ਚੋਣ ਆਬਜ਼ਰਵਰ ਅਮਿਤ ਸਰੀਨ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਮਾਈਕਰੋ ਆਬਜ਼ਰਵਰਾਂ ਨਾਲ ਮੀਟਿੰਗ
ਪੂਰੀ ਮੁਸਤੈਦੀ ਨਾਲ ਡਿਊਟੀ ਨਿਭਾਉਣ ਦੀ ਹਦਾਇਤ
ਅਸ਼ੋਕ ਵਰਮਾ
ਮਾਨਸਾ, 28 ਮਈ 2026:ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਤਹਿਤ ਪਈਆਂ ਵੋਟਾਂ ਦੀ ਗਿਣਤੀ 29 ਮਈ ਨੂੰ ਹੋਣ ਜਾ ਰਹੀ ਹੈ। ਇਸ ਸਬੰਧੀ ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਨਿਰਪੱਖ, ਪਾਰਦਰਸ਼ੀ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਗਏ ਚੋਣ ਆਬਜ਼ਰਵਰ ਸ਼੍ਰੀ ਅਮਿਤ ਸਰੀਨ (ਪੀ.ਸੀ.ਐੱਸ.) ਵੱਲੋਂ ਅੱਜ ਮਾਈਕਰੋ ਆਬਜ਼ਰਵਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਗਿਣਤੀ ਕੇਂਦਰਾਂ ਅੰਦਰ ਤਾਇਨਾਤ ਹੋਣ ਵਾਲੇ ਸਮੂਹ ਮਾਈਕਰੋ ਆਬਜ਼ਰਵਰਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਚੋਣ ਆਬਜ਼ਰਵਰ ਸ਼੍ਰੀ ਅਮਿਤ ਸਰੀਨ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਦਾ ਕਾਰਜ ਬੇਹੱਦ ਸੰਵੇਦਨਸ਼ੀਲ ਹੁੰਦਾ ਹੈ, ਇਸ ਲਈ ਸਮੂਹ ਅਧਿਕਾਰੀ ਅਤੇ ਕਰਮਚਾਰੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਦਿਆਂ ਆਪਣੀ ਡਿਊਟੀ ਪੂਰੀ ਮੁਸਤੈਦੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ।
ਉਨ੍ਹਾਂ ਸਪੱਸ਼ਟ ਕੀਤਾ ਕਿ ਗਿਣਤੀ ਦੌਰਾਨ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਈਕਰੋ ਆਬਜ਼ਰਵਰ ਗਿਣਤੀ ਕੇਂਦਰਾਂ ਦੇ ਅੰਦਰ ਚੋਣ ਕਮਿਸ਼ਨ ਦੀਆਂ ਅੱਖਾਂ ਅਤੇ ਕੰਨ ਵਜੋਂ ਕੰਮ ਕਰਦੇ ਹਨ। ਇਸ ਲਈ ਹਰੇਕ ਟੇਬਲ 'ਤੇ ਹੋ ਰਹੀ ਗਿਣਤੀ ਦੀ ਬਾਰੀਕੀ ਨਾਲ ਨਿਗਰਾਨੀ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਦੇ ਹਰ ਗੇੜ ਦੀ ਰਿਪੋਰਟ, ਨਿਰਧਾਰਿਤ ਪ੍ਰੋਫਾਰਮੇ ਅਨੁਸਾਰ ਤਿਆਰ ਕਰਕੇ ਤੁਰੰਤ ਉੱਚ ਅਧਿਕਾਰੀਆਂ ਨੂੰ ਸੌਂਪੀ ਜਾਵੇ।
ਸ਼੍ਰੀ ਸਰੀਨ ਨੇ ਅਖੀਰ ਵਿੱਚ ਸਮੂਹ ਮਾਈਕਰੋ ਆਬਜ਼ਰਵਰਾਂ ਨੂੰ ਹੱਲਾਸ਼ੇਰੀ ਦਿੰਦੇ ਹੋਏ ਕਿਹਾ ਕਿ ਲੋਕਤੰਤਰ ਦੀ ਇਸ ਅਹਿਮ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਵਿੱਚ ਹਰ ਇੱਕ ਕਰਮਚਾਰੀ ਦਾ ਯੋਗਦਾਨ ਵਡਮੁੱਲਾ ਹੈ। ਉਨ੍ਹਾਂ ਸਮੂਹ ਸਟਾਫ਼ ਨੂੰ ਸਮੇਂ ਸਿਰ ਗਿਣਤੀ ਕੇਂਦਰਾਂ 'ਤੇ ਪਹੁੰਚਣ ਦੀ ਹਦਾਇਤ ਵੀ ਕੀਤੀ।
- Download Babushahi App
-
-