ਜਨਗਣਨਾ-2027 ਲਈ ਸਵੈ-ਗਣਨਾ ਦੀ ਸ਼ੁਰੂਆਤ MP ਮਲਵਿੰਦਰ ਕੰਗ ਨੇ ਡਿਜੀਟਲ ਮੋਡ ਰਾਹੀਂ ਕੀਤੀ
ਡਿਪਟੀ ਕਮਿਸ਼ਨਰ ਤੇ ਵਧੀਕ ਡਿਪਟੀ ਕਮਿਸ਼ਨਰ ਨੇ ਸਵੈ-ਗਣਨਾ ਦੇ ਪੋਰਟਲ ਰਾਹੀਂ ਆਪਣੇ ਵੇਰਵੇ ਅਪਲੋਡ ਕੀਤੇ
ਮਨਪ੍ਰੀਤ ਸਿੰਘ / ਬਾਬੂਸ਼ਾਹੀ ਬਿਊਰੋ
ਰੂਪਨਗਰ, 30 ਅਪ੍ਰੈਲ:
ਜਨਗਣਨਾ-2027 ਲਈ ਪੋਰਟਲ http://se.census.gov.in ਤੇ ਸਵੈ-ਗਣਨਾ ਕਰਨ ਲਈ ਅੱਜ 30 ਅਪ੍ਰੈਲ 2026 ਤੋਂ ਸ਼ੁਰੂਆਤ ਹੋ ਗਈ ਹੈ ਤੇ ਇਹ ਪੋਰਟਲ 14 ਮਈ 2026 ਤੱਕ ਖੁੱਲ੍ਹਾ ਰਹੇਗਾ, ਜਿਸ ਰਾਹੀਂ ਨਾਗਰਿਕ ਆਪਣੇ ਘਰ ਬੈਠੇ ਹੀ ਆਪਣੇ ਅਤੇ ਆਪਣੇ ਪਰਿਵਾਰ ਦੀ ਜਾਣਕਾਰੀ ਆਨਲਾਈਨ ਦਰਜ ਕਰ ਸਕਣਗੇ।
ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਪਾਰਲੀਮੈਂਟ ਮੈਂਬਰ ਸ. ਮਲਵਿੰਦਰ ਸਿੰਘ ਕੰਗ ਵੱਲੋਂ ਆਪਣੇ ਰੂਪਨਗਰ ਕੈਂਪ ਦਫ਼ਤਰ ਤੋਂ ਆਪਣੀ ਜਾਣਕਾਰੀ ਭਰਦੇ ਹੋਏ ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਡਿਜੀਟਲ ਸਹੂਲਤ ਦਾ ਲਾਭ ਲੈਣ ਅਤੇ ਆਪਣੀ ਜਾਣਕਾਰੀ ਖੁਦ ਦਰਜ ਕਰਨ।
ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚੰਦਰਜਯੋਤੀ ਸਿੰਘ ਵੱਲੋਂ ਵੀ ਆਪਣੇ-ਆਪਣੇ ਦਫ਼ਤਰਾਂ ਤੋਂ ਸਵੈ-ਗਣਨਾ ਮੁਹਿੰਮ ਦੀ ਸ਼ੁਰੂਆਤ ਕਰਕੇ ਇਸ ਪ੍ਰਕਿਰਿਆ ਨੂੰ ਜ਼ਿਲ੍ਹੇ ਭਰ ਵਿੱਚ ਰਫ਼ਤਾਰ ਦਿੱਤੀ ਗਈ।
ਸੰਸਦ ਮੈਂਬਰ ਸ. ਕੰਗ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਜਨਗਣਨਾ ਦੀ ਪੂਰੀ ਪ੍ਰਕਿਰਿਆ ਡਿਜੀਟਲ ਮੋਡ ਰਾਹੀਂ ਕੀਤੀ ਜਾਵੇਗੀ, ਜਿਸ ਨਾਲ ਡਾਟਾ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣੇਗੀ। ਉਨ੍ਹਾਂ ਕਿਹਾ ਕਿ ਇਸ ਵਾਰ ਆਮ ਲੋਕਾਂ ਦੀ ਸਹੂਲਤ ਲਈ ਸਵੈ-ਗਣਨਾ ਦੀ ਵਿਸ਼ੇਸ਼ ਸਹੂਲਤ ਮੁਹੱਈਆ ਕਰਵਾਈ ਗਈ ਹੈ।
ਉਨ੍ਹਾਂ ਕਿਹਾ ਕਿ ਆਨਲਾਈਨ ਦਰਜੀਕਰਨ ਤੋਂ ਬਾਅਦ ਹਰ ਪਰਿਵਾਰ ਨੂੰ 11 ਅੰਕਾਂ ਦਾ ਐੱਸ.ਈ.ਆਈ.ਡੀ. (ਸਵੈ-ਗਣਨਾ ਆਈਡੀ) ਪ੍ਰਾਪਤ ਹੋਵੇਗਾ, ਜਿਸਨੂੰ ਸੰਭਾਲ ਕੇ ਰੱਖਣਾ ਜਰੂਰੀ ਹੋਵੇਗਾ ਤਾਂ ਜੋ ਗਿਣਤੀਕਾਰ ਵੱਲੋਂ ਘਰ ਦੌਰੇ ਦੌਰਾਨ ਉਸਦੀ ਪੁਸ਼ਟੀ ਕੀਤੀ ਜਾ ਸਕੇ।
ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 15 ਮਈ ਤੋਂ 13 ਜੂਨ 2026 ਤੱਕ ਗਿਣਤੀਕਾਰਾਂ ਵੱਲੋਂ ਫੀਲਡ ਸਰਵੇ ਕੀਤਾ ਜਾਵੇਗਾ। ਇਸ ਕਾਰਜ ਲਈ ਜ਼ਿਲ੍ਹੇ ਵਿੱਚ ਤਾਇਨਾਤ ਅਮਲੇ ਨੂੰ ਪਹਿਲਾਂ ਹੀ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਮੋਬਾਈਲ ਐਪ ਰਾਹੀਂ ਸਹੀ ਅਤੇ ਤੁਰੰਤ ਡਾਟਾ ਇਕੱਠਾ ਕਰ ਸਕਣ।
ਐਮਪੀ ਕੰਗ ਨੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਭਲਾਈ ਸਕੀਮਾਂ ਜਿਵੇਂ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਤੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਆਦਿ ਦਾ ਲਾਭ ਲੈਣ ਲਈ ਵੀ ਲੋਕਾਂ ਨੂੰ ਜਾਗਰੂਕ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਤੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੀ ਜ਼ਿਲ੍ਹੇ ਦੇਣਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਜਨਗਣਨਾ-2027 ਵਿੱਚ ਆਪਣਾ ਯੋਗਦਾਨ ਪਾਉਣ ਲਈ ਸਵੈ-ਗਣਨਾ ਪੋਰਟਲ ਦਾ ਵੱਧ ਤੋਂ ਵੱਧ ਉਪਯੋਗ ਕਰਨ। ਇਸਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ ਕਿ ਇਸ ਰਾਸ਼ਟਰੀ ਮਹੱਤਵ ਦੇ ਕਾਰਜ ਨੂੰ ਪੂਰੀ ਜ਼ਿੰਮੇਵਾਰੀ, ਪਾਰਦਰਸ਼ਤਾ ਅਤੇ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ, ਤਾਂ ਜੋ ਸਹੀ ਅਤੇ ਭਰੋਸੇਯੋਗ ਅੰਕੜੇ ਪ੍ਰਾਪਤ ਹੋ ਸਕਣ।
Click to Follow Babushahi Facebook page →