ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ
ਅਧਿਕਾਰੀਆਂ ਨੂੰ ਲੋਕਾਂ ਦੇ ਜਾਇਜ ਮਸਲਿਆਂ ਨੂੰ ਪਹਿਲ ਦੇ ਅਧਾਰ `ਤੇ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ
ਰੋਹਿਤ ਗੁਪਤਾ
ਗੁਰਦਾਸਪੁਰ, 16 ਫਰਵਰੀ 2025 : ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਆਪਣੇ ਦਫ਼ਤਰ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਲੋਕਾਂ ਦੇ ਜਾਇਜ ਮਸਲਿਆਂ ਨੂੰ ਪਹਿਲ ਦੇ ਅਧਾਰ `ਤੇ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰ ਵੱਲੋਂ ਲੋਕਾਂ ਦੇ ਮਸਲੇ ਬਿਨਾਂ ਕਿਸੇ ਭੇਦ-ਭਾਵ ਦੇ ਹੱਲ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਾਲ ਜ਼ਿਲ੍ਹਾ ਗੁਰਦਾਸਪੁਰ ਵਿੱਚ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿਹਤ, ਸਿੱਖਿਆ ਸਮੇਤ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਦੀ ਨਵੀਂ ਕ੍ਰਾਂਤੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਦਿੱਤੀ ਜਾ ਰਹੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਸਹੂਲਤ ਨੇ ਸੂਬਾ ਵਾਸੀਆਂ ਦੇ ਕਰੋੜਾਂ ਰੁਪਏ ਬਚਾਏ ਹਨ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ ਸਹੂਲਤ ਸਦਕਾ 90 ਫੀਸਦੀ ਤੋਂ ਵੱਧ ਘਰਾਂ ਦੇ ਜ਼ੀਰੋ ਬਿੱਲ ਆ ਰਹੇ ਹਨ ਅਤੇ ਲੋਕ ਬਿਜਲੀ ਬਿੱਲਾਂ ਦੀ ਉਹ ਰਾਸ਼ੀ ਆਪਣੇ ਬੱਚਿਆਂ ਤੇ ਪਰਿਵਾਰ ਦੀ ਬਿਹਤਰੀ ਲਈ ਖਰਚ ਕਰ ਰਹੇ ਹਨ।
ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਨਵੀਂ ਕ੍ਰਾਂਤੀ ਲਿਆਉਂਦਿਆਂ ਸਕੂਲ ਆਫ਼ ਐਮੀਂਨੈਂਸ ਸ਼ੁਰੂ ਕੀਤੇ ਗਏ ਹਨ। ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਵੱਡਾ ਸੁਧਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਮੀਲ ਪੱਥਰ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬਾ ਵਾਸੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹਨ।