ਖੇਤ ਮਜ਼ਦੂਰਾਂ ਵੱਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੀ ਖੰਨਾ ਰੈਲੀ ਚ ਸ਼ਾਮਲ ਹੋਣ ਦਾ ਐਲਾਨ
ਅਸ਼ੋਕ ਵਰਮਾ
ਬਠਿੰਡਾ,2 ਮਾਰਚ 2025: ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਅਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਪਲੇਟਫਾਰਮ ਵੱਲੋਂ ਖੰਨਾ ਦੀ ਦਾਣਾ ਮੰਡੀ ਵਿੱਚ 21 ਮਾਰਚ ਨੂੰ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੇ ਸਮਰਥਨ ਅਤੇ ਇਸ ਵਿੱਚ ਭਰਵੀਂ ਸ਼ਮੂਲੀਅਤ ਦਾ ਐਲਾਨ ਕੀਤਾ ਹੈ। ਮਜ਼ਦੂਰ ਆਗੂਆਂ ਨੇ ਕਿਹਾ ਕਿ ਇਹ ਰੈਲੀ ਦਾ ਸੱਦਾ ਭਾਵੇਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਪਲੇਟਫਾਰਮ ਫ਼ਾਰਮ ਤੋਂ ਸਰਕਾਰੀ ਵਿਭਾਗਾਂ ਦੇ ਨਿਜੀਕਰਣ ਦੀ ਸਾਮਰਾਜੀ ਦਿਸ਼ਾ ਨਿਰਦੇਸਤ ਨੀਤੀ ਨੂੰ ਰੱਦ ਕਰਵਾਕੇ ਆਪਣੇ ਪੱਕੇ ਰੁਜ਼ਗਾਰ ਦੀ ਪ੍ਰਾਪਤੀ ਅਤੇ ਗੁਜ਼ਾਰੇ ਯੋਗ ਤਨਖਾਹ ਹਾਸਲ ਕਰਨ ਲਈ ਦਿੱਤਾ ਗਿਆ ਹੈ।
ਉਹਨਾਂ ਕਿਹਾ ਕਿ ਇਹ ਨਿਜੀਕਰਣ ਦੀ ਨੀਤੀ ਹੀ ਹੈ ਜਿਸ ਨੂੰ ਲਾਗੂ ਕਰਨ ਲਈ ਸਰਕਾਰੀ ਮੰਡੀਆਂ ਦਾ ਅਤੇ ਕਿਸਾਨੀ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਦੀ ਨੀਤੀ ਨੂੰ ਰੱਦ ਕਰ ਕੇ ਕਿਸਾਨੀ ਦੀ ਬੇਰਹਿਮ ਲੁੱਟ ਦੇ ਅਧਾਰ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਉੱਥੇ ਸਰਕਾਰ ਵਲੋਂ ਫਸਲੀ ਖਰੀਦ ਦੀ ਜ਼ਿੰਮੇਵਾਰੀ ਤੋਂ ਆਪਣੇ ਆਪ ਨੂੰ ਮੁਕਤ ਕਰਕੇ ਸਸਤਾ ਰਾਸ਼ਨ ਵੰਡ ਪ੍ਰਣਾਲੀ ਦਾ ਭੋਗ ਪਾਉਣ, ਜ਼ਮੀਨੀ ਹੱਦ ਬੰਦੀ ਕਾਨੂੰਨ ਨੂੰ ਲਾਗੂ ਕਰਨ ਤੋਂ ਭੱਜਣ, ਠੇਕਾ ਖੇਤੀ ਨੀਤੀ ਲਾਗੂ ਕਰਨ ਵਰਗੇ ਕਦਮ ਚੁੱਕੇ ਜਾ ਰਹੇ ਹਨ। ਉਹਨਾਂ ਆਖਿਆ ਕਿ ਇਸੇ ਨੀਤੀ ਤਹਿਤ ਮਜ਼ਦੂਰਾਂ ਨੂੰ ਮਿਲਦੀਆਂ ਵਿਖਾਵੇ ਮਾਤਰ ਸਹੂਲਤ ਖੋਹ ਕੇ ਕਾਰਪੋਰੇਟ ਘਰਾਣਿਆਂ ਦੇ ਵਾਰੇ ਨਿਆਰੇ ਕੀਤੇ ਜਾ ਰਹੇ ਹਨ।
ਉਹਨਾਂ ਆਖਿਆ ਕਿ ਇਹ ਰੈਲੀ ਪੰਜਾਬ ਦੇ ਸਮੂਹ ਮੇਹਨਤਕਸ਼ ਲੋਕਾਂ ਦੇ ਹਿੱਤਾਂ ਦੀ ਰਾਖੀ ਦਾ ਵਿਸ਼ੇਸ਼ ਮਹੱਤਵ ਰੱਖਦੀ ਹੈ ਜਿਸ ਵਿੱਚ ਪੰਜਾਬ ਦੇ ਖੇਤ ਮਜ਼ਦੂਰ ਭਰਵੀਂ ਸ਼ਮੂਲੀਅਤ ਕਰਨਗੇ। ਮਜ਼ਦੂਰ ਆਗੂਆਂ ਨੇ ਕਿਹਾ ਕਿ ਇਸ ਰੈਲੀ ਵਿਚ ਜਨਤਕ ਸ਼ਮੂਲੀਅਤ ਨੂੰ ਦੇਖਕੇ ਸਰਕਾਰ ਠੇਕਾ ਕਾਮਿਆਂ ਨੂੰ ਮੀਟਿੰਗ ਦੇ ਕੇ ਪਹਿਲਾਂ ਵਾਂਗ ਸਬਜ਼ਬਾਗ ਦਿਖਾ ਕੇ, ਝੂਠੇ ਲਾਰੇ ਲਾ ਕੇ ਤੇ ਭਰਮ ਪੈਦਾ ਕਰਕੇ ਰੈਲੀ ਦੇ ਰੋਹ 'ਤੇ ਠੰਡਾ ਛਿੜਕਣ ਦੀਆਂ ਕੋਸ਼ਿਸ਼ਾਂ ਤੋਂ ਬਾਜ਼ ਨਹੀਂ ਆਵੇਗੀ , ਇਸ ਲਈ ਸਰਕਾਰ ਦੀਆਂ ਇਨ੍ਹਾਂ ਸ਼ਾਜਿਸਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।