ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਲਈ ਬਠਿੰਡਾ ਸਾਈਕਲਿੰਗ ਗਰੁੱਪ ਦੇ ਸਹਿਯੋਗ ਨਾਲ ਕੱਢੀ ਰੈਲੀ
ਅਸ਼ੋਕ ਵਰਮਾ
ਬਠਿੰਡਾ, 13 ਜਨਵਰੀ 2026 : ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਨਵਰੀ ਦਾ ਪੂਰਾ ਮਹੀਨਾ ਚਲਾਈ ਜਾਣ ਵਾਲੀ ਸਪੈਸ਼ਲ ਮੁਹਿੰਮ ਨੈਸ਼ਨਲ ਸੇਫਟੀ ਦੇ ਮੱਦੇਨਜ਼ਰ ਬਠਿੰਡਾ ਸਾਈਕਲਿੰਗ ਗਰੁੱਪ ਦੇ ਸਹਿਯੋਗ ਨਾਲ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਸਾਈਕਲ ਰੈਲੀ ਕੱਢੀ ਗਈ। ਇਹ ਰੈਲੀ ਫੌਜੀ ਚੌਂਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਥਾਵਾਂ ਤੋਂ ਹੁੰਦੀ ਹੋਈ ਰੋਜ ਗਾਰਡਨ ਵਿਖੇ ਸਮਾਪਤ ਹੋਈ।
ਇਸ ਮੌਕੇ ਰਿਜਨਲ ਟਰਾਂਸਪੋਰਟ ਅਫਸਰ ਸ੍ਰੀ ਪੁਨੀਤ ਸ਼ਰਮਾ ਨੇ ਕਿਹਾ ਕਿ ਟ੍ਰੈਫਿਕ ਨਿਯਮਾਂ ਦੇ ਪਾਲਣਾ ਕਰਕੇ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਡਰਾਈਵਿੰਗ ਕਰਨ ਮੌਕੇ ਸੀਟ ਬੈਲਟ ਨਾ ਲਗਾਉਣ, ਵਹੀਕਲ ਚਲਾਉਣ ਸਮੇਂ ਮੋਬਾਈਲ ਦੀ ਵਰਤੋਂ, ਓਵਰ ਸਪੀਡ, ਹੈਲਮਟ ਨਾ ਪਹਿਨਣ, ਰੈੱਡ ਲਾਈਟ ਦੀ ਉਲੰਘਣਾ ਕਰਨ ਅਤੇ ਸ਼ਰਾਬ ਪੀ ਕੇ ਵਹੀਕਲ ਚਲਾਉਣ ਵਰਗੀਆਂ ਉਲੰਘਣਾਂ ਤੋਂ ਗੁਰੇਜ਼ ਕੀਤਾ ਜਾਵੇ।
ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਸਕੂਲਾਂ ਵਿੱਚ ਬੱਚਿਆਂ ਨੂੰ ਟਰੈਫਿਕ ਨਿਯਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ, ਤਾਂ ਜੋ ਉਹ ਸੜਕ ਸੁਰੱਖਿਆ ਪ੍ਰਤੀ ਜਾਗਰੂਕ ਹੋ ਕੇ ਨਿਯਮਾਂ ਦੀ ਪਾਲਣਾ ਕਰਨ।
ਉਨ੍ਹਾਂ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਮੌਜੂਦਾ ਧੁੰਦ ਦੇ ਮੌਸਮ ਕਾਰਨ ਦ੍ਰਿਸ਼ਟਤਾ ਘੱਟ ਹੋ ਜਾਂਦੀ ਹੈ, ਜਿਸ ਨਾਲ ਸੜਕ ਹਾਦਸਿਆਂ ਦਾ ਖਤਰਾ ਵੱਧ ਜਾਂਦਾ ਹੈ। ਇਸ ਲਈ ਦੋ ਪਹੀਆ, ਤਿੰਨ ਪਹੀਆ ਅਤੇ ਚਾਰ ਪਹੀਆ ਵਾਹਨਾਂ ਉੱਤੇ ਲਾਜ਼ਮੀ ਤੌਰ ‘ਤੇ ਰੀਫਲੈਕਟਰ ਲਗਾਏ ਜਾਣ ਤਾਂ ਜੋ ਰਾਤ ਸਮੇਂ ਅਤੇ ਧੁੰਦ ਦੌਰਾਨ ਵਾਹਨ ਦੂਰੋਂ ਹੀ ਸਪਸ਼ਟ ਦਿੱਖ ਸਕਣ। ਉਨ੍ਹਾਂ ਕਿਹਾ ਕਿ ਰੀਫਲੈਕਟਰ ਲਗਾਉਣਾ ਸਿਰਫ ਕਾਨੂੰਨੀ ਜ਼ਰੂਰਤ ਹੀ ਨਹੀਂ, ਸਗੋਂ ਆਪਣੀ ਅਤੇ ਹੋਰਨਾਂ ਦੀ ਜਾਨ ਦੀ ਸੁਰੱਖਿਆ ਲਈ ਵੀ ਬਹੁਤ ਜ਼ਰੂਰੀ ਹੈ।
ਇਸ ਮੌਕੇ ਬਠਿੰਡਾ ਸਾਈਕਲਿੰਗ ਗਰੁੱਪ ਦੇ ਮੈਂਬਰ ਆਦਿ ਹਾਜ਼ਰ ਸਨ।