ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਲਹਿਰਾਉਣਗੇ ਕੌਮੀ ਝੰਡਾ : DC ਬਠਿੰਡਾ
ਅਸ਼ੋਕ ਵਰਮਾ
ਬਠਿੰਡਾ, 25 ਜਨਵਰੀ 2025 : ਦੇਸ਼ ਦੇ 76ਵੇਂ ਗਣਤੰਤਰ ਦਿਵਸ 26 ਜਨਵਰੀ 2025 ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ’ਚ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ, ਪੰਜਾਬ ਸ੍ਰੀ ਹਰਦੀਪ ਸਿੰਘ ਮੁੰਡੀਆਂ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਖੇਡ ਸਟੇਡੀਅਮ ਦਾ ਦੌਰਾ ਕਰਕੇ ਜਾਇਜ਼ਾ ਲੈਣ ਉਪਰੰਤ ਸਾਂਝੀ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੱਸਿਆ ਕਿ ਗਣਤੰਤਰ ਦਿਵਸ ਪੂਰੀ ਸ਼ਾਨੋ-ਸ਼ੋਕਤ ਨਾਲ ਮਨਾਇਆ ਜਾਵੇਗਾ, ਜਿਸ ਦੇ ਮੱਦੇਨਜ਼ਰ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕੌਮੀ ਤਿਰੰਗਾ ਲਹਿਰਾਉਣ ਉਪਰੰਤ ਪਰੇਡ ਕਮਾਂਡਰ ਸ਼੍ਰੀ ਅਨੁਭਵ ਜੈਨ ਦੀ ਅਗਵਾਈ ਹੇਠ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਮਾਰਚ ਪਾਸਟ ਵਿੱਚ ਸ਼ਾਮਲ ਟੁਕੜੀਆਂ ਵਲੋਂ ਮੁੱਖ ਮਹਿਮਾਨ ਤੇ ਕੌਮੀ ਤਿਰੰਗੇ ਨੂੰ ਸਲਾਮੀ ਵੀ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਦੌਰਾਨ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵਲੋਂ ਪੀਟੀ ਸ਼ੋਅ, ਗਿੱਧਾ ਅਤੇ ਭੰਗੜੇ ਤੋਂ ਇਲਾਵਾ ਦੇਸ਼ ਭਗਤੀ ਨਾਲ ਸਬੰਧਤ ਕੋਰੀਓਗ੍ਰਾਫੀਆਂ ਵੀ ਪੇਸ਼ ਕੀਤੀਆਂ ਜਾਣਗੀਆਂ। ਸਮਾਗਮ ਦੌਰਾਨ ਮੁੱਖ ਮਹਿਮਾਨ ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਦੀ ਵੰਡ ਤੋਂ ਇਲਾਵਾ ਆਜ਼ਾਦੀ ਘੁਲਾਟੀਆ ਦੇ ਪਰਿਵਾਰਾਂ ਦਾ ਸਨਮਾਨ ਅਤੇ ਵੱਖ-ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਨ ਵਾਲੀਆਂ ਸਖਸ਼ੀਅਤਾਂ ਤੇ ਵਧੀਆਂ ਕਾਰਗੁਜਾਰੀ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।