ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਬੀਤੀ ਸ਼ਾਮ ਤੱਕ 424225 ਮੀਟਰਿਕ ਟਨ ਖ਼ਰੀਦੀ - ਡਿਪਟੀ ਕਮਿਸ਼ਨਰ
ਬੀਤੀ ਸ਼ਾਮ ਤੱਕ ਕਿਸਾਨਾਂ ਨੂੰ 966.69 ਕਰੋੜ ਰੁਪਏ ਦੀ ਰਾਸ਼ੀ ਦਾ ਕੀਤਾ ਭੁਗਤਾਨ
ਰੋਹਿਤ ਗੁਪਤਾ
ਗੁਰਦਾਸਪੁਰ, 29 ਅਪ੍ਰੈਲ - ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 424225 ਮੀਟਰਿਕ ਟਨ ਕਣਕ ਖ਼ਰੀਦੀ ਜਾ ਚੁੱਕੀ ਹੈ। ਕਿਸਾਨਾਂ ਦੀ ਫ਼ਸਲ ਖ਼ਰੀਦਣ ਤੋਂ ਬਾਅਦ 24 ਘੰਟੇ ਦੇ ਅੰਦਰ-ਅੰਦਰ ਫ਼ਸਲ ਦੀ ਅਦਾਇਗੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ ਅਤੇ ਬੀਤੀ ਸ਼ਾਮ ਤੱਕ 966.69 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕਿਸਾਨਾਂ ਨੂੰ ਕੀਤਾ ਜਾ ਚੁੱਕਾ ਹੈ।
ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 455976 ਮੀਟਰਿਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿੱਚੋਂ 424225 ਮੀਟਰਿਕ ਟਨ ਕਣਕ ਖ਼ਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦ ਏਜੰਸੀ ਪਨਗਰੇਨ ਨੇ 122776 ਮੀਟਰਿਕ ਟਨ, ਮਾਰਕਫੈੱਡ ਨੇ 117094 ਮੀਟਰਿਕ ਟਨ, ਪਨਸਪ ਨੇ 100486 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 63675 ਮੀਟਰਿਕ ਟਨ ਅਤੇ ਐੱਫ਼.ਸੀ.ਆਈ. ਨੇ 17652 ਮੀਟਰਿਕ ਟਨ ਕਣਕ ਖ਼ਰੀਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਖ਼ਰੀਦੀ ਗਈ ਕਣਕ ਦੀ ਅਦਾਇਗੀ ਵੀ ਨਾਲ ਦੀ ਨਾਲ ਕੀਤੀ ਜਾ ਰਹੀ ਹੈ ਅਤੇ ਬੀਤੀ ਸ਼ਾਮ ਤੱਕ 966.69 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੀਤਾ ਜਾ ਚੁੱਕਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੀਤੇ ਕੁਝ ਦਿਨਾਂ ਵਿੱਚ ਮੰਡੀਆਂ ਵਿੱਚ ਕਣਕ ਦੀ ਫ਼ਸਲ ਦੀ ਬਹੁਤ ਜ਼ਿਆਦਾ ਆਮਦ ਸੀ ਅਤੇ ਖ਼ਰੀਦ ਏਜੰਸੀਆਂ ਵੱਲੋਂ ਨਾਲ ਦੀ ਨਾਲ ਹੀ ਕਿਸਾਨਾਂ ਦੀ ਫ਼ਸਲ ਨੂੰ ਖ਼ਰੀਦ ਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕਰ ਦਿੱਤੀ ਗਈ ਹੈ ਕਿ ਹੁਣ ਪੂਰੀ ਤੇਜ਼ੀ ਨਾਲ ਮੰਡੀਆਂ ਵਿੱਚੋਂ ਕਣਕ ਦੀ ਲਿਫ਼ਟਿੰਗ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ 149185 ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅੱਜ ਸਵੇਰ ਤੋਂ ਹੀ ਲਿਫ਼ਟਿੰਗ ਦਾ ਕੰਮ ਤੇਜ਼ੀ ਨਾਲ ਜਾਰੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵਾਰ ਜ਼ਿਲ੍ਹੇ ਵਿੱਚ ਕਣਕ ਦੀ ਖ਼ਰੀਦ ਲਈ 92 ਮੰਡੀਆਂ ਬਣਾਈਆਂ ਗਈਆਂ ਹਨ, ਜਦਕਿ 2 ਆਰਜ਼ੀ ਖ਼ਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਅਤੇ ਲਿਫ਼ਟਿੰਗ ਨਿਰਵਿਘਨ ਚੱਲ ਰਹੀ ਹੈ।