂ ਹਨ।
ਇਸ ਮੌਕੇ ਡਾ. ਰਮਨਦੀਪ ਕੌਰ, ਸਹਾਇਕ ਪ੍ਰੋਫੈਸਰ (ਫੂਡ ਪ੍ਰੋਸੈਸਿੰਗ ਅਤੇ ਇੰਜਨੀਅਰਿੰਗ) ਨੇ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਤਕਨੀਕ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਤਕਨੀਕ ਪਾਣੀ ਦੀ ਬੱਚਤ ਲਈ ਬਹੁਤ ਹੀ ਪ੍ਰਭਾਵਸ਼ਾਲੀ ਹੈ। ਉਨ੍ਹਾਂ ਦੱਸਿਆ ਕਿ ਰਵਾਇਤੀ ਢੰਗ ਨਾਲੋਂ ਡੀ.ਐੱਸ.ਆਰ. ਰਾਹੀਂ ਝੋਨੇ ਦੀ ਕਾਸ਼ਤ ਕਰਨ ਨਾਲ ਪਾਣੀ, ਮਜ਼ਦੂਰੀ ਅਤੇ ਖੇਤੀ ਲਾਗਤਾਂ ਵਿੱਚ ਕਾਫੀ ਕਮੀ ਆਉਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਡੀ.ਐੱਸ.ਆਰ. ਲਈ ਢੁੱਕਵੇਂ ਖੇਤ ਦੀ ਚੋਣ, ਸਿਫਾਰਸ਼ ਕੀਤੀਆਂ ਕਿਸਮਾਂ, ਨਦੀਨਾਂ ਦੇ ਪ੍ਰਬੰਧਨ ਅਤੇ ਪਾਣੀ ਦੀ ਕੁਸ਼ਲ ਵਰਤੋਂ ਸਬੰਧੀ ਵਿਹਾਰਕ ਜਾਣਕਾਰੀ ਵੀ ਪ੍ਰਦਾਨ ਕੀਤੀ।
ਕੈਂਪ ਦੌਰਾਨ ਡਾ. ਜਗਦੀਪ ਸਿੰਘ ਬਰਾੜ, ਖੇਤਬਾੜੀ ਵਿਕਾਸ ਅਫਸਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਸਹੂਲਤਾਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ ਜਿਵੇਂ ਕਿ ਈ.ਕੇ ਵਾਈ ਸੀ, ਨਰਮੇ ਦੀ ਕਾਸ਼ਤ ਦੀ 33% ਸਬਸਿਡੀ, ਸਾਉਣੀ ਦੀ ਮੱਕੀ ਦੀ ਕਾਸ਼ਤ ਲਈ 7000/- ਰੁਪਏ ਪ੍ਰਤੀ ਏਕੜ ਅਤੇ ਝੋਨੇ ਦੀ ਸਿੱਧੀ ਬਿਜਾਈ ਲਈ 1500/- ਰੁਪਏ ਦੀ ਵਿੱਤੀ ਸਹਾਇਤਾ ਸੰਬੰਧੀ ਜਾਣਕਾਰੀ ਸਾਂਝੀ ਦਿੱਤੀ ਕੀਤੀ ਗਈ।
ਕੈਂਪ ਦੇ ਅੰਤ ਵਿੱਚ ਕਿਸਾਨਾਂ ਨਾਲ ਖੁੱਲ੍ਹੀ ਵਿਚਾਰ-ਚਰਚਾ ਵੀ ਕੀਤੀ ਗਈ, ਜਿਸ ਦੌਰਾਨ ਕਿਸਾਨਾਂ ਨੇ ਖਾਦਾਂ ਦੀ ਵਰਤੋਂ, ਡੀ.ਐੱਸ.ਆਰ. ਤਕਨੀਕ, ਜੀਵਾਣੂ ਖਾਦਾਂ ਅਤੇ ਝੋਨੇ ਦੀ ਕਾਸ਼ਤ ਨਾਲ ਸਬੰਧਿਤ ਆਪਣੇ ਸਵਾਲ ਮਾਹਿਰਾਂ ਅੱਗੇ ਰੱਖੇ। ਮਾਹਿਰਾਂ ਵੱਲੋਂ ਉਨ੍ਹਾਂ ਦੇ ਸਵਾਲਾਂ ਦੇ ਵਿਗਿਆਨਕ ਅਤੇ ਵਿਹਾਰਕ ਜਵਾਬ ਦਿੱਤੇ ਗਏ। ਕਿਸਾਨਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਕੈਂਪ ਖੇਤੀ ਨੂੰ ਹੋਰ ਲਾਭਕਾਰੀ ਅਤੇ ਟਿਕਾਊ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਕੈਂਪ ਵਿੱਚ ਹਾਜ਼ਰ ਕਿਸਾਨਾਂ ਨੇ ਭਵਿੱਖ ਵਿੱਚ ਵੀ ਅਜਿਹੇ ਪ੍ਰੋਗਰਾਮਾਂ ਦੇ ਆਯੋਜਨ ਦੀ ਅਪੀਲ ਕੀਤੀ।
- Download Babushahi App
-
-