ਗਣਤੰਤਰ ਦਿਵਸ ਸਮਾਰੋਹ ਲਈ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨਾਲ ਵਿਸ਼ੇਸ਼ ਮੀਟਿੰਗ
ਹੁਸ਼ਿਆਰਪੁਰ, 10 ਜਨਵਰੀ 2025: ਗਣਤੰਤਰ ਦਿਵਸ ਸਮਾਰੋਹ ਨੂੰ ਹੋਰ ਪ੍ਰੇਰਨਾਦਾਇਕ ਅਤੇ ਸ਼ਾਨਦਾਰ ਬਣਾਉਣ ਦੇ ਉਦੇਸ਼ ਨਾਲ ਵਧੀਕ ਡਿਪਟੀ ਕਮਿਸ਼ਨਰ ( ਜ) ਰਾਹੁਲ ਚਾਬਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਆਉਣ ਵਾਲੇ ਗਣਤੰਤਰਤਾ ਦਿਵਸ ਸਮਾਰੋਹ ਵਿਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਇਸ ਸਮਾਗਮ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ।
ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਨੇ ਸੁਤੰਤਰਤਾ ਸੈਨਾਨੀਆਂ ਦੇ ਯੋਗਦਾਨ ਨੂੰ ਯਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਤੋਂ ਬਿਨ੍ਹਾਂ ਸਾਡਾ ਦੇਸ਼ ਆਜ਼ਾਦ ਨਹੀ ਹੋ ਸਕਦਾ ਸੀ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਵਰਗੇ ਕੌਮੀ ਤਿਉਹਾਰਾਂ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੇਸ਼ ਲਈ ਆਪਣਾ ਸਭ ਕੁਝ ਕੁਰਬਾਨ ਕਰਨ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕੀਤਾ ਜਾਵੇਗਾ।
ਉਨ੍ਹਾਂ ਨੇ ਪਰਿਵਾਰਾਂ ਨੂੰ ਆਉਣ ਵਾਲੇ ਗਣਤੰਤਰਤਾ ਦਿਵਸ ਸਮਾਰੋਹ ਵਿਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਸਮਾਗਮ ਦੌਰਾਨ ਉਨ੍ਹਾਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਆਜ਼ਾਦੀ ਘੁਲਾਟੀਆਂ ਦੇ ਰਿਸ਼ਤੇਦਾਰਾਂ ਦੇ ਬੈਠਣ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਸਮਾਗਮ ਵਾਲੀ ਥਾਂ ਤੱਕ ਲਿਜਾਣ ਲਈ ਟਰਾਂਸਪੋਰਟ ਦਾ ਵੀ ਪ੍ਰਬੰਧ ਕੀਤਾ ਜਾਵੇਗਾ।
ਰਾਹੁਲ ਚਾਬਾ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਦੌਰਾਨ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਵੀ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਸਾਂਝੇ ਕੀਤੇ। ਵਧੀਕ ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ।