ਖੇਤ ਮਜ਼ਦੂਰ ਆਗੂਆਂ ਵੱਲੋਂ ਮਜ਼ਦੂਰ ਆਗੂ ਮੁਕੇਸ਼ ਮਲੌਦ ਨੂੰ ਗ੍ਰਿਫ਼ਤਾਰ ਕਰਨ ਦੀ ਨਿਖੇਧੀ
ਅਸ਼ੋਕ ਵਰਮਾ
ਬਠਿੰਡਾ,30 ਜਨਵਰੀ 2025: ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਪੰਜਾਬ ਪੁਲਿਸ ਵੱਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਮੁੱਖ ਆਗੂ ਮੁਕੇਸ਼ ਮਲੌਦ ਨੂੰ ਗਿਰਫ਼ਤਾਰ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਮਜ਼ਦੂਰ ਆਗੂ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ ਮਗਨਰੇਗਾ ਦੇ ਮਸਲੇ ਨੂੰ ਲੈ ਕੇ ਵਿਸ਼ੇਸ਼ ਇਜਲਾਸ ਕਰਕੇ ਮਜ਼ਦੂਰਾਂ ਦੇ ਪੱਖੀ ਹੋਣ ਦਾ ਡਰਾਮਾ ਕਰ ਰਹੀ ਹੈ ਅਤੇ ਦੂਜੇ ਪਾਸੇ ਮਜ਼ਦੂਰ ਆਗੂ ਗ੍ਰਿਫਤਾਰ ਕਰਕੇ ਜੇਲ੍ਹਾਂ ਵਿੱਚ ਸੁੱਟੇ ਜਾ ਰਹੇ ਹਨ । ਮਜ਼ਦੂਰ ਆਗੂਆਂ ਨੇ ਕਿਹਾ ਕਿਇਸ ਤੋਂ ਪੰਜਾਬ ਸਰਕਾਰ ਦਾ ਦਲਿਤ ਅਤੇ ਮਜ਼ਦੂਰ ਵਿਰੋਧੀ ਚਿਹਰਾ ਨੰਗਾ ਹੋ ਰਿਹਾ ਹੈ। ਮਜ਼ਦੂਰ ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਮੁਕੇਸ਼ ਮਲੌਦ ਨੂੰ ਤੁਰੰਤ ਰਿਹਾਅ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਜਥੇਬੰਦੀ ਜੋਰਦਾਰ ਸੰਘਰਸ਼ ਕਰੇਗੀ, ਜਿਸ ਦੇ ਸਿੱਟੇ ਆਮ ਆਦਮੀ ਪਾਰਟੀ ਨੂੰ ਭੁਗਤਣੇ ਪੈਣਗੇ।