ਗੁਰਦਾਸਪੁਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ 156472 ਮੀਟਰਕ ਟਨ ਦੀ ਖਰੀਦ
ਡਿਪਟੀ ਕਮਿਸ਼ਨਰ ਵਲੋਂ ਫਸਲ ਦੀ ਰਹਿੰਦ ਖੂੰਹਦ ਨੂੰ ਪੈਲੀ ਵਿੱਚ ਵਾਹ ਕੇ ਕਣਕ ਬੀਜਣ ਦੀ ਅਪੀਲ
ਰੋਹਿਤ ਗੁਪਤਾ
ਗੁਰਦਾਸਪੁਰ,15 ਅਕਤੂਬਰ 2025- ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 165155 ਮੀਟਰਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 156472 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਫਸਲ ਦੀ ਚੁਕਾਈ ਅਤੇ ਅਦਾਇਗੀ ਨੂੰ ਨਿਸ਼ਚਿਤ ਸਮੇਂ ਅੰਦਰ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।
ਡਿਪਟੀ ਕਮਿਸ਼ਨਰ, ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫਸਲ ਕੱਟਣ ਉਪਰੰਤ ਇੰਨ ਸੀਟੂ ਵਿਧੀ ਨਾਲ ਫਸਲ ਦੀ ਰਹਿੰਦ ਖੂੰਹਦ ਨੂੰ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰਨ ਜਾਂ ਐਕਸ ਸੀਟੂ ਵਿਧੀ ਰਾਹੀਂ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ।
ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਝੋਨਾ ਪੂਰੀ ਤਰ੍ਹਾਂ ਪੱਕਣ 'ਤੇ ਹੀ ਕੀਤੀ ਜਾਵੇ ਅਤੇ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਖ਼ਰੀਦ ਵੇਲੇ ਝੋਨੇ ਵਿੱਚ ਨਮੀਂ ਦੀ ਹੱਦ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਦੇ ਝੋਨੇ ਦੀ ਫ਼ਸਲ ਵਿੱਚ 17 ਫ਼ੀਸਦੀ ਤੋਂ ਵੱਧ ਦੀ ਨਮੀਂ ਪਾਈ ਜਾਂਦੀ ਹੈ ਤਾਂ ਉਸ ਦੀ ਜਿਨਸ ਦੀ ਖ਼ਰੀਦ ਨਹੀਂ ਹੋ ਪਾਉਂਦੀ, ਜਿਸ ਕਾਰਨ ਕਿਸਾਨਾਂ ਨੂੰ ਮੰਡੀ ਵਿੱਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਡਿਪਟੀ ਕਮਿਸ਼ਨਰ ਨੇ ਸਾਰੇ ਕੰਬਾਈਨ ਓਪਰੇਟਰਾਂ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਸਵੇਰੇ 10:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੀ ਝੋਨੇ ਦੀ ਕਟਾਈ ਕਰਨ ਤਾਂ ਜੋ ਝੋਨੇ ਦੀ ਫਸਲ ਵਿੱਚ ਨਮੀਂ ਦੀ ਮਾਤਰਾ ਵੱਧ ਨਾ ਆ ਸਕੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੇਵਲ ਦਿਨ ਵੇਲੇ ਹੀ ਆਪਣੀ ਝੋਨੇ ਦੀ ਪੱਕੀ ਹੋਈ ਫ਼ਸਲ ਦੀ ਕਟਾਈ ਕਰਵਾਉਣ।
ਦੱਸਣਯੋਗ ਹੈ ਕਿ ਪਨਗਰੇਨ ਵਲੋਂ 58439 ਮੀਟਰਕ ਟਨ, ਮਾਰਕਫੈੱਡ ਵਲੋਂ 47931 ਮੀਟਰਕ ਟਨ, ਪਨਸਪ ਵਲੋਂ 28732 ਮੀਟਰਕ ਟਨ , ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 21362 ਅਤੇ ਪ੍ਰਾਈਵੇਟ ਖਰੀਦ 08 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।