ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਦੇ 10 ਵਿਦਿਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕਸ਼
ਅੰਮ੍ਰਿਤਸਰ 29 ਅਪ੍ਰੈਲ 2026 - ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਵੇਰਕਾ ਵਿੱਚ ਅੰਨਪੂਰਣਾ ਫਾਇਨੈਂਸ ਕੰਪਨੀ ਵੱਲੋਂ ਇਕ ਸਫਲ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਪਲੇਸਮੈਂਟ ਡਰਾਈਵ ਦੌਰਾਨ ਅੰਤਿਮ ਸਾਲ ਦੇ 10 ਹੋਣਹਾਰ ਵਿਦਿਆਰਥੀਆਂ ਦੀ ਚੋਣ ਕੀਤੀ ਗਈ, ਜਦਕਿ ਇੱਕ ਵਿਦਿਆਰਥੀ ਨੇ ਤੁਰੰਤ ਕੰਪਨੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਜਿਨ੍ਹਾਂ ਦੀ ਅਗਵਾਈ ਵਿਚ ਇਸ ਪਲੇਸਮੈਂਟ ਦਾ ਆਯੋਜਨ ਕਰਵਾਇਆ ਗਿਆ, ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਮਿਹਨਤ ਨਾਲ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ।
ਕਾਲਜ ਦੇ ਓ.ਐਸ.ਡੀ. ਪ੍ਰੋ. ਸੁਖਪ੍ਰੀਤ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਕੰਪਨੀ ਦੀ ਟੀਮ ਨੇ ਵਿਦਿਆਰਥੀਆਂ ਨੂੰ ਨੌਕਰੀ ਦੇ ਮੌਕਿਆਂ, ਕੰਮ ਕਰਨ ਦੀ ਪ੍ਰਕਿਰਿਆ ਅਤੇ ਭਵਿੱਖਮੁਖੀ ਕਰੀਅਰ ਵਿਕਲਪਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਕੰਪਨੀ ਦੀ ਟੀਮ ਵਿੱਚ ਸ਼੍ਰੀ ਚੰਦਨ, ਸ਼੍ਰੀ ਪਿਯੂਸ਼ (ਕਾਲਜ ਦੇ ਸਾਬਕਾ ਵਿਦਿਆਰਥੀ) ਅਤੇ ਸ਼੍ਰੀ ਸੁਖਜਿੰਦਰ ਕੌਰ ਸ਼ਾਮਲ ਸਨ, ਜਿਨ੍ਹਾਂ ਨੇ ਆਪਣੇ ਤਜਰਬੇ ਸਾਂਝੇ ਕਰਕੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ।
ਇਸ ਸਮਾਗਮ ਦਾ ਆਯੋਜਨ ਡਾ. ਨਿਸ਼ਾ ਛਾਬੜਾ ਵੱਲੋਂ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਸੁਖਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮੌਕੇ ਉਨ੍ਹਾਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਵਿੱਚ ਮਦਦਗਾਰ ਸਾਬਤ ਹੁੰਦੇ ਹਨ। ਉਨ੍ਹਾਂ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
Click to Follow Babushahi Facebook page →